ਪਾਕਿਸਤਾਨ ਕਸ਼ਮੀਰ ਦੇ ਲੋਕਾਂ ਨੂੰ ਭੜਕਾ ਰਿਹੈ : ਰਾਜਨਾਥ

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਅੱਤਵਾਦ ਵਿਰੁੱਧ ਜੰਗ ਜਾਰੀ ਰਹੇਗੀ, ਪਰ ਬੇਕਸੂਰਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਰਾਜ ਸਭਾ 'ਚ ਕਸ਼ਮੀਰ ਦੀ ਸਥਿਤੀ ਬਾਰੇ ਆਪਣੇ ਬਿਆਨ 'ਚ ਗ੍ਰਹਿ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰ ਦੇ ਨੌਜੁਆਨਾਂ ਨੂੰ ਭੜਕਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਨਾਂਅ ਪਾਕਿ ਹੈ ਪਰ ਹਰਕਤਾਂ ਨਾਪਾਕ ਹਨ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਕਸ਼ਮੀਰ ਬਾਰੇ ਕੋਈ ਵੀ ਫ਼ੈਸਲਾ ਸਾਰੀਆਂ ਧਿਰਾਂ ਨੂੰ ਭਰੋਸੇ 'ਚ ਲੈ ਕੇ ਕੀਤਾ ਜਾਵੇਗਾ।
ਉਨ੍ਹਾ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਸ਼ਮੀਰ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਨੌਜੁਆਨਾਂ ਨੂੰ ਹਕੀਕਤ ਤੋਂ ਜਾਣੂ ਕਰਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਸਰਕਾਰ ਕਸ਼ਮੀਰ ਬਾਰੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਗੱਲ ਕਰੇਗੀ। ਉਨ੍ਹਾ ਕਿਹਾ ਕਿ ਜਮਹੂਰੀਅਤ 'ਚ ਇਨਸਾਨੀਅਤ ਹੀ ਸਭ ਕੁਝ ਹੈ ਅਤੇ ਇਸ 'ਚ ਹੈਵਾਨੀਅਤ ਲਈ ਕੋਈ ਥਾਂ ਨਹੀਂ ਹੈ।
ਉਨ੍ਹਾ ਕਿਹਾ ਕਿ ਭਾਰਤ ਕਿਸੇ ਇੱਕ ਪਾਰਟੀ ਦਾ ਨਹੀਂ ਸਗੋਂ ਸਾਡਾ ਸਾਰਿਆਂ ਦਾ ਹੈ ਅਤੇ ਇਸ ਲਈ ਕੰਮ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ।
ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰ ਕਸ਼ਮੀਰ ਹਿੰਸਾ ਪ੍ਰਤੀ ਗੰਭੀਰ ਸੀ, ਜਿੱਥੇ ਉਹ ਰੋਜ਼ਾਨਾ ਸਥਿਤੀ ਬਾਰੇ ਅਧਿਕਾਰੀਆਂ ਨਾਲ ਗੱਲ ਕਰਦੇ ਰਹੇ, ਉਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਦੌਰੇ ਤੋਂ ਵਾਪਸ ਆਉਦਿਆਂ ਹੀ ਕਸ਼ਮੀਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਕਿਸੇ ਬੇਕਸੂਰ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਤੋਂ ਪਹਿਲਾਂ ਕਸ਼ਮੀਰ ਵਾਦੀ 'ਚ ਪਿਛਲੇ ਦਿਨਾਂ ਤੋਂ ਜਾਰੀ ਹਿੰਸਾ ਬਾਰੇ ਕਾਂਗਰਸ ਆਗੂ ਗੁਲਾਮ ਨਬੀ ਅਜ਼ਾਦ ਦੇ ਬਿਆਨ ਦੇ ਜੁਆਬ 'ਚ ਖ਼ਜ਼ਾਨਾ ਮੰਤਰੀ ਅਰੁਣ ਜੇਤਲੀ ਨੇ ਰਾਜ ਸਭਾ 'ਚ ਕਿਹਾ ਕਿ ਪੀ ਡੀ ਪੀ ਨਾਲ ਭਾਜਪਾ ਗੱਠਜੋੜ ਹਿੰਸਾ ਦਾ ਕਾਰਨ ਨਹੀਂ ਹੈ।
ਜੇਤਲੀ ਨੇ ਕਿਹਾ ਕਿ ਕਸ਼ਮੀਰ ਇੱਕ ਕੌਮੀ ਸਮੱਸਿਆ ਹੈ ਅਤੇ ਕਸ਼ਮੀਰ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਸਮੁੱਚੇ ਦੇਸ਼ ਨੂੰ ਮਿਲ ਕੇ ਕਸ਼ਮੀਰ ਮਸਲੇ ਦੇ ਹੱਲ ਲਈ ਯਤਨ ਕਰਨਾ ਚਾਹੀਦਾ ਹੈ। ਕਸ਼ਮੀਰ ਹਿੰਸਾ ਲਈ ਪਾਕਿਸਤਾਨ ਨੂੰ ਦੋਸ਼ੀ ਠਹਿਰਾਉਂਦਿਆਂ ਜੇਤਲੀ ਨੇ ਕਿਹਾ ਕਿ ਤਿੰਨ ਜੰਗਾਂ ਹਾਰ ਜਾਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਵਿਰੁੱਧ ਅਸਿੱਧੀ ਲੜਾਈ ਲਈ ਅੱਤਵਾਦ ਦਾ ਸਹਾਰਾ ਲਿਆ। ਉਨ੍ਹਾ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ 'ਚ ਦਖ਼ਲ-ਅੰਦਾਜ਼ੀ ਛੱਡ ਕੇ ਆਪਣੇ ਲੋਕਾਂ ਦੇ ਹਿੱਤਾਂ ਦੀ ਚਿੰਤਾ ਕਰਨੀ ਚਾਹੀਦੀ ਹੈ।