ਸਮਾਜ ਦਾ ਧਰੁਵੀਕਰਨ ਕਰ ਰਹੀ ਹੈ ਮੋਦੀ ਸਰਕਾਰ : ਸੋਨੀਆ ਗਾਂਧੀ

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇੱਕ ਵਾਰੀ ਫੇਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਸੰਸਦੀ ਦਲ ਦੀ ਮੀਟਿੰਗ ਵਿੱਚ ਬੁੱਧਵਾਰ ਨੂੰ ਸੋਨੀਆ ਗਾਂਧੀ ਨੇ ਕਿਹਾ ਹੈ ਕਿ ਮੋਦੀ ਸਰਕਾਰ ਸੰਸਥਾਵਾਂ ਨੂੰ ਅਸਥਿਰ ਕਰ ਰਹੀ ਹੈ ਅਤੇ ਸਮਾਜ ਦਾ ਧਰੁਵੀਕਰਨ ਕਰ ਰਹੀ ਹੈ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਦੇ ਸੰਸਦੀ ਬਹੁਮਤ ਨੂੰ ਲੋਕਾਂ 'ਤੇ ਸੌੜੀ ਵਿਚਾਰਧਾਰਾ ਦਾ ਲਸੰਸ ਸਮਝ ਲਿਆ ਹੈ। ਉਨ੍ਹਾ ਕਿਹਾ ਕਿ ਕਸ਼ਮੀਰ ਦੀਆਂ ਹਾਲ ਹੀ ਦੀਆਂ ਘਟਨਾਵਾਂ ਦੇਸ਼ ਲਈ ਗੰਭੀਰ ਖਤਰਾ ਹਨ। ਪਿਛਲੇ ਦਿਨੀਂ ਅਰੁਣਾਂਚਲ ਅਤੇ ਉੱਤਰਾਖੰਡ ਦੇ ਮੁੱਦੇ 'ਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲਿਆਂ ਦਾ ਜ਼ਿਕਰ ਕਰਦਿਆਂ ਕਾਂਗਰਸ ਪ੍ਰਧਾਨ ਨੇ ਮੋਦੀ ਸਰਕਾਰ ਉਪਰ ਦੋਸ਼ ਲਾਇਆ ਸੀ ਕਿ ਸੱਤਾ ਦੇ ਲਾਲਚ ਵਿੱਚ ਲੋਕਾਂ ਦੇ ਫਤਵੇ ਦਾ ਅਨਾਦਰ ਕੀਤਾ ਜਾ ਰਿਹਾ ਹੈ ਅਤੇ ਚੁਣੀਆਂ ਹੋਈਆਂ ਸਰਕਾਰਾਂ ਡੇਗਣ ਲਈ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਸੁਪਰੀਮ ਕੋਰਟ ਵੱਲੋਂ ਅਰੁਣਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਹਾਲ ਕੀਤੇ ਜਾਣ ਦੇ ਇੱਕ ਦਿਨ ਬਾਅਦ ਸੋਨੀਆ ਗਾਂਧੀ ਨੇ ਕਿਹਾ ਸੀ ਕਿ ਸੱਤਾ ਦੇ ਲਾਲਚ ਵਿੱਚ ਮੌਜੂਦਾ ਸਰਕਾਰ ਨੇ ਸੰਵਿਧਾਨ ਦੀਆਂ ਧੱਜੀਆਂ ਉਡ ਦਿੱਤੀਆਂ ਹਨ ਅਤੇ ਅਰੁਣਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਡੇਗਣ ਦਾ ਯਤਨ ਕੀਤਾ ਹੈ।