ਅਮਰਿੰਦਰ ਨੇ ਇੰਦਰਾ ਦਾ ਸਮੱਰਥਨ ਕਿਉਂ ਕੀਤਾ ਸੀ : ਢੀਂਡਸਾ


ਚੰਡੀਗੜ੍ਹ (ਕ੍ਰਿਸ਼ਨ ਗਰਗ)
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਉਸ ਨੇ ਐਸ ਵਾਈ ਐਲ ਬਣਾਉਣ ਦੇ ਮੁੱਦੇ 'ਤੇ ਇੰਦਰਾ ਗਾਂਧੀ ਦਾ ਸਮੱਰਥਨ ਕਰਕੇ ਪੰਜਾਬ ਦੇ ਇਤਿਹਾਸ ਵਿਚ ਕਾਲਾ ਅਧਿਆਏ ਕਿਉਂ ਲਿਖਿਆ ਸੀ।
ਇੱਥੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਉਨ੍ਹਾਂ ਕਾਂਗਰਸੀ ਆਗੂਆਂ ਵਿਚੋਂ ਇਕ ਹ,ੈ ਜਿਸ ਨੇ ਸੂਬੇ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਐਸ ਵਾਈ ਐਲ ਬਣਾਉਣ ਦੇ ਫੈਸਲੇ ਦਾ ਅਖਬਾਰਾਂ ਵਿਚ ਇਸ਼ਤਿਹਾਰ ਦੇ ਕੇ ਸਵਾਗਤ ਕੀਤਾ ਸੀ ਅਤੇ ਨਹਿਰ ਦੇ ਉਦਘਾਟਨ ਸਮਾਗਮ ਵਿਚ ਵੀ ਸ਼ਾਮਲ ਹੋਇਆ ਸੀ।
ਸ. ਢੀਂਡਸਾ ਨੇ ਕਿਹਾ ਕਿ ਪੰਜਾਬੀਆਂ ਨੂੰ ਧੋਖਾ ਦੇ ਕੇ ਹੁਣ ਇਸ ਮੁੱਦੇ 'ਤੇ ਅਮਰਿੰਦਰ ਮਗਰਮੱਛੀ ਹੰਝੂ ਨਾ ਵਹਾਵੇ। ਉਨ੍ਹਾਂ ਕਿਹਾ ਕਿ ਘਟੀਆ ਸਿਆਸਤ ਕਰਕੇ ਕੈਪਟਨ ਆਪਣੇ ਗੁਨਾਹਾਂ ਨੂੰ ਮਿਟਾ ਨਹੀਂ ਸਕਦਾ ਅਤੇ ਉਸ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਦੇ ਹਿੱਤਾਂ 'ਤੇ ਡਾਕਾ ਮਾਰਨ ਵਾਲੇ ਫੈਸਲੇ ਦਾ ਕੈਪਟਨ ਨੇ ਸਵਾਗਤ ਕਿਉਂ ਕੀਤਾ ਸੀ, ਜਿਸ ਰਾਹੀਂ ਕਿ ਕਾਨੂੰਨ ਦੀ ਉਲੰਘਣਾ ਕਰਕੇ ਪੰਜਾਬ ਦੇ ਦਰਿਆਈ ਪਾਣੀ ਦੂਜੇ ਸੂਬਿਆਂ ਨੂੰ ਦਿੱਤੇ ਜਾਣੇ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪੱਖ ਨੂੰ ਦੋਹਰਾਉਂਦਿਆਂ ਸ. ਢੀਂਡਸਾ ਨੇ ਕਿਹਾ ਕਿ ਹਰ ਹਾਲਤ ਵਿਚ ਪੰਜਾਬ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਿਆ ਜਾਵੇਗਾ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਪੰਜਾਬ ਦੇ ਪਾਣੀ ਦੀ ਵੰਡ ਕਰਨ ਦੇ ਮਨਸੂਬਿਆਂ ਵਿਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੀ ਕਰ ਚੁੱਕੇ ਹਨ, ਜਿਨ੍ਹਾਂ ਨੇ ਵਿਧਾਨ ਸਭਾ ਵਿਚ ਸਰਬ-ਸੰਮਤੀ ਨਾਲ ਮਤਾ ਪਾਸ ਕਰਵਾ ਕੇ ਐਸ ਵਾਈ ਐਲ ਦੀ ਜ਼ਮੀਨ ਕਿਸਾਨਾਂ ਨੂੰ ਮੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ ਪਾਣੀਆਂ ਦੀ ਰਾਖੀ ਲਈ ਕਿਸੇ ਵੀ ਪ੍ਰਕਾਰ ਦੀ ਕੁਰਬਾਨੀ ਕਰਨ ਲਈ ਤਿਆਰ ਹੈ ਅਤੇ ਨਹਿਰ ਨੂੰ ਕਿਸੇ ਵੀ ਹਾਲਤ ਵਿਚ ਬਣਨ ਨਹੀਂ ਦਿੱਤਾ ਜਾਵੇਗਾ, ਕਿਉਂ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਤੁਪਕਾ ਵੀ ਵਾਧੂ ਪਾਣੀ ਨਹੀਂ ਹੈ।