ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਨਹੀਂ : ਸ਼ਰੀਫ

ਇਸਲਾਮਾਬਾਦ
(ਨਵਾਂ ਜ਼ਮਾਨਾ ਸਰਵਿਸ)
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਭਾਰਤ ਵਿਰੋਧੀ ਬਿਆਨਬਾਜ਼ੀ ਲਗਾਤਾਰ ਜਾਰੀ ਹੈ। ਅੱਜ ਉਨ੍ਹਾ ਕਿਹਾ ਕਿ ਕਸ਼ਮੀਰ ਦੇ ਪੀੜਤ ਲੋਕਾਂ ਦੀ ਆਵਾਜ਼ ਬਣਨਾ ਉਸ ਦੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਉਹ ਕਸ਼ਮੀਰ ਵਾਦੀ ਦੇ ਲੋਕਾਂ ਦੀ ਹਾਲਤ ਬਾਰੇ ਦੁਨੀਆ ਨੂੰ ਸਮਝਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਸ਼ਰੀਫ ਨੇ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਦੀ ਤਿਆਰੀ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਿਦੇਸ਼ ਮਾਮਲਿਆਂ ਬਾਰੇ ਉਨ੍ਹਾ ਦੇ ਸਲਾਹਕਾਰ ਸਰਤਾਜ ਅਜ਼ੀਜ਼ ਵਿਦੇਸ਼ ਮਾਮਲਿਆਂ 'ਤੇ ਵਿਸ਼ੇਸ਼ ਸਹਾਇਕ ਤਾਰਿਕ ਫਾਤਮੀ, ਵਿਦੇਸ਼ ਸਕੱਤਰ ਐਜਾਜ਼ ਅਹਿਮਦ ਚੌਧਰੀ, ਸੰਯੁਕਤ ਰਾਸ਼ਟਰ 'ਚ ਪਾਕਿਸਤਾਨ ਦੀ ਸਥਾਈ ਪ੍ਰਤੀਨਿਧ ਮਲੀਹਾ ਲੋਧੀ ਅਤੇ ਅਮਰੀਕਾ 'ਚ ਪਾਕਿਸਤਾਨ ਦੇ ਰਾਜਦੂਤ ਜਲੀਲ ਅਬਾਸ ਜਿਲਾਨੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਨਵਾਜ਼ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ 'ਚ ਉਨ੍ਹਾ ਕਸ਼ਮੀਰੀਆਂ ਦੀ ਆਵਾਜ਼ ਬਣਨਾ ਮੇਰਾ ਫਰਜ਼ ਹੈ, ਜਿਨ੍ਹਾਂ 'ਤੇ ਕਸ਼ਮੀਰ 'ਚ ਅੱਤਿਆਚਾਰ ਕੀਤਾ ਗਿਆ ਹੈ ਅਤੇ ਮੈਂ ਕਸ਼ਮੀਰ ਦੇ ਲੋਕਾਂ ਦੀ ਸਥਿਤੀ ਅਤੇ ਉਨ੍ਹਾ ਦੇ ਜਾਇਜ਼ ਸੰਘਰਸ਼ ਬਾਰੇ ਦੁਨੀਆ ਨੂੰ ਸਮਝਾਉਣ 'ਚ ਕੋਈ ਕਸਰ ਨਹੀਂ ਛੱਡਾਂਗਾ। ਉਨ੍ਹਾ ਕਿਹਾ ਕਿ ਕਸ਼ਮੀਰੀਆਂ ਨੂੰ ਆਤਮ ਨਿਰਣੇ ਦੇ ਅਧਿਕਾਰ ਤੋਂ ਇਨਕਾਰ ਸੰਯੁਕਤ ਰਾਸ਼ਟਰ ਦੀ ਵੱਡੀ ਨਾਕਾਮੀ ਹੈ।
ਉਨ੍ਹਾ ਕਿਹਾ ਕਿ ਕਸ਼ਮੀਰ ਸੰਯੁਕਤ ਰਾਸ਼ਟਰ ਦਾ ਅਧੂਰਾ ਏਜੰਡਾ ਹੈ ਅਤੇ ਭਾਰਤ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਕਸ਼ਮੀਰ ਉਸ ਦਾ ਅੰਦਰੂਨੀ ਮਾਮਲਾ ਨਹੀਂ ਹੈ, ਸਗੋਂ ਉਹ ਖੇਤਰੀ ਅਤੇ ਕੌਮਾਂਤਰੀ ਚਿੰਤਾ ਦਾ ਵਿਸ਼ਾ ਹੈ। ਸ਼ਰੀਫ ਨੇ ਕਿਹਾ ਕਿ ਆਤਮ ਨਿਰਣੇ ਦਾ ਅਧਿਕਾਰ ਕਸ਼ਮੀਰੀਆਂ ਦਾ ਮੂਲ ਅਧਿਕਾਰ ਹੈ ਅਤੇ ਪਾਕਿਸਤਾਨ ਕਸ਼ਮੀਰੀਆਂ ਨੂੰ ਇਹ ਅਧਿਕਾਰ ਦੁਆਉਣ ਲਈ ਹਰ ਸੰਭਵ ਯਤਨ ਕਰਦਾ ਰਹੇਗਾ।