ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ 25 ਪੁਲਸ ਮੁਲਾਜ਼ਮ ਮੁਅੱਤਲ ਮਰਨ ਵਾਲਿਆਂ ਦੀ ਗਿਣਤੀ 18 ਤੱਕ ਪੁੱਜੀ

ਪਟਨਾ (ਨਵਾਂ ਜ਼ਮਾਨਾ ਸਰਵਿਸ)-ਬਿਹਾਰ ਸਰਕਾਰ ਨੇ ਗੋਪਾਲਗੰਜ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਸੰਬੰਧਤ ਪੁਲਸ ਠਾਣੇ ਦੇ ਇੰਸਪੈਕਟਰ ਸਣੇ 25 ਪੁਲਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ। ਬਿਹਾਰ ਦੇ ਸੂਬਾ ਪੁਲਸ ਮੁਖੀ ਪੀ ਕੇ ਠਾਕੁਰ ਨੇ ਪਟਨਾ ਵਿੱਚ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ 14 ਵਿਅਕਤੀਆਂ ਵਿਰੁੱਧ ਦੋ ਵੱਖ-ਵੱਖ ਪਰਚੇ ਦਰਜ ਕੀਤੇ ਗਏ ਹਨ। ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 18 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਜ਼ਹਿਰੀਲੀ ਸ਼ਰਾਬ ਵਿੱਚ ਕਿਸ ਰਸਾਇਣ ਦੀ ਮਿਲਾਵਟ ਕੀਤੀ ਗਈ ਸੀ। ਇਸ ਮਾਮਲੇ ਸੰਬੰਧੀ ਹੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਮੁੱਖ ਦੋਸ਼ੀ ਨਗੀਨਾ ਪਾਸੀ ਅਜੇ ਵੀ ਫਰਾਰ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਇਸ ਘਟਨਾ ਉੱਪਰ ਪਰਦਾ ਪਾਉਣ ਦੀ ਕੋਸ਼ਿਸ਼ ਕਰੇਗੀ ਤੇ ਨਾ ਹੀ ਇਸ ਮਾਮਲੇ ਨੂੰ ਰਫ਼ਾ-ਦਫ਼ਾ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਸੂਰਵਾਰ ਨੂੰ ਬਖਸ਼ਿਆ ਨਹੀਂ ਜਾਵੇਗਾ।