Latest News
ਚੰਡੀਗੜ੍ਹ 'ਤੇ ਕੇਵਲ ਪੰਜਾਬ ਦਾ ਹੱਕ : ਬਾਦਲ

Published on 20 Aug, 2016 11:02 AM.


ਲੌਂਗੋਵਾਲ/ਸੰਗਰੂਰ (ਪ੍ਰਵੀਨ ਸਿੰਘ)
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਮੁੜ ਦੁਹਰਾਇਆ ਕਿ ਚੰਡੀਗੜ੍ਹ 'ਤੇ ਕੇਵਲ ਅਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕਾਂਗਰਸ ਪਾਰਟੀ ਨੇ ਸੂਬੇ ਨਾਲ ਵੱਡਾ ਵਿਤਕਰਾ ਕਰਦੇ ਹੋਏ ਇਸ ਨੂੰ ਸੂਬੇ ਤੋਂ ਖੋਹਿਆ ਹੈ। ਇਥੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 31ਵੀਂ ਬਰਸੀ ਮੌਕੇ ਕਰਵਾਏ ਗਏ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਕਿਤੇ ਵੀ ਹੋਰ ਅਜਿਹੀ ਮਿਸਾਲ ਨਹੀਂ ਹੈ, ਜਿਥੇ ਕਿਸੇ ਸੂਬੇ ਨੂੰ ਉਸ ਦੀ ਰਾਜਧਾਨੀ ਤੋਂ ਬੇਮੁੱਖ ਕੀਤਾ ਗਿਆ ਹੋਵੇ, ਪਰ ਉਨ੍ਹਾਂ ਕਿਹਾ ਕਿ ਪੰਜਾਬ ਨਾਲ ਇੱਕ ਵੱਡੀ ਜ਼ਿਆਦਤੀ ਕਰਦਿਆਂ ਕੇਂਦਰ ਸਰਕਾਰ ਨੇ ਚੰਡੀਗੜ੍ਹ ਪੰਜਾਬ ਨੂੰ ਨਹੀਂ ਦਿੱਤਾ, ਜਦਕਿ 1980 ਦੇ ਦਹਾਕੇ ਵਿੱਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਨੇ ਇਸ ਸੰਬੰਧੀ ਲੋਕ ਸਭਾ ਵਿੱਚ ਐਲਾਨ ਵੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਇਹੀ ਨਹੀਂ, ਬਲਕਿ ਸੂਬੇ ਨੂੰ ਪੰਜਾਬੀ ਬੋਲਦੇ ਇਲਾਕਿਆਂ ਅਤੇ ਪਾਣੀਆਂ 'ਤੇ ਬਣਦੇ ਉਸ ਦੇ ਹੱਕ ਤੋਂ ਵੀ ਵਾਂਝਿਆ ਰੱਖਿਆ ਗਿਆ ਹੈ। ਸ. ਬਾਦਲ ਨੇ ਕਿਹਾ ਕਿ ਚੰਡੀਗੜ੍ਹ 'ਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਇਸ ਨੂੰ ਝੁਠਲਾ ਨਹੀਂ ਸਕਦਾ।
ਭਾਰਤੀ ਉਲੰਪਿਕ ਖਿਡਾਰਨਾਂ ਪੀ.ਵੀ ਸਿੰਧੂ ਅਤੇ ਸਾਕਸ਼ੀ ਮਲਿਕ ਵੱਲੋਂ ਦੇਸ਼ ਲਈ ਲਿਆਏ ਗਏ ਮੈਡਲਾਂ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਖਿਡਾਰਨਾਂ ਨੇ ਦੇਸ਼ ਦਾ ਸਿਰ ਫ਼ਖ਼ਰ ਨਾਲ ਉੱਚਾ ਕੀਤਾ ਹੈ, ਪਰ ਉਨ੍ਹਾ ਕਿਹਾ ਕਿ ਹੁਣ ਲੋੜ ਹੈ ਕਿ ਅਸੀਂ ਇਹ ਦੇਖੀਏ ਕਿ ਏਨਾ ਵੱਡਾ ਮੁਲਕ ਹੋਣ ਦੇ ਬਾਵਜੂਦ ਸਾਡੇ ਵਿੱਚ ਮੈਡਲਾਂ ਦੀ ਘਾਟ ਕਿਉਂ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਛੋਟੀ ਉਮਰ ਤੋਂ ਹੀ ਖਿਡਾਰੀਆਂ ਲਈ ਖਾਸ ਸਿਖਲਾਈ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸਾਡੇ ਖਿਡਾਰੀ ਅੰਤਰ ਰਾਸ਼ਟਰੀ ਖੇਡਾਂ ਵਿੱਚ ਮੱਲਾਂ ਮਾਰ ਸਕਣ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਐੱਮ.ਐੱਲ.ਏ ਡਾ. ਨਵਜੋਤ ਕੌਰ ਸਿੱਧੂ ਉਨ੍ਹਾਂ ਦੀ ਧੀ ਵਾਂਗ ਹੈ ਅਤੇ ਉਨ੍ਹਾਂ ਵੱਲੋਂ ਸਿਆਸੀ ਦਖਲ-ਅੰਦਾਜ਼ੀ ਕਾਰਨ ਕੰਮ ਨਾ ਹੋਣ ਦੇ ਲਾਏ ਗਏ ਇਲਜ਼ਾਮ ਪੂਰੀ ਤਰ੍ਹਾਂ ਨਾਲ ਬੇਬੁਨਿਆਦ ਹਨ। ਇਸ ਤੋਂ ਪਹਿਲਾਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਨੂੰ ਸੰਤ ਲੌਂਗੋਵਾਲ ਦੀ ਸ਼ਹੀਦੀ ਲਈ ਜ਼ਿਮੇਵਾਰ ਠਹਿਰਾਉਂਦਿਆਂ ਕਿਹਾ ਕਿ ਕਾਂਗਰਸ ਵੱਲੋਂ ਰਾਜੀਵ-ਲੌਂਗੋਵਾਲ ਸਮਝੌਤਾ ਲਾਗੂ ਨਾ ਕਰਨ ਕਾਰਨ ਇਹ ਘਟਨਾਕ੍ਰਮ ਵਾਪਰਿਆ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਲੌਂਗੋਵਾਲ ਨੇ ਸੂਬੇ ਦੀ ਅਮਨ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਲਈ ਆਪਣਾ ਬਲਿਦਾਨ ਦਿੱਤਾ ਅਤੇ ਸੂਬਾ ਸਰਕਾਰ ਹਰ ਹਾਲ ਵਿੱਚ ਇਨ੍ਹਾਂ ਅਸੂਲਾਂ 'ਤੇ ਪਹਿਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਨੂੰ ਪਾੜੋ ਤੇ ਰਾਜ ਕਰੋ ਦੀ ਨੀਤੀ ਤਹਿਤ ਲੜਾਉਂਦੀ ਰਹੀ ਹੈ, ਪਰ ਅਕਾਲੀ-ਭਾਜਪਾ ਗੱਠਜੋੜ ਨੇ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਹੈ।
ਇਸ ਮੌਕੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ 'ਆਪ' ਵਿਚ ਨਕਸਲੀਆਂ ਵੱਲੋਂ ਘੁਸਪੈਠ ਕਰ ਲਈ ਗਈ ਹੈ ਅਤੇ ਇਹ ਹਰ ਕੀਮਤ 'ਤੇ ਪੰਜਾਬ ਵਿਚ ਸੱਤਾ ਪ੍ਰਾਪਤ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿਚ ਹਨ। ਉਨ੍ਹਾਂ ਕਿਹਾ ਕਿ 'ਆਪ' ਆਗੂ ਟਕਰਾਅ ਵਾਲੀ ਰਾਜਨੀਤੀ ਕਰਦੇ ਹਨ ਅਤੇ ਪੰਜਾਬ ਵਿਚ ਸੱਤਾ ਪ੍ਰਾਪਤ ਕਰਕੇ ਇਨ੍ਹਾਂ ਦਾ ਟੀਚਾ ਕੇਂਦਰ ਸਰਕਾਰ ਨਾਲ ਲੜਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗਲਤੀ ਨਾਲ ਆਪ ਵਾਲੇ ਪੰਜਾਬ ਵਿਚ ਆ ਗਏ ਤਾਂ ਨਾ ਤਾਂ ਕਿਸਾਨਾਂ ਦੀ ਕਣਕ ਚੁੱਕੀ ਜਾਣੀ ਹੈ ਅਤੇ ਝੋਨਾ ਵੀ ਮੰਡੀਆਂ ਵਿਚ ਹੀ ਰੁਲ ਜਾਣਾ ਹੈ।
ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਬੋਲਦਿਆਂ ਉਪ-ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਖੁਸ਼ਹਾਲੀ ਅਤੇ ਤਰੱਕੀ ਉਦੋਂ ਹੀ ਹੋਈ ਹੈ, ਜਦੋਂ ਇੱਥੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਨੇ ਸੇਵਾ ਸੰਭਾਲੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਵਿਚ ਤਰੱਕੀ ਦੀਆਂ ਨਵੀਂਆਂ ਇਬਾਰਤਾਂ ਲਿਖੀਆਂ ਗਈਆਂ ਹਨ ਅਤੇ ਕਿੰਨੀਆਂ ਹੀ ਭਲਾਈ ਸਕੀਮਾਂ ਸ਼ੁਰੂ ਕਰਨ ਨਾਲ ਲੋਕਾਂ ਦਾ ਜੀਵਨ ਪੱਧਰ ਖੁਸ਼ਹਾਲ ਹੋਇਆ ਹੈ। ਉਨ੍ਹਾਂ ਦੱਸਿਆਂ ਕਿ ਵਿਸ਼ਵ ਭਰ ਦੇ ਸ਼ਰਧਾਲੂਆਂ ਨੂੰ ਧਿਆਨ ਵਿਚ ਰੱਖਦਿਆਂ 2500 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਕਰਵਾਇਆ ਗਿਆ ਹੈ। ਉਨ੍ਹਾਂ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਤੀਜੀ ਵਾਰ ਵੀ ਅਕਾਲੀ-ਭਾਜਪਾ ਗੱਠਜੋੜ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇ ਪੰਜ ਸਾਲਾਂ ਵਿਚ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਗਲੀਆਂ-ਨਾਲੀਆਂ ਨੂੰ 30000 ਕਰੋੜ ਰੁਪਏ ਦੀ ਲਾਗਤ ਨਾਲ ਪੱਕਾ ਬਣਾ ਦਿੱਤਾ ਜਾਵੇਗਾ।
ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪੰਜਾਬ ਦੀ ਅਮਨ ਸ਼ਾਂਤੀ ਲਈ ਕੁਰਬਾਨੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵ-ਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਹੈ। ਇਸ ਮੌਕੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਮੈਂਬਰ ਲੋਕ ਸਭਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ, ਸਾਬਕਾ ਮੰਤਰੀ ਗੋਬਿੰਦ ਸਿੰਘ ਕਾਂਝਲਾ, ਨੁਸਰਤ ਫਤਿਹ ਅਲੀ ਖਾਂ, ਵਾਈਸ ਚੇਅਰਮੈਨ ਮੰਡੀ ਬੋਰਡ ਰਵਿੰਦਰ ਸਿੰਘ ਚੀਮਾ, ਵਾਈਸ ਚੇਅਰਮੈਨ ਪੀ.ਆਰ.ਟੀ.ਸੀ. ਵਿਨਰਜੀਤ ਸਿੰਘ ਗੋਲਡੀ, ਵਿਧਾਇਕ ਗੋਬਿੰਦ ਸਿੰਘ ਲੌਂਗੋਵਾਲ ਵਿਧਾਇਕ ਪ੍ਰਕਾਸ ਚੰਦ ਗਰਗ, ਵਿਧਾਇਕ ਫਰਜ਼ਾਨਾ ਆਲਮ, ਵਿਧਾਇਕ ਸੰਤ ਬਲਬੀਰ ਸਿੰਘ ਘੁੰਨਸ, ਵਿਧਾਇਕ ਇਕਬਾਲ ਸਿੰਘ ਝੂੰਦਾਂ, ਮੁੱਖ ਮੰਤਰੀ ਦੇ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇਜਾ ਸਿੰਘ ਕਮਾਲਪੁਰ, ਪ੍ਰਬੰਧਕੀ ਮੈਂਬਰ ਪਾਵਰ ਕਾਮ ਗੁਰਬਚਨ ਸਿੰਘ ਬਚੀ, ਅਜੀਤ ਸਿੰਘ ਸਾਂਤ ਸੀਨੀਅਰ ਅਕਾਲੀ ਆਗੂ, ਰਾਮ ਸਿੰਘ ਬਹਿਣੀਪਾਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਤਿਗੁਰ ਸਿੰਘ ਨਮੋਲ, ਸੀਨੀਅਰ ਭਾਜਪਾ ਆਗੂ ਮਨਜੀਤ ਸਿੰਘ ਰਾਏ, ਰਜਿੰਦਰ ਸਿੰਘ ਕਾਂਜਲਾ ਸੀਨੀਅਰ ਅਕਾਲੀ ਆਗੂ, ਜਸਵਿੰਦਰ ਸਿੰਘ ਪ੍ਰਿੰਸ, ਅਮਨਵੀਰ ਸਿੰਘ ਚੈਰੀ, ਚਮਨਦੀਪ ਸਿੰਘ ਮਿਲਖੀ, ਹਰਪ੍ਰੀਤ ਸਿੰਘ ਢੀਂਡਸਾ, ਪ੍ਰੀਤਮ ਸਿੰਘ ਜੌਹਲ, ਹਰਵਿੰਦਰ ਸਿੰਘ ਹਰਪਾਲਪੁਰ, ਕੁਲਦੀਪ ਸਿੰਘ ਬੁੱਘਰਾ, ਮਲਕੀਤ ਸਿੰਘ ਚੰਗਾਲ, ਕੁਲਵੰਤ ਸਿੰਘ ਕੀਤੂ, ਨਾਜ਼ਰ ਸਿੰਘ ਬਡਰੁੱਖਾ, ਡਿਪਟੀ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ, ਡੀ.ਆਈ.ਜੀ. ਪ੍ਰਿਤਪਾਲ ਸਿੰਘ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਪ੍ਰਿਤਪਾਲ ਸਿੰਘ ਥਿੰਦ ਅਤੇ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

571 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper