ਰਾਜਪਾਲ ਵੀ ਪੀ ਸਿੰਘ ਬਦਨੌਰ ਨੇ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ

ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਬੰਧਕ ਸ੍ਰੀ ਵੀ.ਪੀ ਸਿੰਘ ਬਦਨੌਰ ਅਹੁਦਾ ਸੰਭਾਲਣ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਉਚੇਚੇ ਤੌਰ 'ਤੇ ਅੰਮ੍ਰਿਤਸਰ ਵਿਖੇ ਪਹੁੰਚੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਅਤੇ ਪੰਜਾਬ ਪੁਲਸ ਵੱਲੋਂ ਕਮਿਸ਼ਨਰ ਪੁਲਸ ਅਮਰ ਸਿੰਘ ਚਾਹਲ ਨੇ ਉਨ੍ਹਾਂ ਨੂੰ ਸਰਕਟ ਹਾਊਸ ਵਿਖੇ ਜੀ ਆਇਆਂ ਕਿਹਾ ਅਤੇ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ, ਪੁੱਤਰ, ਧੀ, ਨੂੰਹ ਅਤੇ ਪੋਤਰੇ ਵੀ ਉਨ੍ਹਾਂ ਦੇ ਨਾਲ ਸਨ। ਸ੍ਰੀ ਦਰਬਾਰ ਸਾਹਿਬ ਪੁੱਜਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਬਦਨੌਰ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਧਾਰਮਿਕ ਕਿਤਾਬਾਂ ਦਾ ਸੈੱਟ ਅਤੇ ਸ਼ਾਲ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਅਸੀਸ ਲੈਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮੈਨੂੰ ਆਤਮਿਕ ਸ਼ਾਂਤੀ ਦਾ ਬਹੁਤ ਚੰਗਾ ਅਨੁਭਵ ਹੋਇਆ ਹੈ ਅਤੇ ਜੋ ਤਸੱਲੀ ਇਥੇ ਆ ਕੇ ਮਿਲੀ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੇ। ਆਪਣੀ ਭਵਿੱਖ ਦੀਆਂ ਪੰਜਾਬ ਪ੍ਰਤੀ ਯੋਜਨਾਵਾਂ ਦਾ ਖੁਲਾਸਾ ਕਰਦੇ ਰਾਜਪਾਲ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਹਿਮ ਸੂਬਾ ਹੈ, ਜਿਸ ਨੇ ਦੇਸ਼ ਵਾਸੀਆਂ ਦਾ ਪੇਟ ਭਰਨ ਵਿੱਚ ਅਨਾਜ ਦਾ ਵੱਡਾ ਯੋਗਦਾਨ ਪਾਇਆ ਹੈ ਅਤੇ ਇਥੇ ਦੇ ਜਾਂਬਾਜਾਂ ਨੇ ਸਰਹੱਦ ਪਾਰ ਤੋਂ ਹੁੰਦੇ ਦੁਸ਼ਮਣ ਦੇ ਹਰੇਕ ਹਮਲੇ ਦਾ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਤੌਰ 'ਤੇ ਉਹ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਰਾਜਪਾਲ ਨੇ ਆਪਣੇ ਪਰਵਾਰ ਸਮੇਤ ਇਤਿਹਾਸਕ ਜਲਿਆਂਵਾਲਾ ਬਾਗ ਦਾ ਦੌਰਾ ਵੀ ਕੀਤਾ ਅਤੇ ਸ਼ਹੀਦੀ ਲਾਟ ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਅਟਾਰੀ ਵਾਹਗਾ ਸਰਹੱਦ 'ਤੇ ਰੀਟਰੀਟ ਸੈਰਾਮਨੀ ਵੀ ਦੇਖੀ।
ਬਾਅਦ ਵਿੱਚ ਉਹ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਵੀ ਨਤਮਸਤਕ ਹੋਏ, ਜਿਥੇ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਹਰਭੁਪਿੰਦਰ ਸਿੰਘ ਨੰਦਾ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਕਮਿਸ਼ਨਰ ਪੁਲਸ ਅਮਰ ਸਿੰਘ ਚਾਹਲ, ਸ਼੍ਰ੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਰਾਜਪਾਲ ਦੇ ਜਾਇੰਟ ਡਾਇਰੈਕਟਰ (ਪ੍ਰੈੱਸ) ਸ੍ਰੀ ਨਗਿੰਦਰ ਸਿੰਘ, ਐੱਸ:ਡੀ:ਐੱਮ ਰੋਹਿਤ ਗੁਪਤਾ ਅਤੇ ਹੋਰ ਹਾਜ਼ਰ ਸਨ।