ਕੇਜਰੀਵਾਲ ਦਾ ਕਿਸਾਨ ਮੈਨੀਫੈਸਟੋ; ਕਰਜ਼ਾ ਮਾਫੀ ਤੇ ਮੁਫਤ ਬਿਜਲੀ ਸਣੇ ਕਈ ਵਾਅਦੇ

ਬਾਘਾਪੁਰਾਣਾ (ਨਵਾਂ ਜ਼ਮਾਨਾ ਸਰਵਿਸ)
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਪੰਜਾਬ ਦੌਰੇ ਦੇ ਆਖਰੀ ਦਿਨ ਇੱਥੇ ਇੱਕ ਰੈਲੀ ਦੌਰਾਨ ਕਿਸਾਨਾਂ ਲਈ ਮੈਨੀਫੈਸਟੋ ਜਾਰੀ ਕੀਤਾ, ਜਿਸ ਵਿੱਚ ਕਿਸਾਨਾਂ ਨੂੰ 12 ਘੰਟੇ ਮੁਫਤ ਬਿਜਲੀ ਦੇਣ ਅਤੇ ਫਸਲ ਬਰਬਾਦ ਹੋਣ 'ਤੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕੀਤੀ ਗਈ ਹੈ।
ਕਿਸਾਨ ਮੈਨੀਫੈਸਟੋ ਅਨੁਸਾਰ ਕਿਸੇ ਕਿਸਾਨ ਦੇ ਘਰ ਦੀ ਕੁਰਕੀ ਨਹੀਂ ਹੋਵੇਗੀ ਅਤੇ ਉਸ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ, 2018 ਤੱਕ ਸਭ ਕਿਸਾਨਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇਗਾ। ਮੈਨੀਫੈਸਟੋ 'ਚ ਕਿਹਾ ਗਿਆ ਕਿ ਸਤਲੁਜ-ਯਮਨਾ ਲਿੰਕ (ਐੱਸ ਵਾਈ ਐੱਲ) ਨਹਿਰ ਲਈ ਗਈ ਜ਼ਮੀਨ ਕਿਸਾਨਾਂ ਨੂੰ ਵਾਪਸ ਕੀਤੀ ਜਾਵੇਗੀ। ਆਟਾ-ਦਾਲ ਸਕੀਮ ਅਧੀਨ 10 ਲੱਖ ਨਵੇਂ ਪਰਵਾਰ ਲਿਆਂਦੇ ਜਾਣਗੇ ਅਤੇ ਦੁੱਧ, ਦਵਾਈਆਂ 'ਚ ਮਿਲਾਵਟ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ 'ਚ 25000 ਡੇਅਰੀ ਫਾਰਮ ਖੋਲ੍ਹਣ ਦਾ ਵੀ ਵਾਅਦਾ ਕੀਤਾ ਗਿਆ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਦੀਆਂ ਖੁਸ਼ੀਆਂ ਖੋਹ ਲਈਆਂ ਹਨ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹਰ ਰੋਜ਼ ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਹਨ। ਜਿੱਥੇ ਤੋਤਾ ਸਿੰਘ ਨੇ ਨਕਲੀ ਕੀਟਨਾਸ਼ਕਾਂ ਰਾਹੀਂ ਹਜ਼ਾਰਾਂ ਕਿਸਾਨਾਂ ਦੇ ਘਰਾਂ ਦੀਆਂ ਖੁਸ਼ੀਆਂ ਖੋਹ ਲਈਆਂ ਹਨ, ਉਥੇ ਬਿਕਰਮ ਸਿੰਘ ਮਜੀਠੀਆ ਨੇ ਨਸ਼ੇ ਦੇ ਧੰਦੇ ਰਾਹੀਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾ ਕਿਹਾ ਕਿ ਆਪ ਸਰਕਾਰ ਬਣਨ 'ਤੇ ਤੋਤਾ ਸਿਘ ਅਤੇ ਮਜੀਠੀਆ ਖਿਲਾਫ ਕੇਸ ਦਰਜ ਕੀਤੇ ਜਾਣਗੇ। ਉਨ੍ਹਾ ਕਿਹਾ ਕਿ ਚੋਣਾਂ 'ਚ ਚਾਰ ਮਹੀਨੇ ਰਹਿ ਗਏ ਹਨ ਜਾਂ ਤਾਂ ਪੰਜਾਬ ਸਰਕਾਰ ਇਨ੍ਹਾਂ ਨੂੰ ਸੀਖਾਂ ਪਿੱਛੇ ਕਰ ਦੇਵੇ, ਨਹੀਂ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਨੂੰ ਸੀਖਾਂ ਪਿੱਛੇ ਕਰ ਦੇਵੇਗੀ। ਉਨ੍ਹਾ ਕਿਹਾ ਕਿ ਨਸ਼ੇ ਦੇ ਮੁੱਦੇ 'ਤੇ ਜਦੋਂ ਉਨ੍ਹਾ ਮਜੀਠੀਆ ਨੂੰ ਘੇਰਿਆ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਉਨ੍ਹਾ ਦੇ ਪੱਖ ਵਿੱਚ ਬੋਲਣ ਲੱਗੇ, ਲਗਦੈ ਕਿ ਕੈਪਟਨ ਮਜੀਠੀਆ ਦੇ ਵਕੀਲ ਹਨ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਦੇਖਦਿਆਂ ਚੋਣ ਮੈਨੀਫੈਸਟੋ ਬਣਾਇਆ ਹੈ। ਕਿਸਾਨ ਕਰਜ਼ੇ ਕਾਰਨ ਖੁਦਕੁਸ਼ੀਆਂ ਲਈ ਮਜਬੂਰ ਹੈ। ਉਨ੍ਹਾ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਬਾਦਲੋ ਸ਼ਰਮ ਕਰੋ, ਕਿਸਾਨਾਂ ਦੀਆਂ ਭਾਵਨਾਵਾਂ ਨਾਲ ਨਾ ਖੇਡੋ। ਇਸ ਦੌਰਾਨ ਉਨ੍ਹਾ ਦਿੱਲੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਪੰਜਾਬ 'ਚ ਚਿੱਟ ਫੰਡ ਕੰਪਨੀਆਂ ਵੱਲੋਂ ਹੜੱਪੇ ਗਏ ਕਿਸਾਨਾਂ ਦੇ ਪੈਸੇ ਵਾਪਸ ਕਰਵਾਉਣ ਦੀ ਗੱਲ ਵੀ ਉਨ੍ਹਾ ਕੀਤੀ। ਉਨ੍ਹਾ ਕਿਹਾ ਕਿ ਸੂਬੇ ਨੂੰ ਭੈਅ-ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਵੀ ਜੇ ਕੋਈ ਮੰਤਰੀ ਭ੍ਰਿਸ਼ਟਾਚਾਰ 'ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ 24 ਘੰਟੇ ਅੰਦਰ ਬਰਖਾਸਤ ਕਰ ਦਿੱਤਾ ਜਾਂਦਾ ਹੈ। ਅੱਜ ਤੱਕ ਕਿਸੇ ਵੀ ਸਰਕਾਰ ਨੇ ਅਜਿਹਾ ਨਹੀਂ ਕੀਤਾ।
ਮੈਨੀਫੈਸਟੋ ਕਮੇਟੀ ਦੇ ਮੁਖੀ ਕੰਵਰ ਸੰਧੂ ਨੇ ਕਿਹਾ ਕਿ ਜੇ ਉਨ੍ਹਾ ਦੀ ਪਾਰਟੀ ਦੀ ਸਰਕਾਰ ਬਣੀ ਤਾਂ ਖੇਤ ਮਜ਼ਦੂਰਾਂ ਨੂੰ ਕੰਮ ਨਾ ਮਿਲਣ 'ਤੇ ਸਰਕਾਰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਵੇਗੀ।
ਉਨ੍ਹਾ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।
ਮੈਨੀਫੈਸਟੋ 'ਚ ਵਾਅਦਾ ਕੀਤਾ ਗਿਆ ਹੈ ਕਿ ਕਿਸਾਨ ਦੀ ਫਸਲ ਮੰਡੀ 'ਚ ਆਉਣ 'ਤੇ 24 ਘੰਟੇ ਵਿੱਚ ਖਰੀਦੀ ਜਾਵੇਗੀ ਅਤੇ ਭੁਗਤਾਨ 72 ਘੰਟੇ ਵਿੱਚ ਕਰ ਦਿੱਤਾ ਜਾਵੇਗਾ, ਕਿਸਾਨਾਂ ਨੂੰ 12 ਘੰਟੇ ਮੁਫਤ ਬਿਜਲੀ ਮਿਲੇਗੀ।