ਐੱਸ ਵਾਈ ਐੱਲ ਨਹਿਰ ਬਣਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ


ਅੰਮ੍ਰਿਤਸਰ
(ਜਸਬੀਰ ਸਿੰਘ ਪੱਟੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਪਲੇਠੀ ਇਕੱਤਰਤਾ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਦਾ ਵਿਰੋਧ ਕਰਦਿਆਂ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਬਿਨਾਂ ਕਿਸੇ ਦੇਰੀ ਤਂੋ ਹੱਲ ਕੀਤਾ ਜਾਵੇ ਤੇ ਪੰਜਾਬ ਨਾਲ ਬੇਇਨਸਾਫੀ ਨਾ ਹੋਣ ਦਿੱਤੀ ਜਾਵੇ। ਇਸ ਸਮਂੇ ਹਰਿਆਣਾ ਤੋਂ ਵੀ ਮੈਂਬਰ ਹਾਜ਼ਰ ਸਨ, ਜਿਹਨਾਂ ਨੇ ਕੋਈ ਵਿਰੋਧ ਨਹੀਂ ਕੀਤਾ, ਜਦਕਿ ਜਗਦੀਸ਼ ਸਿੰਘ ਝੀਡਾ ਹਮੇਸ਼ਾ ਸਤਲੁਜ-ਯਮੁਨਾ ਲਿੰਕ ਨਹਿਰ ਦੇ ਹੱਕ ਵਿੱਚ ਭੁਗਤਦੇ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਸਮੁੱਚੀ ਅੰਤ੍ਰਿਗ ਕਮੇਟੀ ਮੈਂਬਰਾਂ ਵੱਲੋਂ ਸਰਬ-ਸੰਮਤੀ ਨਾਲ 14 ਮਹੱਤਵਪੂਰਨ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮਤਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵੱਖ-ਵੱਖ ਥਾਵਾਂ 'ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ, ਗੁਟਕੇ ਅਤੇ ਪੋਥੀਆਂ ਦੀ ਹੋਈ ਬੇਅਦਬੀ ਦੀਆਂ ਹਿਰਦੇਵੇਦਕ ਮੰਦਭਾਗੀਆਂ ਘਟਨਾਵਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਿਰਦੇ ਤੋਂ ਡੂੰਘੀ ਪੀੜਾ ਮਹਿਸੂਸ ਕੀਤੀ ਗਈ ਅਤੇ ਇਸ ਸੰਬੰਧੀ ਫੈਸਲਾ ਕੀਤਾ ਗਿਆ ਕਿ ਮੈਂਬਰ ਸ਼੍ਰੋਮਣੀ ਕਮੇਟੀ ਆਪਣੇ ਹਲਕੇ ਵਿਚਲਿਆਂ ਪਿੰਡਾਂ ਤੇ ਸ਼ਹਿਰਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਭਾ-ਸੁਸਾਇਟੀਆਂ ਦੇ ਪ੍ਰਬੰਧਕਾਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ, ਗੁਰਦੁਆਰੇ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦਾ ਉਪਰਾਲਾ ਕਰਨਗੇ। ਇਹ ਫੈਸਲਾ ਵੀ ਕੀਤਾ ਗਿਆ ਹੈ ਕਿ ਸਮੂਹ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚਲੇ ਗੁਰਦੁਆਰਿਆਂ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦਾ ਮੁਕੰਮਲ ਵੇਰਵਾ ਤਿਆਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਤਾਵਰਨ ਦੀ ਸ਼ੁੱਧਤਾ ਲਈ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਵਾਤਾਵਰਨ ਪ੍ਰੇਮੀਆਂ ਨੂੰ ਨਾਲ ਲੈ ਕੇ ਵਾਤਾਵਰਨ ਦੇ ਸੁਧਾਰ ਲਈ ਲਹਿਰ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਾਰੇ ਗੁਰਦੁਆਰੇ ਦੀਆਂ ਸਰਾਵਾਂ ਨੂੰ ਆਨਲਾਈਨ ਕੀਤਾ ਜਾਵੇਗਾ, ਜਿਸ ਨਾਲ ਦੇਸ਼-ਵਿਦੇਸ਼ ਵਿੱਚ ਕਿਤੇ ਵੀ ਬੈਠਾ ਸ਼ਰਧਾਲੂ ਰਿਹਾਇਸ਼ ਲਈ ਕਮਰੇ ਬੁੱਕ ਕਰਵਾ ਸਕੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਾਰੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ ਅਤੇ ਦੂਜੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਸਨਿਉਰਟੀ ਲਿਸਟ ਬਣਾਉਣ ਲਈ ਸਬ-ਕਮੇਟੀ ਨੀਯਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਤਰ੍ਹਾਂ ਦੀ ਭਰਤੀ ਅਤੇ ਪ੍ਰਮੋਸ਼ਨ ਯੋਗਤਾ ਟੈਸਟ ਲੈਣ ਉਪਰੰਤ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰੇਕ ਸਾਲ ਦੋ ਸਿੱਖ ਬੁੱਧੀਜੀਵੀਆਂ, ਰਾਸ਼ਟਰੀ/ਅੰਤਰਰਾਸ਼ਟਰੀ ਸਿੱਖ ਖਿਡਾਰੀਆਂ ਅਤੇ ਕਿਸੇ ਵੀ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਸਿੱਖ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅੰਤ੍ਰਿਗ ਕਮੇਟੀ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਪਿਛਲੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾਂਦੇ ਗੁਰਮਤਿ ਟ੍ਰੇਨਿੰਗ ਇੰਸਟੀਚਿਊਟ ਵਿੱਚ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਤੋਂ ਲੈ ਕੇ ਸਕੱਤਰ ਦੇ ਅਹੁਦੇ ਤੀਕ, ਗੁਰਬਾਣੀ ਕੀਰਤਨ ਕਰਨ ਵਾਲੇ ਸਮੂਹ ਰਾਗੀ ਸਿੰਘਾਂ, ਗ੍ਰੰਥੀ ਸਿੰਘਾਂ ਅਤੇ ਅਖੰਡ ਪਾਠੀ ਸਿੰਘਾਂ, ਕਥਾਵਾਚਕ ਅਤੇ ਪ੍ਰਚਾਰਕ ਸਿੰਘਾਂ, ਢਾਡੀ ਸਿੰਘਾਂ ਅਤੇ ਕਵੀਸ਼ਰਾਂ ਲਈ ਵਿਸ਼ੇਸ਼ ਗੁਰਮਤਿ ਸਿਖਲਾਈ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚਲੇ ਗੁਰਧਾਮਾਂ ਜਿਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਅਧੀਨ ਨਹੀਂ, ਉਨ੍ਹਾਂ ਦੇ ਗੁਰਧਾਮਾਂ ਦੇ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਅਤੇ ਰਾਗੀ ਸਿੰਘਾਂ ਲਈ ਵੀ ਵਿਸ਼ੇਸ਼ ਗੁਰਮਤਿ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।
ਅੱਜ ਦੀ ਇਕੱਤਰਤਾ ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਰਾਸ਼ਟਰਪਤੀ ਭਾਰਤ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਪੰਜਾਬ ਦੀ ਹੱਕੀ ਮੰਗ ਨੂੰ ਪ੍ਰਵਾਨ ਕਰਕੇ ਪੰਜਾਬ ਦੇ ਪਾਣੀਆਂ ਨੂੰ ਕਿਸੇ ਵੀ ਸੂਰਤ ਵਿਚ ਪੰਜਾਬ ਤੋਂ ਨਾ ਖੋਹਿਆ ਜਾਵੇ। ਅੰਤ੍ਰਿਗ ਕਮੇਟੀ ਨੇ ਮੰਗ ਕੀਤੀ ਕਿ ਪੰਜਾਬ ਦੇ ਪਾਣੀਆਂ ਲਈ ਸਿੱਧੇ ਰਾਇਪੇਰੀਅਨ ਕਾਨੂੰਨ ਅਧੀਨ ਟ੍ਰਿਬਿਊਨਲ ਦਾ ਗਠਨ ਕਰਕੇ ਇਸ ਦਾ ਯੋਗ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਵਿੱਚ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਲਈ ਸੰਗਤੀ ਲਾਂਘੇ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਵਿੱਚ ਭਾਰਤ ਅਤੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਈ ਖੁੱਲ੍ਹਾ ਲਾਂਘਾ ਦਿੱਤਾ ਜਾਵੇ ਤਾਂ ਜੋ ਸੰਗਤਾਂ ਭਾਰਤੀ ਸਰਹੱਦ ਤੋਂ ਆਪਣੇ ਵਿਛੜੇ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ।