ਸੰਸਦ ਦਾ ਹੰਗਾਮੇ ਭਰਪੂਰ ਸਰਦ ਰੁੱਤ ਸਮਾਗਮ ਅੱਜ ਤੋਂ

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਸੰਸਦ ਦੇ ਸਰਦ ਰੁੱਤ ਸਮਾਗਮ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਨੋਟਬੰਦੀ ਦੇ ਮੁੱਦੇ 'ਤੇ ਵਿਰੋਧੀ ਧਿਰ ਦੀ ਆਲੋਚਨਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੀਆਂ ਪਾਰਟੀਆਂ ਨੂੰ ਕਾਲੇ ਧਨ, ਭ੍ਰਿਸ਼ਟਾਚਾਰ ਦੇ ਮੁੱਦਿਆਂ 'ਤੇ ਸੰਸਦ ਦੇ ਅੰਦਰ ਤੇ ਬਾਹਰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਇਹ ਅਪੀਲ ਮੰਗਲਵਾਰ ਨੂੰ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਕੀਤੀ ਗਈ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਨੰਤ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਮੀਟਿੰਗ ਦੌਰਾਨ ਕਿਹਾ ਕਿ ਸੰਸਦ ਦੇ ਸਰਦ ਰੁੱਤ ਸਮਾਗਮ ਦੌਰਾਨ ਇਹ ਸੰਦੇਸ਼ ਜਾਣਾ ਚਾਹੀਦਾ ਹੈ ਕਿ ਦੇਸ਼ ਹਿੱਤ ਦੇ ਮੁੱਦਿਆਂ 'ਤੇ ਸਾਰੀਆਂ ਪਾਰਟੀਆਂ ਇੱਕਮੁੱਠ ਹਨ।
ਅਨੰਤ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਦ ਰੁੱਤ ਸਮਾਗਮ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਹੋਈ, ਜਿਸ ਦੌਰਾਨ ਸਾਰੀਆਂ ਪਾਰਟੀਆਂ ਨੇ ਆਪਣੀ ਰਾਇ ਰੱਖੀ। ਉਨ੍ਹਾ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸਭਨਾਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਨੂੰ ਚਰਚਾ ਲਈ ਵਰਤਣ ਅਤੇ ਲੋਕਾਂ ਦੀ ਭਲਾਈ ਨਾਲ ਜੁੜੇ ਮੁੱੱਦਿਆਂ 'ਤੇ ਚਰਚਾ ਹੋਵੇ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਲੋਕ ਸਭਾ ਅਤੇ ਰਾਜ ਸਭਾ ਚੋਣਾਂ ਇੱਕੋ ਵੇਲੇ ਕਰਵਾਉਣ ਦੀਆਂ ਸੰਭਾਵਨਾਵਾਂ 'ਤੇ ਵੀ ਚਰਚਾ ਹੋਣੀ ਚਾਹੀਦੀ ਹੈ।
ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਅਜ਼ਾਦ ਨੇ ਕਿਹਾ ਕਿ ਅਸੀਂ ਵੱਡੇ ਨੋਟਾਂ 'ਤੇ ਪਾਬੰਦੀ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਨਹੀਂ ਕਰ ਰਹੇ, ਪਰ ਅਸੀਂ ਬਿਨਾਂ ਤਿਆਰੀ ਅਤੇ ਜਲਦਬਾਜ਼ੀ 'ਚ ਉਠਾਏ ਗਏ ਕਦਮ ਕਾਰਨ ਪੈਦਾ ਹੋਈ ਆਰਥਿਕ ਅਫਰਾ-ਦਫਰੀ ਦੇ ਖਿਲਾਫ ਹਾਂ। ਆਜ਼ਾਦ ਨੇ ਕਿਹਾ ਕਿ ਇਸ ਵਾਰ ਸਰਕਾਰ ਵਿਰੋਧੀ ਧਿਰ ਦੀ ਇੱਕਮੁੱਠਤਾ ਨੂੰ ਤੋੜਨ ਦੀ ਕਿੰਨੀ ਵੀ ਕੋਸ਼ਿਸ਼ ਕਰ ਲਵੇ, ਅਸੀਂ ਨਹੀਂ ਟੁੱਟਾਂਗੇ। ਅਸੀਂ ਇੱਕ ਰੈਂਕ ਇੱਕ ਪੈਨਸ਼ਨ, ਕਿਸਾਨਾਂ ਅਤੇ ਹੋਰਨਾਂ ਸਭ ਮੁੱਦਿਆਂ 'ਤੇ ਚਰਚਾ ਕਰਨਾ ਚਾਹੁੰਦੇ ਹਾਂ। ਅੱਜ ਬੁੱਧਵਾਰ ਨੂੰ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸਮਾਗਮ ਦੌਰਾਨ ਨੋਟਬੰਦੀ ਦਾ ਮੁੱਦਾ ਛਾਏ ਰਹਿਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਪੂਰੇ ਹਮਲਾਵਰ ਰੁਖ 'ਚ ਹੈ ਅਤੇ ਉਹ ਇਕਮੁੱਠ ਹੋ ਕੇ ਸਰਕਾਰ ਨੂੰ ਨੁੱਕਰੇ ਲਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।