ਅਮਿਤ ਸ਼ਾਹ ਨੇ ਪੰਜਾਬ ਚੋਣਾਂ ਦਾ ਵਜਾਇਆ ਬਿਗਲ


ਜਲੰਧਰ (ਸ਼ੈਲੀ ਐਲਬਰਟ)
ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਜਲੰਧਰ 'ਚ ਪੰਜਾਬ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਪਾਰਟੀ ਦੇ ਯੂਥ ਵਰਕਰਾਂ ਦੇ ਸੰਮੇਲਨ ਨੂੰ ਅਮਿਤ ਸ਼ਾਹ ਨੇ ਕਿਹਾ ਕਿ ਪਾਰਟੀ ਦੇ ਵਰਕਰ ਇਹ ਨਾ ਦੇਖਣ ਕਿ ਉਮੀਦਵਾਰ ਅਕਾਲੀ ਦਲ ਦਾ ਹੈ ਜਾਂ ਭਾਜਪਾ, ਉਹ ਕੇਂਦਰ ਵਿੱਚ ਨਰਿੰਦਰ ਮੋਦੀ ਅਤੇ ਪੰਜਾਬ ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨ ਲਈ ਸੋਚਣ ਅਤੇ ਚੋਣ ਪ੍ਰਚਾਰ ਵਿੱਚ ਜੁਟ ਜਾਣ।
ਰੈਲੀ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਾਂਗਰਸ 'ਤੇ ਜੰਮ ਕੇ ਹਮਲੇ ਬੋਲੇ। ਉਨ੍ਹਾ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਭਾਜਪਾ ਨੇ ਢਾਈ ਸਾਲਾਂ ਵਿੱਚ ਕੀ ਕੀਤਾ ਹੈ। ਸ਼ਾਹ ਨੇ ਕਿਹਾ ਕਿ ਭਾਜਪਾ ਨੇ ਸਭ ਤੋਂ ਪਹਿਲਾਂ ਢਾਈ ਸਾਲਾਂ 'ਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਿੱਤਾ ਹੈ। ਉਨ੍ਹਾ ਕਿਹਾ ਕਿ ਹੁਣ ਕੋਈ ਵੀ ਮੋਦੀ ਸਰਕਾਰ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਨਹੀਂ ਲਾ ਸਕਦਾ। ਸ਼ਾਹ ਨੇ ਕਿਹਾ ਕਿ ਪਿਛਲੀ ਯੂ ਪੀ ਏ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ 12 ਲੱਖ ਕਰੋੜ ਦੇ ਘੁਟਾਲੇ ਕੀਤੇ ਸਨ, ਜਦਕਿ ਭਾਜਪਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇ ਕੇ ਦੇਸ਼ ਦੇ ਵਿਕਾਸ ਦਾ ਕੰਮ ਕੀਤਾ ਹੈ।
ਉਨ੍ਹਾ ਕਿਹਾ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਏਕਤਾ ਦਾ ਪ੍ਰਤੀਕ ਹੈ। ਉਨ੍ਹਾ ਕਿਹਾ ਕਿ ਦੇਸ਼ ਵਿੱਚ ਮੋਦੀ ਗੱਠਜੋੜ ਸਰਕਾਰ ਦੀ ਅਗਵਾਈ ਕਰ ਰਹੇ ਹਨ, ਜਦਕਿ ਪੰਜਾਬ ਵਿੱਚ ਪ੍ਰਕਾਸ਼ ਸਿੰਘ ਬਾਦਲ ਇਸ ਗੱਠਜੋੜ ਨੂੰ ਅਗਵਾਈ ਦੇ ਰਹੇ ਹਨ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਹਰ 15 ਦਿਨਾਂ 'ਚ ਜਨਤਾ ਦੀ ਭਲਾਈ ਲਈ ਨਵੀਂਆਂ ਯੋਜਨਾਵਾਂ ਦਾ ਐਲਾਨ ਕਰੇਗੀ। ਉਨ੍ਹਾ ਕਿਹਾ ਕਿ ਜਨਤਾ ਤੋਂ ਵਿਕਾਸ ਦੀਆਂ ਇਨ੍ਹਾਂ ਯੋਜਨਾਵਾਂ ਦੇ ਨਾਂਅ 'ਤੇ ਵੋਟਾਂ ਮੰਗੀਆਂ ਜਾਣਗੀਆਂ।
ਨੋਟਬੰਦੀ ਬਾਰੇ ਸ਼ਾਹ ਨੇ ਕਿਹਾ ਕਿ ਕਾਂਗਰਸ, ਕੇਜਰੀਵਾਲ, ਮਮਤਾ ਅਤੇ ਬਸਪਾ ਸਾਰੇ ਹੀ ਕਾਲੇ ਧਨ ਵਿਰੁੱਧ ਲੜਾਈ ਦੇ ਖਿਲਾਫ ਹਨ, ਪਰ ਇਸ ਨਾਲ ਮੋਦੀ ਨੂੰ ਕੋਈ ਫਰਕ ਨਹੀਂ ਪੈਂਦਾ, ਕਿਉਂਕਿ ਦੇਸ਼ ਦੀ ਜਨਤਾ ਭਾਜਪਾ ਦੇ ਨਾਲ ਹੈ। ਇਸ ਕਾਨਫਰੰਸ ਨੂੰ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਵੀ ਸੰਬੋਧਨ ਕੀਤਾ।