ਸਿੱਖ ਮੱਤ ਸਮਾਜਵਾਦ ਤੇ ਧਰਮ-ਨਿਰਪੱਖਤਾ ਦਾ ਸੱਚਾ ਮਾਡਲ : ਬਾਦਲ


ਸ੍ਰੀ ਆਨੰਦਪੁਰ ਸਾਹਿਬ
(ਅਰਵਿੰਦਰ ਸਿੰਘ ਬਿੰਦੀ)
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਦੇ ਹੋਏ ਮੁਲਕ ਨੂੰ ਦਰਪੇਸ਼ ਸਮਾਜਿਕ ਅਤੇ ਧਾਰਮਿਕ ਅਲਾਮਤਾਂ 'ਤੇ ਜਿੱਤ ਪ੍ਰਾਪਤ ਕਰਨ ਦਾ ਪ੍ਰਣ ਲੈਣ। ਇੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਆਯੋਜਿਤ ਸੂਬਾ ਪੱਧਰੀ ਸਮਾਗਮ ਦੇ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਤੇ ਵਿਚਾਰਧਾਰਾ ਦੇਸ਼ ਨੂੰ ਇਕਜੁੱਟ ਕਰਨ ਲਈ ਚਾਨਣ ਮੁਨਾਰਾ ਸਾਬਿਤ ਹੋ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਵਿੱਚ ਸਿੱਖ ਧਰਮ ਸਮਾਜਵਾਦ ਤੇ ਧਰਮ ਨਿਰਪੱਖਤਾ ਦੇ ਸੱਚੇ ਮਾਡਲ ਦਾ ਪਾਸਾਰ ਕਰਦਾ ਹੈ। ਸ. ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਲਈ ਸਮਾਜਵਾਦ ਤੇ ਧਰਮ ਨਿਰਪੱਖਤਾ ਦੇ ਚਾਨਣ ਮੁਨਾਰੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਖਾਸ ਤੌਰ 'ਤੇ ਸਿੱਖਾਂ ਨੇ ਆਪਣੇ ਮਹਾਨ ਸਿੱਖ ਗੁਰੂਆਂ ਦੀ ਕੁਰਬਾਨੀ ਤੇ ਬਹਾਦਰੀ ਦੀ ਸ਼ਾਨਦਾਰ ਵਿਰਾਸਤ 'ਤੇ ਸਦਾ ਹੀ ਪਹਿਰਾ ਦਿੱਤਾ ਹੈ, ਜਿਨ੍ਹਾਂ ਨੇ ਹਮੇਸ਼ਾ ਹੀ ਜਬਰ-ਜ਼ੁਲਮ, ਦਮਨ ਅਤੇ ਅਨਿਆਂ ਖਿਲਾਫ ਡਟਣ ਦੀ ਸਿੱਖਿਆ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਦੁਨੀਆ ਭਰ ਵਿੱਚ ਧਾਰਮਿਕ ਉਤਸ਼ਾਹ, ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਬਰ ਵਿਰੁੱਧ ਸੰਘਰਸ਼ ਦੇ ਵਾਸਤੇ ਦਸਵੇਂ ਗੁਰੂ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ, ਜਿਸ ਨਾਲ ਉਨ੍ਹਾਂ ਨੇ ਗਰੀਬਾਂ ਅਤੇ ਲਤਾੜੇ ਹੋਏ ਲੋਕਾਂ ਨੂੰ ਮੁਗਲਾਂ ਦੇ ਅਨਿਆਂ ਅਤੇ ਅੱਤਿਆਚਾਰ ਵਿਰੁੱਧ ਸੰਘਰਸ਼ ਕਰਨ ਲਈ ਸ਼ਕਤੀਵਾਨ ਕੀਤਾ। ਜਾਤ, ਰੰਗ ਅਤੇ ਨਸਲ ਦੇ ਅਧਾਰ ਉਤੇ ਵਿਤਕਰੇ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੇ ਗਏ ਮਹਾਨ ਸੰਦੇਸ਼ ਨੂੰ ਯਾਦ ਕਰਦਿਆਂ ਬਾਦਲ ਨੇ ਕਿਹਾ ਕਿ ਗੁਰੂ ਜੀ ਨੇ ਇੱਕ ਬਾਟੇ ਵਿਚੋਂ ਅੰਮ੍ਰਿਤ ਛਕਾ ਕੇ ਇਕੋ ਮਾਨਵਤਾ ਦੀ ਸਿੱਖਿਆ ਦਿੱਤੀ।
ਇਸ ਮੌਕੇ ਆਪਣੇ ਸੰਬੋਧਨ ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਗੁਰੂ ਸਾਹਿਬਾਨਾਂ ਨੇ ਅਹਿਮ ਯੋਗਦਾਨ ਪਾਇਆ ਹੈ ਅਤੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਯਾਦਗਾਰਾਂ ਅਤੇ ਹੋਰ ਸਮਾਰਕ ਬਣਾ ਕੇ ਅਕਾਲੀ-ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਸਿੱਖਾਂ ਲਈ ਉਚਾ ਸਥਾਨ ਰਖਦੀ ਹੈ ਕਿਉਂਕਿ ਇਥੇ ਹੀ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਸਿੱਖ ਵਿਰਾਸਤ ਤੋਂ ਜਾਣੂੰ ਕਰਵਾਉਣ ਲਈ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਦੀ ਜਾਣਕਾਰੀ ਦੇਣ ਲਈ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਦੇ ਨਾਲ ਨਾਲ ਬਹੁਤ ਸਾਰੇ ਧਾਰਮਿਕ ਸਮਾਰਕ ਵੀ ਬਣਾਏ ਗਏ ਹਨ। ਵਿਰਾਸਤ-ਏ-ਖਾਲਸਾ ਦੇ ਦੂਜੇ ਪੜਾਅ ਦੇ ਉਦਘਾਟਨ ਨੂੰ ਇਕ ਇਤਿਹਾਸਕ ਮੌਕਾ ਕਰਾਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਵਿਸ਼ਵ ਪੱਧਰੀ ਇਹ ਯਾਦਗਾਰ ਜਿਥੇ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦਾ ਪ੍ਰਤੀਕ ਹੈ, ਉਥੇ ਹੀ ਪੰਜਾਬੀਆਂ ਵੱਲੋਂ ਇਤਿਹਾਸ ਵਿਚ ਦਰਜ ਕੀਤੀਆਂ ਸ਼ਹੀਦੀਆਂ ਅਤੇ ਸ਼ਾਨਦਾਰ ਅਤੀਤ ਦੀ ਵੀ ਗਵਾਹੀ ਭਰਦਾ ਹੈ।
ਇਸ ਮੌਕੇ ਆਪਣੇ ਸੰਬੋਧਨ ਵਿਚ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਕੇ ਸੂਬਾ ਪ੍ਰਧਾਨ ਸ੍ਰੀ ਵਿਜੈ ਸਾਂਪਲਾ ਨੇ ਇਸ ਪਵਿੱਤਰ ਧਰਤੀ ਉਤੇ ਦਸਵੇਂ ਗੁਰੂ ਜੀ ਦੇ ਜਨਮ ਦਿਵਸ ਸੰਬੰਧੀ ਸਮਾਗਮ ਵਿਚ ਹਿੱਸਾ ਲੈਣ ਵਾਸਤੇ ਆਪਣਾ ਸਮਾਂ ਕੱਢਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦੌਰੇ ਤੋਂ ਬਾਅਦ ਸ੍ਰੀ ਮੋਦੀ ਤਕਰੀਬਨ 17 ਸਾਲ ਬਾਅਦ ਇੱਥੇ ਆਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਦਾ ਸੂਬੇ ਨਾਲ ਬਹੁਤ ਜ਼ਿਆਦਾ ਸਨੇਹ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਅਤੇ ਹੋਰ ਬਹੁਤ ਸਾਰੀਆਂ ਉਘੀਆਂ ਸ਼ਖਸੀਅਤਾਂ ਨਾਲ ਤਖਤ ਸ੍ਰੀ ਕੇਸ਼ਗੜ੍ਹ ਵਿਖੇ ਮੱਥਾ ਟੇਕਿਆ ਜਿਥੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਕਿਰਪਾਨ ਭੇਟ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੰਚ ਦੀ ਕਾਰਵਾਈ ਚਲਾਈ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਤੇ ਸ੍ਰੀ ਸੋਹਣ ਸਿੰਘ ਠੰਡਲ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਮੱਲ ਸਿੰਘ ਅਤੇ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ ਗਿਆਨੀ ਇਕਬਾਲ ਸਿੰਘ ਸ਼ਾਮਲ ਸਨ।