ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਅੰਮ੍ਰਿਤਸਰ (ਨਵਾਂ ਜ਼ਮਾਨਾ ਸਰਵਿਸ)
ਸੰਘਣੀ ਧੁੰਦ ਅਤੇ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਸਕੂਲਾਂ ਨੂੰ ਭੇਜੇ ਗਏ ਲਿਖਤੀ ਹੁਕਮਾਂ ਅਨੁਸਾਰ ਹੁਣ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ।ਅੰਮ੍ਰਿਤਸਰ, ਬਠਿੰਡਾ, ਸੰਗਰੂਰ ਸਮੇਤ ਸੂਬੇ ਦੇ ਜ਼ਿਆਦਾਤਰ ਜਿਲ੍ਹਿਆਂ 'ਚ ਡਿਪਟੀ ਕਮਿਸ਼ਨਰਾਂ ਵੱਲੋਂ ਇਹ ਅਦੇਸ਼ ਜਾਰੀ ਕੀਤੇ ਜਾ ਚੁੱਕੇ ਹਨ, ਕਿਉਂਕਿ ਲਗਾਤਾਰ ਪੈ ਰਹੀ ਸੰਘਣੀ ਧੁੰਦ ਦੇ ਚੱਲਦੇ ਕਈ ਭਿਆਨਕ ਹਾਦਸੇ ਵਾਪਰੇ ਹਨ। ਫਾਜ਼ਿਲਕਾ 'ਚ ਬੀਤੇ ਦਿਨੀਂ ਹੋਏ ਇੱਕ ਭਿਆਨਕ ਸੜਕ ਹਾਦਸੇ 'ਚ 12 ਅਧਿਆਪਕਾਂ ਸਮੇਤ 13 ਲੋਕਾਂ ਦੀ ਜਾਨ ਚਲੀ ਗਈ ਸੀ। ਅਜਿਹੇ 'ਚ ਇਹਨਾਂ ਹਾਦਸਿਆਂ ਨੂੰ ਹੋਣ ਤੋਂ ਰੋਕਣ ਅਤੇ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਇਹ ਫੈਸਲਾ ਲਿਆ ਗਿਆ ਹੈ।