ਨਿਤਿਸ਼ ਨੂੰ ਸਨਮਾਨਿਤ ਕਰੇਗੀ ਸ਼੍ਰੋਮਣੀ ਕਮੇਟੀ


ਫਤਹਿਗੜ੍ਹ ਸਾਹਿਬ
(ਪ੍ਰਮੋਦ ਭਾਰਦਵਾਜ)
ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਆ ਰਹੇ ਬੱਜਟ ਇਜਲਾਸ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਨਮਾਨਿਤ ਕਰਨ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਅਦਾਰਿਆਂ ਦੇ ਕੰਮ-ਕਾਰ ਨੂੰ ਚੁਸਤ-ਦਰੁੱਸਤ ਕਰਨ, ਪ੍ਰਿੰਟਿੰਗ ਪ੍ਰੈੱਸਾਂ ਦੀ ਉੱਤਮ ਵਿਉਂਤਬੰਦੀ ਕਰਨ, ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਕੰਮਕਾਜ, ਟਰੱਸਟ ਵਿਭਾਗ, ਸੈਕਸ਼ਨ 85, ਸੈਕਸ਼ਨ 87, ਅਮਲਾ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਮਾਮਲਿਆਂ ਨੂੰ ਵਿਚਾਰਿਆ ਗਿਆ।
ਇਕੱਤਰਤਾ ਸਮੇਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮਾਮਲਿਆਂ ਸੰਬੰਧੀ ਗੰਭੀਰ ਵਿਚਾਰਾਂ ਉਪਰੰਤ ਅਹਿਮ ਫੈਸਲੇ ਲਏ ਗਏ ਹਨ। ਪ੍ਰਵਾਨ ਹੋਏ ਮਤਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਗਲੇ ਮਹੀਨੇ ਕਰਵਾਏ ਜਾ ਰਹੇ ਬੱਜਟ ਇਜਲਾਸ ਸੰਬੰਧੀ ਬੱਜਟ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਵਿਚਾਰਨ ਉਪਰੰਤ ਅੰਤ੍ਰਿੰਗ ਕਮੇਟੀ ਵੱਲੋਂ ਜਨਰਲ ਹਾਊਸ ਨੂੰ ਭੇਜ ਦਿੱਤਾ ਗਿਆ ਹੈ। ਬੱਜਟ ਸੰਬੰਧੀ ਹਾਊਸ ਸੱਦਣ ਦੀ ਤਾਰੀਖ ਦਾ ਵੀ ਜਲਦੀ ਐਲਾਨ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਦੇ ਪ੍ਰਬੰਧਾਂ ਲਈ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਅਤੇ ਸਮੁੱਚੀ ਬਿਹਾਰ ਸਰਕਾਰ ਦੀਆਂ ਵੱਡਮੁੱਲੀਆਂ ਸੇਵਾਵਾਂ ਲਈ ਸ਼ਲਾਘਾ ਮਤਾ ਪਾਸ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕਰੇਗੀ।
ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਵਿਖੇ ਜਾਣ ਵਾਲੇ ਸਿੱਖ ਆਗੂਆਂ ਦੀ ਪੜਤਾਲ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਬਣਾਈ ਗਈ ਕਮੇਟੀ ਵੱਲੋਂ ਸਮਾਂ ਵਧਾਉਣ ਦੀ ਕੀਤੀ ਮੰਗ ਨੂੰ ਵਿਚਾਰਨ ਉਪਰੰਤ 7 ਮਾਰਚ ਤੱਕ ਦਾ ਸਮਾਂ ਦੇ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਤਿੰਨ ਪ੍ਰਿੰਟਿੰਗ ਪ੍ਰੈੱਸਾਂ ਨੂੰ ਇਕੱਠਾ ਕਰਨ ਲਈ ਸਬ-ਕਮੇਟੀ ਰਾਹੀਂ ਮੁਕੰਮਲ ਰਿਪੋਰਟ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਦੋ ਸਿੱਖਾਂ ਨੂੰ ਹਰ ਸਾਲ ਸਨਮਾਨਤ ਕੀਤਾ ਜਾਵੇਗਾ, ਜਿਸ ਲਈ ਇਕ ਸਬ-ਕਮੇਟੀ ਬਣਾਈ ਗਈ ਹੈ। ਇਸੇ ਤਰ੍ਹਾਂ ਹੀ ਹਰ ਸਾਲ ਦੋ ਸਿੱਖ ਬੁੱਧੀਜੀਵੀਆਂ ਨੂੰ ਵੀ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਧਰਮ ਪ੍ਰਚਾਰ ਲਈ ਇਕ ਵਿਸ਼ੇਸ਼ ਸੈਂਟਰ ਖੋਲ੍ਹਿਆ ਜਾਵੇਗਾ, ਜਿਸ ਵਿਚ ਉੱਚ ਕੋਟੀ ਦੇ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥੇ ਧਰਮ ਪ੍ਰਚਾਰ ਲਈ ਕਾਰਜਸ਼ੀਲ ਹੋਣਗੇ। ਪ੍ਰੋ: ਬਡੂੰਗਰ ਨੇ ਦੱਸਿਆ ਕਿ 1984 ਦੇ ਪੀੜਤਾਂ ਨੂੰ ਸਹਾਇਤਾ ਸੰਬੰਧੀ ਪੁੱਜੀਆਂ ਦਰਖਾਸਤਾਂ ਨੂੰ ਵਿਚਾਰਨ ਉਪਰੰਤ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹ,ੈ ਜੋ ਸਹਾਇਤਾ ਸੰਬੰਧੀ ਆਪਣੀ ਰਿਪੋਰਟ ਪੇਸ਼ ਕਰੇਗੀ।
ਇਸ ਮੌਕੇ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਅੰਤ੍ਰਿੰਗ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ ਅੰਮ੍ਰਿਤਸਰ, ਜੈਪਾਲ ਸਿੰਘ ਮੰਡੀਆਂ, ਨਿਰਮਲ ਸਿੰਘ ਹਰਿਆਓ, ਕੁਲਵੰਤ ਸਿੰਘ ਮੰਨਣ ਅਤੇ ਬਲਵਿੰਦਰ ਸਿੰਘ ਵੇਈਂਪੂਈ ਹਾਜ਼ਰ ਸਨ।
ਡੇਰਾ ਸਿਰਸਾ ਤੋਂ ਮਦਦ ਲੈਣ ਵਾਲੇ ਸਿੱਖ ਆਗੂਆਂ ਖ਼ਿਲਾਫ਼ ਬਡੂੰਗਰ ਨੂੰ ਮੰਗ ਪੱਤਰ
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋ ਰਹੇ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਦੀ ਅਗਵਾਈ ਹੇਠ ਇਕ ਵਫ਼ਦ ਵੱਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿਚ ਉਨ੍ਹਾਂ ਨੇ ਮੰਗ ਕੀਤੀ ਕਿ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਵੱਲੋਂ ਡੇਰਾ ਸੱਚਾ ਸੌਦਾ ਵਿਖੇ ਜਾ ਕੇ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਮਦਦ ਦੀ ਭੀਖ ਮੰਗੀ ਗਈ ਹੈ।
ਇਹ ਸਿੱਖ ਮਰਿਆਦਾ ਦੇ ਉਲਟ ਹੈ, ਕਿਉਂਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 17 ਮਈ 2007 ਨੂੰ ਡੇਰੇ ਖ਼ਿਲਾਫ਼ ਹੁਕਮਨਾਮਾ ਜਾਰੀ ਕੀਤਾ ਹੋਇਆ ਹੈ, ਪਰ ਉਕਤ ਆਗੂਆਂ ਨੇ ਆਪਣੇ ਸੌੜੇ ਹਿੱਤਾਂ ਖ਼ਾਤਰ ਅਕਾਲ ਤਖਤ ਸਾਹਿਬ ਦੇ ਹੁਕਮ ਦੀ ਅਦੂਲੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਕਤ ਆਗੂਆਂ ਦੀ ਸ਼ਮੂਲੀਅਤ ਜੱਗ ਜ਼ਾਹਿਰ ਹੋ ਚੁੱਕੀ ਹੈ ਤਾਂ ਫਿਰ ਫ਼ੈਸਲਾ ਲੈਣ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਸੰਬੰਧੀ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਜਾਂਚ ਰਿਪੋਰਟ ਇਕ ਹਫ਼ਤੇ ਵਿਚ ਸੌਂਪਣੀ ਸੀ, ਪਰ ਲੱਗਭੱਗ ਇਕ ਮਹੀਨਾ ਬੀਤ ਜਾਣ 'ਤੇ ਵੀ ਕਮੇਟੀ ਵੱਲੋਂ ਕਿਸੇ ਸਿੱਟੇ ਉੱਪਰ ਨਾ ਪੁੱਜਣਾ ਅਤੇ ਅੱਜ ਫਿਰ ਇਸ ਕਮੇਟੀ ਦੀ ਮਿਆਦ ਵਧਾਉਣ ਲਈ ਰੱਖੇ ਮਤੇ ਕਾਰਨ ਸਿੱਖਾਂ ਦੇ ਮੰਨਾਂ ਵਿਚ ਸ਼ੰਕੇ ਪੈਦਾ ਕਰ ਰਿਹਾ ਹੈ। ਇਸ ਮੌਕੇ ਸ਼ਿੰਗਾਰਾ ਸਿੰਘ ਬਡਲਾ, ਕੁਲਦੀਪ ਸਿੰਘ ਪਹਿਲਵਾਨ, ਧਰਮ ਸਿੰਘ ਕਲੌੜ, ਸੁਖਦੇਵ ਸਿੰਘ ਗਗੜਵਾਲ, ਪਵਨਪ੍ਰੀਤ ਸਿੰਘ, ਲਖਵੀਰ ਸਿੰਘ, ਭੁਪਿੰਦਰ ਸਿੰਘ ਫ਼ਤਿਹਪੁਰ, ਹਰਦੇਵ ਸਿੰਘ, ਹਰਨੇਕ ਸਿੰਘ, ਕੁਲਦੀਪ ਸਿੰਘ, ਰਾਜਵੀਰ ਸਿੰਘ, ਨਿਰਭੈ ਸਿੰਘ, ਦਲਵਿੰਦਰ ਸਿੰਘ, ਗੁਰਜੰਟ ਸਿੰਘ ਤੋਂ ਇਲਾਵਾ ਹੋਰ ਪਾਰਟੀ ਵਰਕਰ ਮੌਜੂਦ ਸਨ।