ਚੌਟਾਲਿਆਂ ਨਾਲ ਸਾਂਝ-ਭਿਆਲੀ ਤੋਂ ਸੁਖਬੀਰ ਬਾਦਲ ਮੁੱਕਰਿਆ


ਅੰਮ੍ਰਿਤਸਰ (ਨਵਾਂ ਜ਼ਮਾਨਾ ਸਰਵਿਸ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਚੌਟਾਲਿਆਂ ਦੀ ਇਨੈਲੋ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਇਨੈਲੋ ਨਾਲ ਉਨ੍ਹਾਂ ਦਾ ਗੱਠਜੋੜ ਕਾਫ਼ੀ ਸਮੇਂ ਪਹਿਲਾਂ ਟੁੱਟ ਗਿਆ ਸੀ।ਇਸ ਕਰਕੇ ਇਸ ਪਾਰਟੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਸਤਲੁਜ-ਯਮੁਨਾ ਲਿੰਕ ਨਹਿਰ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸੂਬੇ ਦੇ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।ਯਾਦ ਰਹੇ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਬੀ ਜੇ ਪੀ ਦਾ ਸਾਥ ਦੇਣ ਦੀ ਬਜਾਇ ਇਨੈਲੋ ਦਾ ਸਾਥ ਦਿੱਤਾ ਸੀ।
ਸ਼੍ਰੋਮਣੀ ਅਕਾਲੀ ਦੇ ਇੱਕ ਉਮੀਦਵਾਰ ਨੂੰ ਇਨੈਲੋ ਵੱਲੋਂ ਬਕਾਇਦਾ ਟਿਕਟ ਦਿੱਤੀ ਗਈ ਸੀ।ਇਸ ਮੌਕੇ ਅਕਾਲੀ ਦਲ ਦਾ ਕਹਿਣਾ ਸੀ ਕਿ ਉਹ ਬੀ ਜੇ ਪੀ ਦੀ ਥਾਂ ਇਨੈਲੋ ਦਾ ਸਾਥ ਇਸ ਲਈ ਦੇ ਰਿਹਾ ਹੈ, ਕਿਉਂਕਿ ਉਨ੍ਹਾਂ ਦੇ ਪਰਵਾਰਕ ਸੰਬੰਧ ਇਸ ਪਾਰਟੀ ਨਾਲ ਹਨ, ਪਰ ਹੁਣ ਪਰ ਇਨੈਲੋ ਵੱਲੋਂ ਲਿੰਕ ਨਹਿਰ ਨੂੰ ਲੈ ਕੇ ਜੋ ਲੜਾਈ ਲੜੀ ਜਾ ਰਹੀ ਹੈ, ਉਸ ਨੂੰ ਦੇਖਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਨੇ ਗੱਠਜੋੜ ਤੋੜੇ ਜਾਣ ਦਾ ਬਿਆਨ ਜਾਰੀ ਕਰ ਦਿੱਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ।ਇਸ ਦੌਰਾਨ ਸੁਖਬੀਰ ਨੇ ਆਖਿਆ ਕਿ ਗੁਰਦੁਆਰਾ ਚੋਣਾਂ ਦੌਰਾਨ ਸੰਗਤਾਂ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਵੋਟਾਂ ਪਾਉਣ।
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਪਿਛਲੇ ਵਾਰ ਦੀ ਤਰ੍ਹਾਂ ਇਸ ਵਾਰੀ ਪਾਰਟੀ ਦਿੱਲੀ ਦੀਆਂ ਚੋਣਾਂ ਵਿੱਚ ਰਿਕਾਰਡ ਤੋੜ ਜਿੱਤ ਹਾਸਿਲ ਕਰੇਗੀ।ਕਾਂਗਰਸ ਉੱਤੇ ਅਸਿੱਧੇ ਢੰਗ ਨਾਲ ਵਾਰ ਕਰਦੇ ਹੋਏ ਸੁਖਬੀਰ ਬਾਦਲ ਨੇ ਆਖਿਆ ਕਿ ਦਿੱਲੀ ਦੇ ਲੋਕ ਉਨ੍ਹਾਂ ਨੂੰ ਵੋਟ ਨਾ ਪਾਉਣ, ਜਿਨ੍ਹਾਂ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਵਾਲਿਆਂ ਦਾ ਸਾਥ ਦਿੱਤਾ।
ਪੰਜਾਬ ਵਿਧਾਨ ਸਭਾ ਚੋਣਾਂ ਦੀ ਗੱਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕਾਂਗਰਸ ਪਹਿਲਾਂ ਹੀ ਹਾਰ ਮੰਨ ਚੁੱਕੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦਿਲ ਛੱਡ ਕੇ ਘਰ ਬੈਠ ਗਏ ਹਨ।ਸਤਲੁਜ-ਯਮੁਨਾ ਲਿੰਕ ਨਹਿਰ ਦੀ ਗੱਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸੂਬੇ ਦੇ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।