ਬਾਲ ਅਧਿਕਾਰ ਕਮਿਸ਼ਨ ਵੱਲੋਂ ਸਕੂਲ ਬੱਸ ਹਾਦਸੇ ਦੀ ਜਾਂਚ ਦੇ ਹੁਕਮ


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਪਿੰਡ ਸਿੰਘਪੁਰ ਨੇੜੇ ਦਸੂਹਾ-ਹਾਜੀਪੁਰ ਰੋਡ, ਹੁਸ਼ਿਆਰਪੁਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਦੇ ਹਾਦਸਾਗ੍ਰਸਤ ਹੋਣ ਨਾਲ 3 ਬੱਚਿਆਂ ਅਤੇ ਇਕ ਡਰਾਈਵਰ ਸਮੇਤ 4 ਮੌਤਾਂ ਹੋਣ 'ਤੇ ਡਿਪਟੀ ਕਮਿਸ਼ਨਰ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸੁਕੇਸ਼ ਕਾਲੀਆ ਨੇ ਕਿਹਾ ਕਿ ਸਕੂਲੀ ਬੱਚਿਆਂ ਵਾਲੀ ਬੱਸ ਨਾਲ ਵਾਪਰਿਆ ਇਹ ਹਾਦਸਾ ਅਸਹਿ ਹੈ ਅਤੇ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਰੋਕਣ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸੂਬਾ ਪੱਧਰ 'ਤੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਜਾਵੇ।
ਸ੍ਰੀ ਕਾਲੀਆ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਜ਼ਿਲ੍ਹਾ ਟਰਾਂਸਪੋਰਟ ਅਫਸਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਮੈਂਬਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਪੱਧਰੀ ਕਮੇਟੀਆਂ ਲਗਾਤਾਰ ਸਕੂਲਾਂ ਦੇ ਵਾਹਨਾਂ ਦੀ ਨਿਰਧਾਰਿਤ ਕੀਤੇ ਮਾਪਦੰਡਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਉਣ ਅਤੇ ਨਿਰੀਖਣ ਕਰਨ ਕਿ ਸਾਰੀਆਂ ਬੱਸਾਂ 'ਸੇਫ਼ ਸਕੂਲ ਵਾਹਨ ਸਕੀਮ' ਤਹਿਤ ਜਾਰੀ ਹਦਾਇਤਾਂ ਦੀ ਪਾਲਣਾ ਕਰ ਰਹੀਆਂ ਹਨ। ਉਹਨਾ ਦੱਸਿਆ ਕਿ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਚਲਾ ਕੇ ਸਕੂਲਾਂ ਦੀ ਮੈਨੇਜਮੈਂਟ ਅਤੇ ਵਿਦਿਆਰਥੀਆਂ ਦੇ ਮਾਪਿਆਂ ਲਈ ਸਪੈਸ਼ਲ ਸੈਮੀਨਾਰ ਆਯੋਜਿਤ ਕੀਤੇ ਜਾਣਗੇ, ਜਿਸ ਅਧੀਨ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਕਰਨ ਲਈ ਟਰੈਫਿਕ ਨਿਯਮਾਂ, ਤਕਨੀਕੀ ਮਾਪਦੰਡਾਂ ਅਤੇ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਇਹਨਾਂ ਮੰਦਭਾਗੀ ਘਟਨਾਵਾਂ ਨੂੰ ਰੋਕਿਆ ਜਾ ਸਕੇ।