ਹਰਜੀਤ ਸੱਜਣ ਨੂੰ ਨਹੀਂ ਮਿਲਾਂਗਾ : ਕੈਪਟਨ


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਕੈਨੇਡਾ ਦੇ ਰੱਖਿਆ ਮੰਤਰੀ ਨੂੰ ਖਾਲਿਸਤਾਨੀਆਂ ਦੇ ਹਮਦਰਦ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਭਾਰਤੀ ਮੂਲ ਦੇ ਕੈਨੇਡੀਅਨ ਮੰਤਰੀ ਦੀ ਇਸ ਮਹੀਨ ਦੇ ਅਖੀਰ ਵਿੱਚ ਸੰਭਾਵਿਤ ਭਾਰਤ ਫੇਰੀ ਦੌਰਾਨ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ। ਇਕ ਪ੍ਰੋਗਰਾਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਜੀਤ ਸੱਜਣ ਵੀ ਆਪਣੇ ਪਿਤਾ ਵਾਂਗ ਖਾਲਿਸਤਾਨੀਆਂ ਦੇ ਹਮਦਰਦ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਜਸਟਿਨ ਟਰੂਡੋ ਸਰਕਾਰ ਵਿੱਚ ਪੰਜ ਮੰਤਰੀ ਖਾਲਿਸਤਾਨੀਆਂ ਦੇ ਸਮੱਰਥਕ ਹਨ, ਜਿਨ੍ਹਾਂ ਨਾਲ ਉਹ ਗੱਲਬਾਤ ਨਹੀਂ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਇਨ੍ਹਾਂ ਖਾਲਿਸਤਾਨੀ ਸਮਰਥਕਾਂ ਨੇ ਕੈਨੇਡੀਅਨ ਸਰਕਾਰ 'ਤੇ ਜ਼ੋਰ ਪਾ ਕੇ ਮੇਰੀ ਕੈਨੇਡਾ ਫੇਰੀ ਨੂੰ ਰੋਕਿਆ ਸੀ, ਜਿੱਥੇ ਮੈਂ ਪੰਜਾਬੀ ਭਾਈਚਾਰੇ ਨੂੰ ਮਿਲ ਕੇ ਪੰਜਾਬ ਦੀਆਂ ਚੋਣਾਂ ਲਈ ਉਨ੍ਹਾਂ ਦਾ ਸਹਿਯੋਗ ਲੈਣਾ ਚਾਹੁੰਦਾ ਸੀ। ਮੁੱਖ ਮੰਤਰੀ ਨੇ ਬੀਫ 'ਤੇ ਪਾਬੰਦੀ 'ਤੇ ਬੋਲਦਿਆਂ ਕਿਹਾ ਕਿ ਲੋਕਾਂ ਨੂੰ ਕੁਝ ਵੀ ਖਾਣ ਦਾ ਹੱਕ ਹੈ ਅਤੇ ਉਨ੍ਹਾਂ ਨੂੰ ਇਸ ਤੋਂ ਰੋਕਣਾ ਨਹੀਂ ਚਾਹੀਦਾ। ਉਨ੍ਹਾਂ ਨੇ ਸਾਫ ਤੌਰ 'ਤੇ ਆਖਿਆ ਕਿ ਲੋਕ ਜੋ ਕੁਝ ਵੀ ਖਾਣਾ ਚਾਹੁੰਦੇ ਹਨ, ਖਾਣ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਾਕਿਸਤਾਨੀ ਕਲਾਕਾਰਾਂ ਦੀ ਭਾਰਤ ਵਿੱਚ ਪਾਬੰਦੀ ਦੇ ਬਿਲਕੁਲ ਵੀ ਹੱਕ ਵਿੱਚ ਨਹੀਂ ਹਨ ਅਤੇ ਇਨ੍ਹਾਂ ਕਲਾਕਾਰਾਂ ਨੂੰ ਪੰਜਾਬ ਵਿੱਚ ਬੁਲਾ ਕੇ ਉਨ੍ਹਾਂ ਨੂੰ ਖੁਸ਼ੀ ਮਿਲੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਮੁੜ ਪਾਕਿਸਤਾਨ ਜਾਣਾ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਜਦੋਂ ਪਾਕਿਸਤਾਨ ਨਾਲ ਗਿਲੇ-ਸ਼ਿਕਵੇ ਦੂਰ ਕਰਕੇ ਉਥੋਂ ਦੇ ਲੋਕਾਂ ਨੂੰ ਆਪਣਾ ਦੋਸਤ ਬਣਾਇਆ ਜਾਵੇ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਕ ਹੋਰ ਬਾਰਡਰ 'ਤੇ ਚੀਨ ਤੋਂ ਚੌਕਸ ਰਹਿਣ ਦੀ ਅਪੀਲ ਕੀਤੀ। ਇੰਗਲੈਂਡ ਦੀ 'ਵਾਰ ਆਫ ਰੋਜ਼ਿਜ' ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਤਣਾਅ ਵੀ ਉਸੇ ਰਾਹ 'ਤੇ ਚੱਲ ਰਿਹਾ ਹੈ ਅਤੇ ਇਸ ਨੂੰ ਸ਼ਾਂਤੀ ਦੇ ਰਾਹ 'ਤੇ ਲਿਆਉਣ ਦੀ ਲੋੜ ਹੈ।
ਰਾਹੁਲ ਗਾਂਧੀ ਨੂੰ ਨੀਵਾਂ ਦਿਖਾਉਣ ਲਈ ਕੀਤੇ ਜਾ ਰਹੇ ਕੋਝੇ ਯਤਨ ਦੱਸਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਕਾਂਗਰਸ ਦੇ ਉਪ ਪ੍ਰ੍ਰਧਾਨ ਨੂੰ ਇਕ ਮੌਕਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਖਿਲਾਫ਼ ਇਕ ਗਹਿਰੀ ਸਾਜ਼ਿਸ਼ ਚੱਲ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਵੱਖ-ਵੱਖ ਮਜ਼ਾਕੀਆ ਨਾਵਾਂ ਨਾਲ ਸੰਬੋਧਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਇਕ ਸੰਜੀਦਾ ਆਗੂ ਹਨ, ਜੋ ਨਵੇਂ ਵਿਚਾਰਾਂ ਤੇ ਸੁਝਾਵਾਂ ਨੂੰ ਹਮੇਸ਼ਾ ਪਸੰਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਲੰਘੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਸੀ ਅਤੇ ਟਿਕਟਾਂ ਦੀ ਵੰਡ ਵਿੱਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਈ ਸੀ।