Latest News
ਕੈਪਟਨ ਦੇ ਸੁਝਾਅ 'ਤੇ ਰਾਜਨਾਥ ਕਾਲੀ ਸੂਚੀ 'ਤੇ ਨਜ਼ਰਸਾਨੀ ਲਈ ਸਹਿਮਤ

Published on 22 Apr, 2017 11:45 AM.


ਨਵੀਂ ਦਿੱਲੀ
(ਨਵਾਂ ਜ਼ਮਾਨਾ ਸਰਵਿਸ)
ਕਾਲੀ ਸੂਚੀ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਵੱਲ ਇਕ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੀ ਸੂਚੀ ਨੂੰ ਧਾਰਮਕ ਲੀਹਾਂ 'ਤੇ ਬਣਾਉਣ ਦੀ ਪ੍ਰਣਾਲੀ ਖਤਮ ਕਰਨ ਦਾ ਸੁਝਾਅ ਦਿੱਤਾ ਹੈ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮੰਨਿਆ ਕਿ ਮੌਜੂਦਾ ਪ੍ਰਣਾਲੀ ਨਾਲ ਸਿੱਖ ਨੌਜਵਾਨਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚੀ ਹੈ, ਕਿਉਂ ਜੋ ਇਨ੍ਹਾਂ ਵਿੱਚੋਂ ਬਹੁਤੇ ਨੌਜਵਾਨਾਂ ਦੇ ਨਾਂਅ ਪਿਛਲੇ ਕਈ ਸਾਲਾਂ ਤੋਂ ਇਸ ਸੂਚੀ ਵਿੱਚ ਦਰਜ ਹਨ। ਉਨ੍ਹਾ ਇਸ ਸੂਚੀ 'ਤੇ ਨਜ਼ਰਸਾਨੀ ਕਰਨ ਦੀ ਸਹਿਮਤੀ ਪ੍ਰਗਟਾਈ। ਕੇਂਦਰੀ ਗ੍ਰਹਿ ਮੰਤਰੀ ਨੇ ਕਾਲੀ ਸੂਚੀ ਵਿੱਚ ਸ਼ਾਮਲ ਸਿੱਖਾਂ ਦੇ ਬੱਚਿਆਂ ਨੂੰ ਭਾਰਤ ਆਉਣ ਦੀ ਆਗਿਆ ਦੇਣ ਲਈ ਮੁੱਖ ਮੰਤਰੀ ਦੀ ਬੇਨਤੀ ਨੂੰ ਪ੍ਰਵਾਨ ਕਰਨ ਦੀ ਵੀ ਸਹਿਮਤੀ ਜ਼ਾਹਰ ਕੀਤੀ।
ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਨੇ ਬੀਤੇ ਕੱਲ੍ਹ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਸ਼ਿਸ਼ਟਾਚਾਰ ਦੇ ਨਾਤੇ ਹੋਈ ਮੀਟਿੰਗ ਦੌਰਾਨ ਵੀ ਕਾਲੀ ਸੂਚੀ ਵਾਲੇ ਸਿੱਖ ਨੌਜਵਾਨਾਂ ਦਾ ਮੁੱਦਾ ਉਠਾਇਆ ਸੀ।
ਸੂਬੇ ਦੀ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਲਈ ਇਕ ਗੰਭੀਰ ਸਾਜ਼ਿਸ਼ ਦਾ ਦੋਸ਼ ਲਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਮਿੱਥ ਕੇ ਕੀਤੇ ਗਏ ਕਤਲ ਦੇ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਸੀ ਬੀ ਆਈ ਅਤੇ ਹੋਰਨਾਂ ਕੇਂਦਰੀ ਏਜੰਸੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੇ ਭਾਰਤ-ਪਾਕਿ ਸਰਹੱਦ ਉੱਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬੀ ਐੱਸ ਐੱਫ ਦੀਆਂ ਪੰਜ ਵਾਧੂ ਕੰਪਨੀਆਂ ਲਾਉਣ ਦੀ ਮੰਗ ਕਰਦੇ ਹੋਏ ਸਰਹੱਦ ਉੱਤੇ ਦੂਜੀ ਕਤਾਰ ਦੀ ਰੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਤਰਜ਼ ਉੱਤੇ ਬੀ ਅੱੈਸ ਐੱਫ ਨੂੰ ਤਾਇਨਾਤ ਕੀਤੇ ਜਾਣ ਦੀ ਜ਼ਰੂਰਤ ਹੈ, ਜਦਕਿ ਇਸ ਵੇਲੇ ਪੰਜਾਬ ਦੇ ਤਕਰੀਬਨ 32 ਕਿਲੋਮੀਟਰ ਇਲਾਕੇ ਵਿੱਚ ਬੀ ਐੱਸ ਐੱਫ ਦੀ ਸਿਰਫ ਇਕ ਬਟਾਲੀਅਨ ਹੈ। ਉਨ੍ਹਾ ਕਿਹਾ ਕਿ ਦੂਜੀ ਕਤਾਰ ਦੀ ਰੱਖਿਆ ਵਾਸਤੇ ਤੁਰੰਤ ਬੁਨਿਆਦੀ ਢਾਂਚਾ, ਸਮਰੱਥਾ ਨਿਰਮਾਣ ਅਤੇ ਮਾਨਵੀ ਸ਼ਕਤੀ ਦੇ ਵਾਸਤੇ ਤਕਰੀਬਨ 206 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਲੋੜ ਹੈ। ਮੁੱਖ ਮੰਤਰੀ ਨੇ ਦੇਸ਼ ਦੇ ਹਿੱਤ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਆਈ ਆਰ ਬੀ ਦੀਆਂ ਦੋ ਬਟਾਲੀਅਨਾਂ ਲਈ ਸਾਲਾਨਾ ਖਰਚੇ ਦੀ ਪੂਰਤੀ ਨਾਲ ਨਿਪਟਣ ਵਾਸਤੇ ਜ਼ਰੂਰੀ ਫੰਡ ਮੁਹੱਈਆ ਕਰਾਉਣ ਲਈ ਵੀ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ। ਇਨ੍ਹਾਂ ਦੋਵਾਂ ਬਟਾਲੀਅਨਾਂ ਵਿੱਚੋਂ ਹਰੇਕ ਲਈ ਹਾਲ ਹੀ 'ਚ 51.19 ਕਰੋੜ ਰੁਪਏ ਪ੍ਰਵਾਨ ਹੋਏ ਹਨ। ਜਨਵਰੀ 2016 ਤੋਂ ਪੰਜਾਬ ਵਿੱਚ ਆਰ ਐੱਸ ਐੱਸ, ਹਿੰਦੂ ਅਤੇ ਸ਼ਿਵ ਸੈਨਾ ਆਗੂਆਂ ਦੇ ਮਿੱਥ ਕੇ ਕੀਤੇ ਕਤਲਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੀ ਬੀ ਆਈ, ਕੇਂਦਰੀ ਏਜੰਸੀਆਂ ਅਤੇ ਸੂਬਾ ਪੁਲਸ ਵਿਚਕਾਰ ਵਧੀਆ ਤਾਲਮੇਲ ਅਤੇ ਬਿਹਤਰ ਕੋਸ਼ਿਸ਼ਾਂ ਕੀਤੇ ਜਾਣ ਦੇ ਬਾਵਜੂਦ ਕਾਤਲਾਂ ਨੂੰ ਫੜਣ ਜਾਂ ਗਰੁੱਪਾਂ/ਵਿਅਕਤੀਆਂ ਦੀ ਸ਼ਨਾਖਤ ਕਰਨੀ ਅਜੇ ਤੱਕ ਸੰਭਵ ਨਹੀਂ ਹੋਈ। ਕੇਂਦਰੀ ਏਜੰਸੀਆਂ ਤੋਂ ਹਾਲ ਹੀ ਵਿੱਚ ਪ੍ਰਾਪਤ ਹੋਈਆਂ ਰਿਪੋਰਟਾਂ ਅੱਤਵਾਦੀਆਂ/ ਗਰਮ ਖਿਆਲੀਆਂ ਸੰਸਥਾਵਾਂ/ ਵਿਅਕਤੀਆਂ ਵੱਲੋਂ ਆਰ ਐੱਸ ਐੱਸ ਦੀਆਂ ਸ਼ਖਾਵਾਂ, ਡੀ ਐੱਸ ਐੱਸ ਨਾਮ ਚਰਚਾ ਕੇਂਦਰਾਂ, ਧਾਰਮਿਕ ਸਥਾਨਾਂ ਅਤੇ ਮਿੱਥ ਕੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਵੱਲ ਇਸ਼ਾਰਾ ਕਰਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਲੰਬਿਤ ਪਏ ਕੇਸਾਂ ਦੇ ਹੱਲ ਲਈ ਵੱਖ-ਵੱਖ ਏਜੰਸੀਆਂ ਵੱਲੋਂ ਇਕੱਠੇ ਹੋ ਕੇ ਵਿਆਪਕ ਕੋਸ਼ਿਸ਼ਾਂ ਕਰਨ 'ਤੇ ਜ਼ੋਰ ਦਿੱਤਾ।
ਪੰਜਾਬ ਦੀਆਂ ਅਤਿ ਸੁਰੱਖਿਅਤ ਜੇਲ੍ਹਾਂ ਵਿੱਚ ਸੁਰੱਖਿਆ ਨਾਲ ਸਬੰਧਤ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਨ੍ਹਾਂ ਜੇਲ੍ਹਾਂ ਵਿੱਚ ਹਾਲ ਹੀ ਦੌਰਾਨ ਨਾਭਾ ਜੇਲ੍ਹ ਤੋੜਣ ਦੀ ਘਟਨਾ ਅਤੇ ਗੈਂਗਸਟਰਾਂ ਦੀ ਆਪਸੀ ਲੜਾਈ ਦੇ ਵੱਖ-ਵੱਖ ਮਾਮਲਿਆਂ ਸਮੇਤ ਹਿੰਸਾ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਅੱਤਵਾਦੀਆਂ ਦੀ ਗੈਂਗਸਟਰਾਂ ਨਾਲ ਗੰਢਤੁੱਪ ਨੂੰ ਗੰਭੀਰਤਾ ਨਾਲ ਲੈਂਦਿਆ ਮੁੱਖ ਮੰਤਰੀ ਨੇ ਰਾਜਨਾਥ ਸਿੰਘ ਨੂੰ ਸੂਬੇ ਦੀਆਂ ਅਤਿ ਸੁਰੱਖਿਅਤ ਜੇਲ੍ਹਾਂ ਦੀ ਸੁਰੱਖਿਆ ਲਈ ਸੀ ਆਈ ਐੱਸ ਐੱਫ/ਸੀ ਆਰ ਪੀ ਅੱੈਫ ਦੇ ਬਲ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਆਖਿਆ ਕਿ ਹਾਲ ਹੀ ਵਿੱਚ 8000 ਪੁਲਸ ਮੁਲਾਜ਼ਮਾਂ ਦੀ ਭਰਤੀ ਪ੍ਰਕ੍ਰਿਆ ਚੱਲ ਰਹੀ ਹੈ, ਪਰ ਇਨ੍ਹਾਂ ਮੁਲਾਜ਼ਮਾਂ ਨੂੰ ਸਿਖਲਾਈ ਦੇਣ ਅਤੇ ਫੀਲਡ ਡਿਊਟੀ ਲਈ ਤਾਇਨਾਤ ਕਰਨ ਵਾਸਤੇ ਇਕ ਸਾਲ ਤੋਂ ਵੱਧ ਦਾ ਸਮਾਂ ਲਗੇਗਾ।
ਮੁੱਖ ਮੰਤਰੀ ਨੇ ਪੁਲਸ ਫੋਰਸ ਦੇ ਆਧੁਨਿਕੀਕਰਨ ਲਈ ਵਿੱਤੀ ਸਹਾਇਤਾ ਵਾਸਤੇ ਪੰਜਾਬ ਨੂੰ ਸ਼੍ਰੇਣੀ-1 ਵਜੋਂ ਨੋਟੀਫਾਈ ਕਰਨ ਦੀ ਮੰਗ ਕਰਦਿਆਂ ਆਖਿਆ ਕਿ ਜੰਮੂ-ਕਸ਼ਮੀਰ ਅਤੇ ਉੱਤਰ-ਪੂਰਬੀ ਸੂਬਿਆਂ ਦੀ ਤਰਜ਼ 'ਤੇ ਪੰਜਾਬ ਨੂੰ ਵੀ ਕੇਂਦਰ ਤੇ ਸੂਬੇ ਨੂੰ 90:10 ਦੇ ਅਨੁਪਾਤ ਮੁਤਾਬਕ ਹਿੱਸੇਦਾਰੀ ਮੰਨਦਿਆਂ ਤਹਿਤ ਮਦਦ ਮੁਹੱਈਆ ਕਰਵਾਈ ਜਾਵੇ। ਪੁਲਸ ਲਈ ਵਧ ਰਹੀਆਂ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਪੁਲਸ ਫੋਰਸ ਨੂੰ ਹੋਰ ਮਜ਼ਬੂਤ ਬਣਾਉਣ ਦਾ ਮਸਲਾ ਉਠਾਉਂਦਿਆਂ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਪਾਸੋਂ ਹੋਮਲੈਂਡ ਸਕਿਉਰਟੀ ਲਈ ਇਜ਼ਰਾਈਲ ਨਾਲ ਸਾਂਝਾ ਵਰਕਿੰਗ ਗਰੁੱਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ। ਗ੍ਰਹਿ ਮੰਤਰੀ ਨੂੰ ਇਹ ਮੰਗ ਪਹਿਲ ਦੇ ਆਧਾਰ 'ਤੇ ਵਿਚਾਰਨ ਦੀ ਮੰਗ ਕਰਦਿਆਂ ਆਖਿਆ ਕਿ ਇਹ ਵਰਕਿੰਗ ਗਰੁੱਪ ਪੁਲਸ ਨੂੰ ਅੱਤਵਾਦ ਵਿਰੋਧੀ ਅਪਰੇਸ਼ਨਾਂ, ਸਰਹੱਦਾਂ ਦੀ ਰਾਖੀ ਸਮੇਤ ਹੋਰ ਖੇਤਰਾਂ ਦੀ ਵੀ ਲੋੜੀਂਦੀ ਸਿਖਲਾਈ ਦੇਵੇਗਾ।
ਇਸ ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸੂਬੇ ਦੇ ਪੁਲਸ ਮੁਖੀ ਸੁਰੇਸ਼ ਅਰੋੜਾ ਹਾਜ਼ਰ ਸਨ।

491 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper