ਅਖਿਲੇਸ਼ ਤੇ ਜਾਇਸਵਾਲ ਗਏ ਸ਼ਹੀਦ ਆਯੂਸ਼ ਦੇ ਘਰ


ਕਾਨ੍ਹਪੁਰ (ਨ ਜ਼ ਸ)
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਅੱਜ ਜੰਮੂ-ਕਸ਼ਮੀਰ 'ਚ ਫੌਜ ਦੇ ਕੈਂਪ 'ਤੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਕੈਪਟਨ ਆਯੂਸ਼ ਯਾਦਵ ਦੇ ਘਰ ਗਏ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਪਰਵਾਰ ਨਾਲ ਹਮਦਰਦੀ ਵੀ ਪ੍ਰਗਟਾਈ। ਇਸੇ ਦੌਰਾਨ ਯੂ ਪੀ ਸਰਕਾਰ ਨੇ ਸ਼ਹੀਦ ਦੇ ਪਰਵਾਰ ਨੂੰ 30 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਖਿਲੇਸ਼ ਯਾਦਵ ਨੇ ਕਿਹਾ ਕਿ ਦੇਸ਼ ਦੀ ਅੰਦਰੂਨੀ ਸਥਿਤੀ ਠੀਕ ਨਹੀਂ ਹੈ। ਪਹਿਲਾਂ ਸੁਕਮਾ 'ਚ ਸਾਡੇ ਜਵਾਨ ਮਾਰੇ ਗਏ ਅਤੇ ਹੁਣ ਕੁਪਵਾੜਾ 'ਚ ਅੱਤਵਾਦੀਆਂ ਨੇ ਦੇਸ਼ ਦੀ ਸੁਰੱਖਿਆ ਨੂੰ ਚੁਣੌਤੀ ਦਿੱਤੀ। ਉਨ੍ਹਾ ਕਿਹਾ ਕਿ ਸਰਕਾਰ ਨੂੰ ਠੋਸ ਅਤੇ ਜ਼ਰੂਰੀ ਕਦਮ ਚੁੱਕਣ ਦੇ ਨਾਲ-ਨਾਲ ਜੁਆਬੀ ਕਾਰਵਾਈ ਕਰਨੀ ਚਾਹੀਦੀ ਹੈ। ਅਖਿਲੇਸ਼ ਯਾਦਵ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਜਾਇਸਵਾਲ ਕੈਪਟਨ ਆਯੂਸ਼ ਦੇ ਘਰ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾ ਕਿਹਾ ਕਿ ਅੱਤਵਾਦੀ ਹਮਲਿਆਂ ਲਈ ਕੇਂਦਰ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹਨ ਅਤੇ ਕੇਂਦਰ ਸਰਕਾਰ ਨੂੰ ਬਿਆਨਬਾਜ਼ੀ ਕਰਨ ਦੀ ਥਾਂ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਸਰਕਾਰ ਨੂੰ ਅੱਤਵਾਦ ਵਿਰੁੱਧ ਸਖਤ ਅਤੇ ਸਪੱਸ਼ਟ ਪਹੁੰਚ ਅਪਨਾਉਣੀ ਚਾਹੀਦੀ ਹੈ।