ਕਾਂਗਰਸੀ ਲੀਡਰ 'ਤੇ ਜਾਨ ਲੇਵਾ ਹਮਲਾ


ਲੁਧਿਆਣਾ (ਨਵਾਂ ਜ਼ਮਾਨਾ ਸਰਵਿਸ)
ਅਕਾਲੀ ਦਲ-ਬੀਜੇਪੀ ਤੇ 'ਆਪ' ਦੇ ਵਰਕਰਾਂ ਉੱਤੇ ਕਾਂਗਰਸੀ ਆਗੂ ਨੇ ਜਾਨ ਲੇਵਾ ਹਮਲਾ ਕਰਨ ਦਾ ਇਲਜ਼ਾਮ ਲਾਇਆ ਹੈ। ਹਮਲੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਵੀ ਹੋਇਆ ਹੈ। ਜ਼ਖਮੀ ਹਾਲਤ ਵਿੱਚ ਕਾਂਗਰਸੀ ਵਰਕਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਮਲੇ ਦੀ ਸਾਰੀ ਘਟਨਾ ਨੇੜੇ ਲੱਗੇ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਵੀ ਹੋਈ ਹੈ। ਪੀੜਤ ਕਮਲ ਰਾਮਪਾਲ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਇਲਜ਼ਾਮ ਲਾਇਆ ਕਿ ਬੀਤੀ ਰਾਤ ਜਦੋਂ ਉਹ ਆਪਣਾ ਸਕੂਟਰ ਠੀਕ ਕਰਵਾ ਰਿਹਾ ਸੀ ਤਾਂ ਕੁਝ ਹਥਿਆਰਬੰਦ ਬੰਦਿਆਂ ਨੇ ਉਸ ਉੱਤੇ ਅਚਾਨਕ ਹਮਲਾ ਕਰ ਦਿੱਤਾ। ਦੂਜੇ ਪਾਸੇ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਆਖਿਆ ਕਿ ਅਕਾਲੀ ਦਲ ਆਪਣੀ ਹਾਰ ਨੂੰ ਹਜ਼ਮ ਨਹੀਂ ਕਰ ਪਾ ਰਿਹਾ। ਇਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਹੈ। ਦੂਜੇ ਪਾਸੇ ਅਕਾਲੀ ਦਲ ਯੂਥ ਵਿੰਗ ਦੇ ਲੁਧਿਆਣਾ ਤੋਂ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।