ਵਿਧਾਨ ਸਭਾ ਨੇ ਦੋ ਮਿੰਟ ਦਾ ਮੌਨ ਰੱਖਿਆ


ਚੰਡੀਗੜ੍ਹ (ਕ੍ਰਿਸ਼ਨ ਗਰਗ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਦੇ ਉੱਘੇ ਨਾਟਕਕਾਰ ਤੇ ਰੰਗਕਰਮੀ ਪ੍ਰੋ. ਅਜਮੇਰ ਸਿੰਘ ਔਲਖ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ, ਜੋ ਲੰਮੀ ਬਿਮਾਰੀ ਉਪਰੰਤ ਅੱਜ ਸਵੇਰੇ ਚੱਲ ਵਸੇ।
ਅੱਜ ਇੱਥੇ ਜਾਰੀ ਕੀਤੇ ਗਏ ਇਕ ਸ਼ੋਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੋ. ਔਲਖ ਨੂੰ ਪੰਜਾਬੀ ਬੋਲੀ, ਸਾਹਿਤ ਖਾਸ ਕਰਕੇ ਪੰਜਾਬੀ ਨਾਟਕ ਅਤੇ ਰੰਗਮੰਚ ਦੇ ਵਿਕਾਸ ਵਿਚ ਪਾਏ ਗਏ ਵਿਲੱਖਣ ਯੋਗਦਾਨ ਬਦਲੇ ਸਦਾ ਲਈ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਗਰੀਬ ਕਿਸਾਨਾਂ, ਖੇਤ ਮਜ਼ਦੂਰਾਂ, ਦਿਹਾੜੀਦਾਰ ਕਾਮਿਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਭਾਰਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੋ. ਔਲਖ ਦਾ ਸਮੁੱਚਾ ਕਾਰਜ ਨਾ ਸਿਰਫ ਸਾਹਿਤਕ ਸਿਰਜਣਾ ਸਗੋਂ ਪ੍ਰੇਰਨਾ ਦਾ ਸਰੋਤ ਵੀ ਹੈ, ਜੋ ਕਮਜ਼ੋਰ ਵਰਗਾਂ ਨੂੰ ਆਪਣਾ ਜੀਵਨ ਸਵੈ-ਮਾਣ ਨਾਲ ਜਿਉਣ ਦਾ ਸੁਨੇਹਾ ਦਿੰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਨਾਟਕਕਾਰ ਦੇ ਤੁਰ ਜਾਣ ਨਾਲ ਸਾਹਿਤਕ ਸੰਸਾਰ ਵਿੱਚ ਅਜਿਹਾ ਖਲਾਅ ਪੈਦਾ ਹੋ ਗਿਆ, ਜਿਸ ਨੂੰ ਪੂਰਿਆ ਨਹੀਂ ਜਾ ਸਕਦਾ।
ਦੁਖੀ ਪਰਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਅੱਜ ਵਿਧਾਨ ਸਭਾ ਦੇ ਇਜਲਾਸ ਦੇ ਸ਼ੁਰੂ ਵਿੱਚ ਸਪੀਕਰ ਨੇ ਪ੍ਰੋ. ਔਲਖ ਦਾ ਸ਼ੋਕ ਮਤਾ ਪੜ੍ਹਿਆ ਅਤੇ ਸਦਨ ਨੇ ਵਿਛੜੀ ਰੂਹ ਦੀ ਯਾਦ ਵਿੱਚ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਧਾਰਿਆ। ਪ੍ਰੋ. ਔਲਖ ਦੇ ਪੰਜਾਬੀ ਸਾਹਿਤ ਅਤੇ ਰੰਗਮੰਚ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਭਾਰਤ ਸਰਕਾਰ ਵੱਲੋਂ ਸਾਹਿਤ ਅਕਾਦਮੀ ਅਤੇ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਨਾਟਕਕਾਰ ਦੇ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ।