ਗੋਰਖਪੁਰ ਹਸਪਤਾਲ ; ਕੇਂਦਰ ਵੱਲੋਂ ਯੂ ਪੀ ਸਰਕਾਰ ਤੋਂ ਰਿਪੋਰਟ ਤਲਬ

ਨਵੀਂ ਦਿੱਲੀ/ਲਖਨਊ
(ਨਵਾਂ ਜ਼ਮਾਨਾ ਸਰਵਿਸ)
ਗੋਰਖਪੁਰ ਦੇ ਮੈਡੀਕਲ ਕਾਲਜ ਹਸਪਤਾਲ 'ਚ ਪਿਛਲੇ ਦੋ ਦਿਨਾਂ ਦੌਰਾਨ 30 ਬੱਚਿਆਂ ਸਮੇਤ 60 ਵਿਅਕਤੀਆਂ ਦੀਆਂ ਹੋਈਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਅਨੂਪ੍ਰਿਆ ਪਟੇਲ ਨੂੰ ਮਾਮਲੇ ਦੀ ਸਮੀਖਿਆ ਲਈ ਗੋਰਖਪੁਰ ਭੇਜਿਆ ਹੈ, ਉਥੇ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਸ ਸੰਬੰਧ ਵਿੱਚ ਮੁੱਖ ਮੰਤਰੀ ਅਦਿੱਤਿਆ ਨਾਥ ਨਾਲ ਵੀ ਟੈਲੀਫੋਨ 'ਤੇ ਗੱਲਬਾਤ ਕੀਤੀ।
ਉਧਰ ਯੂ ਪੀ ਸਰਕਾਰ ਨੇ ਬੀ ਆਰ ਡੀ ਕਾਲਜ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ, ਜਿਸ ਮਗਰੋਂ ਪ੍ਰਿਸੀਪਲ ਨੇ ਅਸਤੀਫ਼ਾ ਦੇ ਦਿੱਤਾ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾ ਕਿਹਾ ਕਿ ਇਹ ਗੱਲ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣਗੇ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।
ਉਨ੍ਹਾ ਕਿਹਾ ਕਿ ਮਰੀਜ਼ ਇੰਫੇਲਾਈਟਸ ਨਾਮੀ ਬਿਮਾਰੀ ਤੋਂ ਪੀੜਤ ਸਨ, ਜੋ ਗੰਦਗੀ ਕਾਰਨ ਫੈਲਦੀ ਹੈ। ਉਨ੍ਹਾ ਕਿਹਾ ਕਿ ਗੋਰਖਪੁਰ ਹਾਦਸਾ ਬੇਹੱਦ ਦੁਖਦਾਈ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਸੂਰਤ 'ਚ ਬਖਸ਼ਿਆ ਨਹੀਂ ਜਾਵੇਗਾ। ਉਧਰ ਨਵੀਂ ਦਿੱਲੀ 'ਚ ਸਿਹਤ ਅਤੇ ਪਰਵਾਰ ਰਾਜ ਮੰਤਰੀ ਅਨੂ ਪ੍ਰਿਆ ਪਟੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਾਦਸੇ ਤੋਂ ਦੁਖੀ ਹਨ ਅਤੇ ਉਨ੍ਹਾ ਨੇ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰੀ ਸਿਹਤ ਮੰਤਰੀ ਜੇ ਪੀ ਨੱਢਾ ਨੇ ਸੂਬੇ ਦੇ ਸਿਹਤ ਮੰਤਰੀ ਸਿਧਾਰਥ ਨਾਥ ਸਿੰਘ ਤੋਂ ਮਾਮਲੇ ਬਾਰੇ ਰਿਪੋਰਟ ਮੰਗੀ ਹੈ।
ਸੂਬੇ ਦੇ ਸਿਹਤ ਮੰਤਰੀ ਸਿਧਾਰਥ ਨਾਥ ਸਿੰਘ ਦਾ ਕਹਿਣਾ ਹੈ ਕਿ ਮੈਡੀਕਲ ਕਾਲਜ 'ਚ ਆਕਸੀਜਨ ਦੀ ਸਪਲਾਈ ਬੰਦ ਸੀ, ਪਰ ਬੱਚਿਆਂ ਦੀ ਮੌਤ ਦਾ ਕਾਰਨ ਨਹੀਂ। ਉਨ੍ਹਾ ਕਿਹਾ ਕਿ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਘਟਨਾ ਦੀ ਨਿਖੇਧੀ ਕਰਦਿਆਂ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਕਿ ਸਭ ਕੁਝ ਸੂਬਾ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ ਹੈ। ਉਨ੍ਹਾ ਕਿਹਾ ਕਿ ਸੱਚਾਈ ਤਾਂ ਇਹ ਹੈ ਕਿ ਆਕਸੀਜਨ ਸਪਲਾਈ ਕਰਨ ਵਾਲੀ ਕੰਪਨੀ ਨੇ ਕਾਲਜ ਪ੍ਰਸ਼ਾਸਨ ਨੂੰ ਚਿੱਠੀ ਲਿਖੀ ਸੀ ਕਿ ਜੇ ਉਸ ਨੂੰ ਅਦਾਇਗੀ ਨਾ ਕੀਤੀ ਗਈ ਤਾਂ ਕੰਪਨੀ ਵੱਲੋਂ ਸਪਲਾਈ ਰੋਕ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਇਸ ਤੋਂ ਇਹ ਗੱਲ ਬਿਲਕੁੱਲ ਸਾਫ਼ ਹੈ ਕਿ ਮੌਤਾਂ ਆਕਸੀਜਨ ਦੀ ਘਾਟ ਕਾਰਨ ਹੀ ਹੋਈਆਂ। ਉਨ੍ਹਾ ਮੰਗ ਕੀਤੀ ਕਿ ਸਾਰੇ ਮ੍ਰਿਤਕਾਂ ਦੇ ਪਰਵਾਰਾਂ ਨੂੰ 20-20 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ। ਭਾਜਪਾ ਆਗੂ ਸੁਧੀਂਦਰ ਭਦੋਰਿਆ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਮ੍ਰਿਤਕਾਂ ਦੇ ਪਰਵਾਰਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ ਅਤੇ ਨੈਤਿਕਤਾ ਦੇ ਅਧਾਰ 'ਤੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸੂਬਾ ਕਾਂਗਰਸ ਪ੍ਰਧਾਨ ਰਾਜ ਬਬਰ ਨੇ ਮਾਮਲੇ ਦੀ ਜਾਂਚ ਲਈ ਸੰਸਦ ਮੈਂਬਰਾਂ ਦੀ ਕਮੇਟੀ ਬਣਾਏ ਜਾਣ ਦੀ ਮੰਗ ਕੀਤੀ ਹੈ। ਉਧਰ ਸੂਬੇ ਦੇ ਡਿਪਟੀ ਮੁੱਖ ਮੰਤਰੀ ਦੇਸਵ ਪ੍ਰਸਾਦ ਮੋਰਿਆ ਨੇ ਕਿਹਾ ਕਿ ਵਿਰੋਧੀ ਧਿਰ ਐਵੇਂ ਸਿਆਸਤ ਕਰ ਰਹੀ ਹੈ। ਸੂਬਾ ਸਰਕਾਰ ਲੋਕਾਂ ਦੀ ਸੇਵਾ ਲਈ ਹਰ ਵੇਲੇ ਤਿਆਰ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।