Latest News
ਪਿਛਲੇ ਦਹਾਕੇ 'ਚ ਪੰਜਾਬੀਆਂ ਨੂੰ ਆਰਥਿਕ ਗੁਲਾਮ ਬਣਾ ਦਿੱਤਾ ਗਿਆ : ਬ੍ਰਹਮ ਮਹਿੰਦਰਾ

Published on 16 Aug, 2017 11:24 AM.


ਈਸੜੂ (ਖੰਨਾ), (ਸੁਖਵਿੰਦਰ ਸਿੰਘ ਭਾਦਲਾ, ਅਰਵਿੰਦਰ ਸਿੰਘ)
ਪੰਜਾਬ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸ਼ਹੀਦਾਂ ਦੇ ਖੂਨ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਗੁਲਾਮੀ ਵਿੱਚ ਤਬਦੀਲ ਨਹੀਂ ਹੋਣ ਦੇਣਗੇ। ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਆਰਥਿਕ ਗੁਲਾਮੀ ਦਾ ਸ਼ਿਕਾਰ ਬਣਾ ਦਿੱਤਾ ਗਿਆ ਹੈ, ਇਸ ਸਥਿਤੀ ਨੂੰ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਸ੍ਰੀ ਮਹਿੰਦਰਾ ਨੇ ਇਹ ਵਿਚਾਰ ਪਿੰਡ ਈਸੜੂ ਵਿਖੇ ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਸ੍ਰੀ ਮਹਿੰਦਰਾ ਨੇ ਕਿਹਾ ਕਿ ਇਹ ਪੰਜਾਬ ਅਤੇ ਇਥੋਂ ਦੇ ਲੋਕਾਂ ਦੀ ਤ੍ਰਾਸਦੀ ਹੀ ਕਹੀ ਜਾ ਸਕਦੀ ਹੈ ਕਿ ਪਿਛਲੇ 10 ਸਾਲਾਂ ਦੌਰਾਨ ਇਥੋਂ ਦੇ ਲੋਕਾਂ ਨੂੰ ਕੁੱਟਿਆ ਅਤੇ ਲੁੱਟਿਆ ਗਿਆ, ਉਥੇ ਪੰਜਾਬ ਨੂੰ ਆਰਥਿਕ ਪੱਖੋਂ ਬਿਲਕੁਲ ਹੀ ਕੰਗਾਲ ਕਰਕੇ ਰੱਖ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ-ਭਾਜਪਾ ਗਠਜੋੜ ਨੇ ਲੋਕਾਂ ਦੇ ਪੈਸੇ ਦੀ ਰੱਜ ਕੇ ਦੁਰਵਰਤੋਂ ਕੀਤੀ। ਨਤੀਜਾ ਇਹ ਹੋਇਆ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਮੌਕੇ ਪੰਜਾਬ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਸੀ। ਹੁਣ ਪੰਜਾਬ ਕੈਪਟਨ ਸਰਕਾਰ ਵੱਲੋਂ ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਛੇ ਮਹੀਨੇ ਦਾ ਹੋਰ ਸਮਾਂ ਦੇਣ ਤਾਂ ਜੋ ਸੂਬੇ ਇਸ ਆਰਥਿਕ ਸੰਕਟ ਵਿੱਚੋਂ ਕੱਢ ਕੇ ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਲੀਹੇ ਪਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਕੁਰਬਾਨੀ ਦਾ ਜਜ਼ਬਾ ਸਿੱਖ ਗੁਰੂਆਂ ਤੋਂ ਵਿਰਸੇ ਵਿੱਚ ਮਿਲਿਆ ਹੈ ਅਤੇ ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਪਾਏ ਬੇਮਿਸਾਲ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਯੋਗਦਾਨ ਸਾਡੇ ਅੱਜ ਦੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਦਾ ਵਿਕਾਸ ਕਰਨ 'ਚ ਸਹਾਈ ਸਿੱਧ ਹੋਵੇਗਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਨੂੰ ਇਤਿਹਾਸ ਵਿੱਚ ਆਰਥਿਕ ਅੱਤਵਾਦ ਦੇ ਦੌਰ ਦੇ ਨਾਂਅ ਨਾਲ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਇਸ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਆਪਣੇ ਨਿੱਜੀ ਲਾਭ ਲਈ ਵਰਤਿਆ ਕਿ ਅੱਜ ਪੰਜਾਬ ਆਰਥਿਕ ਤੌਰ 'ਤੇ ਟੁੱਟ ਚੁੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਪਰਵਾਰ ਨੇ ਪੰਜਾਬ ਦੇ ਸਾਰੇ ਕਾਰੋਬਾਰਾਂ 'ਤੇ ਕਬਜ਼ਾ ਅਤੇ ਏਕਾਅਧਿਕਾਰ ਸਥਾਪਤ ਕਰਨ ਦੀ ਨੀਅਤ ਨਾਲ ਸੂਬੇ ਨੂੰ ਰੱਜ ਕੇ ਲੁੱਟਿਆ। ਪਿਛਲੇ 10 ਸਾਲਾਂ ਦੇ ਕੁਸ਼ਾਸਨ ਦਾ ਨਤੀਜਾ ਇਹ ਹੈ ਕਿ ਅੱਜ ਪੰਜਾਬ 3.5 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਖੁਦਕੁਸ਼ੀਆਂ ਦਾ ਰਾਹ ਛੱਡ ਕੇ ਪੰਜਾਬ ਸਰਕਾਰ ਦੇ ਵਾਅਦੇ 'ਤੇ ਇਤਬਾਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਉਂਦੇ ਸਮੇਂ ਵਿੱਚ 17 ਲੱਖ ਤੋਂ ਵਧੇਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਬਰ ਵਿਰੋਧੀ ਲਹਿਰ ਸ਼ੁਰੂ ਕਰਨ ਨੂੰ ਰਾਜਨੀਤਕ ਡਰਾਮਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜੋ ਖੁਦ ਜ਼ਬਰ ਕਰਦੇ ਰਹੇ ਹੋਣ, ਉਹ ਲੋਕਾਂ ਵੱਲੋਂ ਚੁਣੀ ਗਈ ਸਰਕਾਰ 'ਤੇ ਕਿਹੜੇ ਮੂੰਹ ਨਾਲ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਅਤੇ ਇਨ੍ਹਾਂ ਦੇ ਰਿਸ਼ਤੇਦਾਰਾਂ ਦਾ ਨਾਂਅ ਇਤਿਹਾਸ ਦੇ ਪੰਨਿਆਂ 'ਤੇ ਕਾਲੇ ਅੱਖ਼ਰਾਂ ਵਿੱਚ ਦਰਜ ਹੋਵੇਗਾ। ਉਨ੍ਹਾਂ ਪਿੰਡ ਈਸੜੂ ਦੇ ਖੇਡ ਸਟੇਡੀਅਮ ਲਈ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਵੋਟ ਦਾ ਮੁੱਲ ਮੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਬਾਰੇ ਅਕਾਲੀ-ਭਾਜਪਾ ਗਠਜੋੜ ਵੱਲੋਂ ਕਿਸਾਨਾਂ ਨੂੰ ਜਾਣ-ਬੁੱਝ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ, ਪਰ ਸੱਚਾਈ ਇਹ ਹੈ ਕਿ ਕਿਸਾਨਾਂ ਦਾ ਕਰਜ਼ਾ ਜਲਦ ਹੀ ਪੂਰੀ ਤਰ੍ਹਾਂ ਮੁਆਫ਼ ਹੋ ਜਾਵੇਗਾ। ਕਰਜ਼ਾ ਮੁਆਫ਼ੀ ਬਾਰੇ ਕੇਂਦਰ ਸਰਕਾਰ 'ਤੇ ਜ਼ਿੰਮੇਵਾਰੀ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਸਿਰ ਕਰਜ਼ਾ ਦੇਸ਼ ਦਾ ਢਿੱਡ ਭਰਨ ਕਰਕੇ ਚੜ੍ਹਿਆ ਹੈ। ਜਿਸ ਨੂੰ ਰਾਸ਼ਟਰੀ ਮਸਲੇ ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ।
ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਈਸੜੂ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਜੇਕਰ ਪਿਛਲੀ ਸਰਕਾਰ ਨੇ ਇਸ ਇਲਾਕੇ ਦੇ ਵਿਕਾਸ ਦੀ ਸਾਰ ਲਈ ਹੁੰਦੀ ਤਾਂ ਅੱਜ ਉਨ੍ਹਾਂ ਨੂੰ ਆਪਣੇ ਇਲਾਕੇ ਦੀਆਂ ਮੰਗਾਂ ਸੰਬੰਧੀ ਵੇਰਵਾ ਨਾ ਪੇਸ਼ ਕਰਨਾ ਪੈਂਦਾ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸਮੇਤ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਹੀਦ ਕਰਨੈਲ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ, ਵਿਧਾਇਕ ਸ੍ਰ. ਲਖ਼ਬੀਰ ਸਿੰਘ ਲੱਖਾ, ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ, ਵਿਧਾਇਕ ਸ੍ਰ. ਕੁਲਜੀਤ ਸਿੰਘ ਨਾਗਰਾ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਜ਼ਿਲ੍ਹਾ ਪੁਲਸ ਮੁਖੀ ਖੰਨਾ ਸ੍ਰ. ਨਵਜੋਤ ਸਿੰਘ ਮਾਹਲ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸ੍ਰ. ਅਮਰਜੀਤ ਸਿੰਘ ਟਿੱਕਾ, ਜ਼ਿਲ੍ਹਾ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਡਾ. ਅਮਰ ਸਿੰਘ ਤੋਂ ਇਲਾਵਾ ਕਈ ਉੱਚ ਅਧਿਕਾਰੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

232 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper