ਫ਼ੈਸਲੇ ਵਿਰੁੱਧ ਹਾਈ ਕੋਰਟ ਜਾਣਗੇ ਡੇਰਾ ਮੁਖੀ

ਸਿਰਸਾ/ਰੋਹਤਕ (ਨਵਾਂ ਜ਼ਮਾਨਾ ਸਰਵਿਸ)
ਬਲਾਤਕਾਰ ਮਾਮਲੇ 'ਚ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਸੱਚਾ ਸੌਦਾ ਦੇ ਇੱਕ ਤਰਜਮਾਨ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਿਸ਼ੇਸ਼ ਸੀ ਬੀ ਆਈ ਅਦਾਲਤ ਦੇ ਫ਼ੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਜਾਵੇਗੀ।
ਤਰਜਮਾਨ ਨੇ ਕਿਹਾ ਕਿ ਡੇਰਾ ਮੁਖੀ ਨੂੰ ਇਨਸਾਫ਼ ਲਈ ਪੂਰੀ ਅਦਾਲਤੀ ਲੜਾਈ ਲੜੀ ਜਾਵੇਗੀ ਤੇ ਡੇਰਾ ਮੁਖੀ ਦੇ ਵਕੀਲ ਅਦਾਲਤ ਦੇ ਫ਼ੈਸਲੇ ਨੂੰ ਪੜ੍ਹਨ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਅਪੀਲ ਕਰਨਗੇ।
ਵਿਸ਼ੇਸ਼ ਸੀ ਬੀ ਆਈ ਅਦਾਲਤ ਵੱਲੋਂ ਬਲਾਤਕਾਰ ਮਾਮਲੇ 'ਚ 10 ਸਾਲ ਦੀ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਵਕੀਲਾਂ ਵੱਲੋਂ ਉਨ੍ਹਾ ਨੂੰ ਜੇਲ੍ਹ 'ਚੋਂ ਬਾਹਰ ਕਢਵਾਉਣ ਲਈ ਵੱਖ-ਵੱਖ ਬਦਲਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਮੁਖੀ ਦੇ ਵਕੀਲਾਂ ਵੱਲੋਂ ਸੀ ਬੀ ਆਈ ਅਦਾਲਤ ਦੇ ਫ਼ੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਜਾ ਸਕਦੀ ਹੈ ਜਾਂ ਫੇਰ ਹਾਈ ਕੋਰਟ 'ਚ ਡੇਰਾ ਮੁਖੀ ਨੂੰ ਸਜ਼ਾ 'ਤੇ ਰੋਕ ਦੀ ਮੰਗ ਦੀ ਅਪੀਲ ਕਰਦਿਆਂ ਜ਼ਮਾਨਤ ਦੀ ਮੰਗ ਕੀਤੀ ਜਾ ਸਕਦੀ ਹੈ।
ਸੂਤਰਾਂ ਅਨੁਸਾਰ ਡੇਰਾ ਮੁਖੀ ਦੇ ਵਕੀਲਾ ਵੱਲੋਂ ਉਨ੍ਹਾ ਦੀ ਸਿਹਤ ਅਤੇ ਦੂਜੇ ਕਾਰਨਾਂ ਦਾ ਹਵਾਲਾ ਦੇ ਕੇ ਡੇਰਾ ਮੁਖੀ ਨੂੰ ਅੰਤਰਿਮ ਜ਼ਮਾਨਤ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ ਅਤੇ ਡੇਰਾ ਮੁਖੀ ਦੀ ਪਟੀਸ਼ਨ ਰੱਦ ਕੀਤੇ ਜਾਣ ਦੀ ਸੂਰਤ 'ਚ ਡੇਰਾ ਮੁਖੀ ਨੂੰ ਰਾਹਤ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ।