Latest News
ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ

Published on 20 Sep, 2017 10:46 AM.

ਚੰਡੀਗੜ੍ਹ, (ਨਵਾਂ ਜ਼ਮਾਨਾ ਸਰਵਿਸ)-ਸੂਬੇ ਵਿੱਚ ਸਰਕਾਰੀ ਸਕੂਲ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਤੋਂ ਬਾਅਦ ਅੱਜ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੀ ਤਜਵੀਜ਼ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨਾਲ ਅਗਲੇ ਅਕਾਦਮਿਕ ਸੈਸ਼ਨ ਤੋਂ ਦਾਖ਼ਲੇ ਆਰੰਭ ਹੋ ਜਾਣਗੇ। ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਨਾਲ ਹੁਣ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਤਿੰਨ ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਦਾਖ਼ਲਾ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ, ਜਿਨ੍ਹਾਂ ਦੀਆਂ ਕਲਾਸਾਂ ਆਉਂਦੇ ਵਿਦਿਅਕ ਸੈਸ਼ਨ ਦੌਰਾਨ ਸ਼ੁਰੂ ਹੋਣਗੀਆਂ।
ਮੌਜੂਦਾ ਨਿਯਮਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਛੇ ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਨੂੰ ਦਾਖ਼ਲਾ ਦਿੱਤਾ ਜਾ ਸਕਦਾ ਹੈ। ਇਸ ਫੈਸਲੇ ਨਾਲ ਜਿੱਥੇ ਛੋਟੇ ਬੱਚਿਆਂ ਨੂੰ ਮੁਢਲੀ ਸਿੱਖਿਆ ਤੇ ਸੰਭਾਲ ਮੁਹੱਈਆ ਹੋਵੇਗੀ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਦੀ ਘਟ ਰਹੀ ਗਿਣਤੀ ਨੂੰ ਠੱਲ੍ਹ ਪਵੇਗੀ।
ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਦੇ ਸਿਲੇਬਸ ਵਿੱਚ ਹੋਰ ਸੁਧਾਰ ਕਰਨ ਦਾ ਸੁਝਾਅ ਦਿੰਦਿਆਂ ਆਖਿਆ ਕਿ ਇਸ ਵਿੱਚ ਇਤਿਹਾਸਕ ਘਟਨਾਵਾਂ ਅਤੇ ਮਹਾਨ ਨਾਇਕਾਂ ਨੂੰ ਸ਼ਾਮਲ ਕੀਤਾ ਜਾਵੇ, ਜਿਸ ਨਾਲ ਸਾਡੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਣ ਵਿੱਚ ਮਦਦ ਮਿਲੇਗੀ। ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਡੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਸੰਬੰਧਤ ਵਿਸ਼ਿਆਂ ਨੂੰ ਵੀ ਕੋਰਸ ਦਾ ਹਿੱਸਾ ਬਣਾਉਣ ਦਾ ਸੁਝਾਅ ਦਿੱਤਾ।

3490 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper