ਜ਼ਿਮਨੀ ਚੋਣ ਲਈ ਜਾਖੜ ਤੇ ਸਲਾਰੀਆ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ


ਗੁਰਦਾਸਪੁਰ (ਜਨਕ ਮਹਾਜਨ, ਰਮੇਸ਼ ਸ਼ਰਮਾ)
ਸ. ਗੁਰਲਵਲੀਨ ਸਿੰਘ ਸਿੱਧੂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਕੁਲ 14 ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ ਹਨ।
ਗੁਰਦਾਸਪੁਰ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੇ ਆਖਰੀ ਦਿਨ ਕਾਂਗਰਸ ਵਲੋਂ ਸੁਨੀਲ ਜਾਖੜ ਤੇ ਕਵਰਿੰਗ ਉਮੀਦਵਾਰ ਵਜੋਂ ਅਸ਼ੋਕ ਚੌਧਰੀ, ਭਾਜਪਾ ਵਲੋਂ ਸਵਰਨ ਸਲਾਰੀਆ ਤੇ ਕਵਰਿੰਗ ਉਮੀਦਵਾਰ ਵਜੋਂ ਸੰਤੋਸ਼ ਸਵਰਨ ਸਿੰਘ ਸਲਾਰੀਆ, ਕੁਲਵੰਤ ਸਿੰਘ ਨੇ ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਅਤੇ ਸਤਨਾਮ ਸਿੰਘ, ਪਵਨ ਕੁਮਾਰ, ਪਰਵਿੰਦਰ ਸਿੰਘ ਤੇ ਸੰਦੀਪ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਲ ਕਰਵਾਏ। ਇਸ ਤੋਂ ਪਹਿਲਾਂ ਪੰਜ ਉਮੀਦਵਾਰ ਕਾਗਜ਼ ਦਾਖਲ ਕਰਵਾ ਚੁੱਕੇ ਹਨ। ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ 25 ਸਤੰਬਰ ਤੱਕ ਕਾਗਜ਼ਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ। 27 ਸਤੰਬਰ ਤੱਕ ਕਾਗਜ਼ ਵਾਪਸ ਲਏ ਜਾ ਸਕਦੇ ਹਨ। 11 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 15 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਅੱਜ ਨਾਮਜ਼ਦਗੀ ਦਾਖ਼ਲ ਕਰਨ ਸਮੇਂ ਕਾਂਗਰਸ ਦੇ ਪੰਜਾਬ ਪ੍ਰਧਾਨ ਨੇ ਤਾਂ ਆਪਣੇ ਵਿਰੋਧੀਆਂ ਨੂੰ ਖੁੱਲ੍ਹੀ ਬਹਿਸ ਲਈ ਚੁਣੌਤੀ ਵੀ ਦੇ ਦਿੱਤੀ।ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਭਾਈਵਾਲ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਭਗਵੰਤ ਮਾਨ ਨੂੰ ਖੁੱਲ੍ਹੀ ਬਹਿਸ ਕਰਨ ਦੀ ਪੇਸ਼ਕਸ਼ ਵੀ ਕੀਤੀ।
ਇਸ ਮੌਕੇ ਸੁਨੀਲ ਜਾਖੜ ਨੂੰ ਹੌਸਲਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਤੇ ਨਵਜੋਤ ਸਿੰਘ ਸਿੱਧੂ ਸ਼ਾਮਲ ਹੋਏ, ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਆਪਣੇ ਉਮੀਦਵਾਰ ਸਵਰਨ ਸਲਾਰੀਆ ਦੀ ਹੌਸਲਾ ਅਫ਼ਜ਼ਾਈ ਲਈ ਪਹੁੰਚੇ।
ਕੈਪਟਨ ਤੇ ਜਾਖੜ ਦੋਵਾਂ ਨੇ ਦਾਅਵਾ ਕੀਤਾ ਕਿ ਲੋਕ ਉਨ੍ਹਾਂ ਦੀ ਸਰਕਾਰ ਦੇ 6 ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ।ਇਸ ਲਈ ਲੋਕ ਸਭਾ ਵਿੱਚ ਕਾਂਗਰਸ ਦਾ ਇੱਕ ਹੋਰ ਨੁਮਾਇੰਦਾ ਭੇਜਣਗੇ।ਇਸ ਦੇ ਉਲਟ ਭਾਜਪਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ 'ਤੇ ਵੋਟਾਂ ਮੰਗਣਗੇ।