ਨੋਟਬੰਦੀ ਤੇ ਜੀ ਐੱਸ ਟੀ ਨਾਲ ਵਿਕਾਸ ਦਰ ਹੇਠਾਂ ਡਿੱਗੀ : ਅਰਸ਼ੀ


ਬਠਿੰਡਾ (ਬਖਤੌਰ ਢਿੱਲੋਂ)
ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਇਕਾਈ ਬਠਿੰਡਾ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਪਾਰਟੀ ਦਫ਼ਤਰ ਵਿਖੇ ਕਾ: ਹਰਨੇਕ ਸਿੰਘ ਆਲੀਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾ: ਹਰਦੇਵ ਅਰਸ਼ੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤੀ ਨੋਟਬੰਦੀ ਅਤੇ ਜੀ ਐਸ ਟੀ ਲਾਗੂ ਕਰਨ ਸਦਕਾ ਦੇਸ਼ ਦੀ ਵਿਕਾਸ ਦਰ ਨੀਵੇਂ ਪੱਧਰ 'ਤੇ ਆ ਗਈ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿੱਚ ਮਹਿੰਗਾਈ 'ਤੇ ਕਾਬੂ ਪਾਉਣ ਵਿੱਚ ਅਸਫਲ ਰਹੀ ਹੈ ਅਤੇ ਦੇਸ਼ ਭਰ ਵਿੱਚ ਕਿਸਾਨੀ ਦੀ ਹਾਲਤ ਮੰਦੀ ਹੋਈ ਹੈ ਅਤੇ ਅਪਰਾਧਾਂ ਵਿੱਚ ਅਥਾਹ ਵਾਧਾ ਹੋਇਆ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾ: ਸੁਰਜੀਤ ਸਿੰਘ ਸੋਹੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਕਰਜ਼ਾ ਮੁਆਫ਼ ਦਾ ਵਾਅਦਾ ਕੀਤਾ ਸੀ, ਜਿਸ ਨੂੰ ਨਿਭਾਇਆ ਨਹੀਂ ਗਿਆ, ਇਸੇ ਕਰਕੇ ਕਿਸਾਨ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਕਰਨ ਦੇ ਰੁਝਾਨ ਵਿੱਚ ਵਾਧਾ ਹੋਇਆ ਹੈ। ਕਿਸਾਨ ਸਭਾ ਆਗੂ ਕਾ: ਬਲਕਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕਿਸਾਨੀ ਦੀ ਮਾੜੀ ਆਰਥਕ ਹਾਲਤ ਦਾ ਸੁਧਾਰ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਹੀ ਕੀਤਾ ਜਾ ਸਕਦਾ ਹੈ। ਮੀਟਿੰਗ ਨੇ ਸਰਵ-ਸੰਮਤੀ ਨਾਲ ਮਤਾ ਪਾਸ ਕੀਤਾ ਕਿ ਸੀ ਪੀ ਆਈ ਵੱਲੋਂ 27 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਬਠਿੰਡਾ ਤੋਂ ਇੱਕ ਹਜ਼ਾਰ ਵਰਕਰ ਸ਼ਾਮਲ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਾ: ਅਮਰਜੀਤ ਕੌਰ, ਜੰਗ ਸਿੰਘ ਤੱਗੜ, ਸੁਖਨ ਲਾਲ, ਜਰਨੈਲ ਸਿੰਘ ਤੇ ਕਾਕਾ ਸਿੰਘ ਵੀ ਹਾਜ਼ਰ ਸਨ।