ਹਿਮਾਚਲ ਵਿਧਾਨ ਸਭਾ ਚੋਣਾਂ 9 ਨੂੰ


ਨਵੀਂ ਦਿੱਲੀ
(ਨਵਾਂ ਜ਼ਮਾਨਾ ਸਰਵਿਸ)
ਮੁੱਖ ਚੋਣ ਕਮਿਸ਼ਨਰ ਨੇ ਹਿਮਾਚਲ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਅਚੱਲ ਕੁਮਾਰ ਜੋਤੀ, ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਅਤੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਨਵੀਂ ਦਿੱਲੀ ਵਿੱਚ ਸਾਂਝੀ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ 16 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 18 ਦਸੰਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੋਣ ਨਤੀਜਿਆਂ ਦੇ ਨਾਲ ਹੀ ਸੂਬੇ ਭਰ ਵਿੱਚ ਚੋਣ ਜ਼ਾਬਤਾ ਤੁਰੰਤ ਲਾਗੂ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨਰ ਨੇ ਦੱਸਿਆ ਕਿ ਹਿਮਾਚਲ ਚੋਣਾਂ ਵਿੱਚ ਇਲਕੈਟ੍ਰਾਨਿਕ ਵੋਟਿੰਗ ਮਸ਼ੀਨਾਂ ਰਾਹੀਂ ਵੋਟਿੰਗ ਕੀਤੀ ਜਾਵੇਗੀ ਅਤੇ ਇਸ ਨਾਲ ਵੀ ਵੀ ਪੈਟ ਮਸ਼ੀਨਾਂ ਦੀ ਵੀ ਵਰਤੋਂ ਕੀਤੀ ਜਾਵੇਗੀ। ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਹਰ ਵੋਟ ਪੈਣ ਤੋਂ ਬਾਅਦ ਇੱਕ ਪਰਚੀ ਨਿਕਲੇਗੀ, ਜਿਸ ਦੀ ਇਸ ਗੱਲ ਦੀ ਪੁਸ਼ਟੀ ਹੋ ਜਾਵੇਗੀ ਕਿ ਵੋਟਰ ਨੇ ਜਿਸ ਉਮੀਦਵਾਰ ਨੂੰ ਵੋਟ ਪਾਈ ਹੈ, ਉਸ ਸਹੀ ਠਿਕਾਣੇ ਪਈ ਹੈ ਜਾਂ ਨਹੀਂ। ਚੋਣ ਕਮਿਸ਼ਨ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਫੋਟੋ ਵੋਟਰ ਕਾਰਡ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਉਮੀਦਵਾਰ ਨੂੰ ਨਾਮਜ਼ਦਗੀ ਕਾਗਜ਼ ਦੇ ਸਾਰੇ ਕਾਲਮ ਭਰਨੇ ਪੈਣਗੇ ਅਤੇ ਅਧੂਰੇ ਨਾਮਜ਼ਦਗੀ ਪਰਚੇ ਲਈ ਉਮੀਦਵਾਰ ਨੂੰ ਨੋਟਿਸ ਜਾਰੀ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਇਨ੍ਹਾਂ ਚੋਣਾਂ ਵਿੱਚ ਸੂਬੇ ਵਿੱਚ 7521 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਹਰ ਉਮੀਦਵਾਰ ਲਈ ਖ਼ਰਚਾ ਸੀਮਾ 28 ਲੱਖ ਰੁਪਏ ਰੱਖੀ ਗਈ ਹੈ।
ਹਿਮਾਚਲ ਪ੍ਰਦੇਸ਼ ਦੀਆਂ ਕੁੱਲ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਪਾਈਆਂ ਜਾਣੀਆਂ ਹਨ।
ਪਿਛਲੀ ਵਾਰ ਹਿਮਾਚਲ ਪ੍ਰਦੇਸ਼ ਵਿੱਚ 4 ਨਵੰਬਰ ਨੂੰ ਵੋਟਾਂ ਪਾਈਆਂ ਗਈਆਂ ਸਨ ਅਤੇ 20 ਦਸੰਬਰ ਨੂੰ ਨਤੀਜਾ ਆ ਗਿਆ ਸੀ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ 36 ਸੀਟਾਂ ਜਿੱਤੀਆਂ ਸਨ, ਜਦਕਿ ਇਨ੍ਹਾਂ ਚੋਣਾਂ ਵਿੱਚ ਭਾਜਪਾ ਹਾਰ ਗਈ ਸੀ ਅਤੇ ਉਸ ਨੂੰ 26 ਸੀਟਾਂ ਨਾਲ ਸਬਰ ਕਰਨਾ ਪਿਆ ਸੀ।
ਚੋਣ ਕਮਿਸ਼ਨ ਨੇ ਹਾਲ ਦੀ ਘੜੀ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਐਲਾਨ ਐਨ ਮੌਕੇ ਟਾਲ ਦਿੱਤਾ ਹੈ। ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ ਜਨਵਰੀ ਦੇ ਤੀਜੇ ਹਫ਼ਤੇ ਸਮਾਪਤ ਹੋ ਰਿਹਾ ਹੈ।