ਨੀਤੀ ਆਯੋਗ ਵੱਲੋਂ ਨਿੱਜੀ ਖੇਤਰ 'ਚ ਰਾਖਵੇਂਕਰਨ ਦਾ ਵਿਰੋਧ


ਨਵੀਂ ਦਿੱਲੀ
(ਨਵਾਂ ਜ਼ਮਾਨਾ ਸਰਵਿਸ)
ਨੌਕਰੀਆਂ ਵਿੱਚ ਰਾਖਵੇਂਕਰਨ ਬਾਰੇ ਚੱਲ ਰਹੀ ਬਹਿਸ ਦਰਮਿਆਨ ਨੀਤੀ ਆਯੋਗ ਦੇ ਉੱਪ ਚੇਅਰਮੈਨ ਰਾਜੀਵ ਕੁਮਾਰ ਨੇ ਕਿਹਾ ਕਿ ਉਹ ਨਿੱਜੀ ਖੇਤਰ ਵਿੱਚ ਰਾਖਵੇਂਕਰਨ ਦੇ ਵਿਰੁੱਧ ਹਨ। ਰਾਜੀਵ ਨੇ ਨਾਲ ਹੀ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਹੈ ਕਿ ਰੁਜ਼ਗਾਰ ਲਈ ਹੋਰ ਮੌਕੇ ਪੈਦਾ ਕਰਨ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਕਈ ਸਿਆਸੀ ਆਗੂ ਨਿੱਜੀ ਖੇਤਰ ਵਿੱਚ ਅਣ-ਸੂਚਿਤ ਜਾਤੀਆਂ ਅਤੇ ਜਨਜਾਤੀਆਂ ਨੂੰ ਰਾਖਵਾਂਕਰਨ ਦਿੱਤੇ ਜਾਣ ਦੀ ਮੰਗ ਕਰ ਰਹੇ ਹਨ। ਰਾਜੀਵ ਨੂੰ ਜਦੋਂ ਇਸ ਮਾਮਲੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਨਿੱਜੀਕਰਨ ਵਿੱਚ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ। ਉਨ੍ਹਾ ਕਿਹਾ ਕਿ ਸਰਕਾਰ 10-12 ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਸਮਰੱਥਾ ਰੱਖਦੀ ਹੈ। ਦੇਸ਼ ਵਿੱਚ ਹਰ ਸਾਲ 60 ਲੱਖ ਨੌਜਵਾਨ ਮਨੁੱਖੀ ਸ਼ਕਤੀ ਵਿੱਚ ਸ਼ਾਮਲ ਹੋ ਜਾਂਦੇ ਹਨ। ਰਾਜੀਵ ਨੇ ਕਿਹਾ ਕਿ ਕਈ ਲੋਕ ਗ਼ੈਰ ਜਥੇਬੰਦ ਖੇਤਰ ਵਿੱਚ ਨੌਕਰੀਆਂ ਲੱਭਦੇ ਹਨ, ਪਰ ਉਸ ਸੈਕਟਰ ਵਿੱਚ ਹੁਣ ਨੌਕਰੀਆਂ ਜ਼ਿਆਦਾ ਨਹੀਂ ਹਨ ਜਿਸ ਕਰਕੇ ਨਿੱਜੀ ਖੇਤਰ ਵਿੱਚ ਰਾਖਵੇਂਕਰਨ ਦੀ ਮੰਗ ਉੱਠ ਰਹੀ ਹੈ। ਜ਼ਿਕਰਯੋਗ ਹੈ ਕਿ ਲੋਕ ਜਨ ਸ਼ਕਤੀ ਪਾਰਟੀ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਹਾਲ ਹੀ ਵਿੱਚ ਨਿੱਜੀ ਖੇਤਰ ਵਿੱਚ ਰਾਖਵਾਂਕਰਨ ਦਿੱਤੇ ਜਾਣ ਦੀ ਮੰਗ ਕੀਤੀ ਸੀ। ਇਸੇ ਤਰ੍ਹਾਂ ਦੀ ਮੰਗ ਕਈ ਹੋਰ ਪਾਰਟੀਆਂ ਵੀ ਕਰ ਚੁੱਕੀਆਂ ਹਨ। ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਨੇ ਪਿਛਲੇ ਸਾਲ ਕਿਹਾ ਸੀ ਕਿ ਨਿੱਜੀ ਖੇਤਰ ਵਿੱਚ ਰਾਖਵੇਂਕਰਨ ਦੀ ਨੀਤੀ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਨੂੰ ਨਿੱਜੀ ਖੇਤਰ ਵਿੱਚ ਰਾਖਵੇਂਕਰਨ ਦੀ ਨੀਤੀ ਲਾਗੂ ਕਰਨ ਬਾਰੇ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ। ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂ ਦੇ ਕੌਮੀ ਪ੍ਰਧਾਨ ਨਿਤੀਸ਼ ਕੁਮਾਰ ਨੇ ਪਿਛਲੇ ਮਹੀਨੇ ਨਿੱਜੀ ਖੇਤਰ ਵਿੱਚ ਰਾਖਵੇਂਕਰਨ ਦੀ ਵਕਾਲਤ ਕੀਤੀ ਸੀ। ਉਧਰ ਕਈ ਉਦਯੋਗਿਕ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਸੀ ਕਿ ਨਿੱਜੀ ਖੇਤਰ ਵਿੱਚ ਰਾਖਵਾਂਕਰਨ ਲਾਗੂ ਕੀਤੇ ਜਾਣ ਨਾਲ ਵਿਕਾਸ ਵਿੱਚ ਰੁਕਾਵਟ ਆ ਸਕਦੀ ਹੈ ਅਤੇ ਨਿਵੇਸ਼ ਆਕਰਸ਼ਿਤ ਕਰਨ ਵਿੱਚ ਮੁਸ਼ਕਲ ਖੜੀ ਹੋ ਸਕਦੀ ਹੈ।