Latest News
ਪੰਜਾਬ ਦੇ 800 ਸਰਕਾਰੀ ਪ੍ਰਾਇਮਰੀ ਸਕੂਲ ਹੋਣਗੇ ਬੰਦ

Published on 21 Oct, 2017 11:35 AM.


ਚੰੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਕਾਰਨ ਸਿੱਖਿਆ ਵਿਭਾਗ ਨੇ ਸੂਬੇ ਦੇ 20 ਤੋਂ ਘੱਟ ਗਿਣਤੀ ਵਾਲੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਕੇ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਰਲੇਵਾਂ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਨੰਬਰ ਮੀਮੋ ਨੰਬਰ 16/6-15 ਬਪ੍ਰ (7) ਮੁਤਾਬਕ ਸੂਬੇ ਦੇ ਸਭ ਤੋਂ ਵੱਧ ਹੁਸ਼ਿਆਰਪੁਰ ਜ਼ਿਲ੍ਹੇ ਦੇ 140 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਕੇ ਲਾਗਲੇ ਸਕੂਲਾਂ ਵਿਚ ਰਲੇਵਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ 133, ਰੂਪਨਗਰ ਜ਼ਿਲ੍ਹੇ ਦੇ 71, ਪਠਾਨਕੋਟ ਜ਼ਿਲ੍ਹੇ ਦੇ 52, ਪਟਿਆਲਾ ਦੇ 50, ਜਲੰਧਰ ਜ਼ਿਲ੍ਹੇ ਦੇ 54, ਕਪੂਰਥਲਾ ਤੇ ਫਤਿਹਗੜ੍ਹ ਦੇ 41, ਲੁਧਿਆਣਾ ਦੇ 39, ਸ਼ਹੀਦ ਭਗਤ ਸਿੰਘ ਨਗਰ ਦੇ 34, ਅੰਮ੍ਰਿਤਸਰ ਅਤੇ ਮੁਹਾਲੀ ਦੇ 30-30, ਸੰਗਰੂਰ ਦੇ 23, ਫਿਰੋਜ਼ਪੁਰ ਦੇ 22, ਤਰਨ ਤਾਰਨ ਜ਼ਿਲ੍ਹੇ ਦੇ 9, ਫਾਜ਼ਿਲਕਾ ਦੇ 8, ਮੋਗਾ ਦੇ 7, ਫਰੀਦਕੋਟ ਦੇ 5, ਮਾਨਸਾ ਦੇ 4, ਬਠਿੰਡਾ ਅਤੇ ਬਰਨਾਲਾ ਦੇ 3-3 ਅਤੇ ਸ੍ਰੀ ਮੁਕਤਸਰ ਸਾਹਿਬ ਦੇ 1 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕੀਤਾ ਜਾਣਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕ-ਵਿਦਿਆਰਥੀ ਅਨੁਪਾਤ ਬਹੁਤ ਘੱਟ ਹੈ। ਜਾਣਕਾਰੀ ਅਨੁਸਾਰ ਰੋਪੜ ਜ਼ਿਲ੍ਹੇ ਵਿਚ ਵਿਦਿਆਰਥੀ-ਅਧਿਆਪਕ ਅਨੁਪਾਤ 18 ਹੈ, ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਹੀ ਵਿਦਿਆਰਥੀ ਅਧਿਆਪਕ ਅਨੁਪਾਤ 35 ਹੈ। ਅਨੇਕਾਂ ਸਰਕਾਰੀ ਸਕੂਲਾਂ ਵਿਚ 20 ਤੋਂ ਘੱਟ ਵਿਦਿਆਰਥੀ ਹਨ ਅਤੇ ਕਈ ਸਕੂਲਾਂ ਵਿਚ ਦੋ-ਦੋ ਅਧਿਆਪਕ ਤਾਇਨਾਤ ਕੀਤੇ ਗਏ ਹਨ, ਜਿਸ ਕਰਕੇ ਸਿੱਖਿਆ ਵਿਭਾਗ ਨੂੰ ਇਨ੍ਹਾਂ ਸਕੂਲਾਂ ਨੂੰ ਚਾਲੂ ਰੱਖਣ ਲਈ ਵਾਧੂ ਖਰਚ ਕਰਨਾ ਪੈ ਰਿਹਾ ਸੀ।
ਉਥੇ ਹੀ ਇਸ ਸੰਬੰਧੀ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਹਰਜੀਤ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਬੈਂਸ, ਸੁਰਿੰਦਰ ਸਿੰਘ ਭਟਨਾਗਰ ਅਤੇ ਅਜਮੇਰ ਸਿੰਘ ਖੇੜੀ ਨੇ ਕਿਹਾ ਕਿ ਪੰਜਾਬ 'ਚ 800 ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਬੰਦ ਹੋਣਾ ਸਰਕਾਰ ਦੀ ਨਾਲਾਇਕੀ ਕਾਰਨ ਹੈ, ਕਿਉਂਕਿ ਸਰਕਾਰਾਂ ਨੇ ਸਮੇਂ-ਸਮੇਂ ਸਿਰ ਇਨ੍ਹਾਂ ਸਕੂਲਾਂ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਕਦੇ ਪੂਰਾ ਨਹੀਂ ਕੀਤਾ, ਜਿਸ ਕਾਰਨ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਤੋਂ ਹਟਾ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦਾ ਪਾਠਕ੍ਰਮ ਮਿਆਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਰਾਜ ਵਿਚ ਹੁਣ ਤੱਕ ਸਰਕਾਰ ਬੱਚਿਆਂ ਨੂੰ ਕਿਤਾਬਾਂ ਉਪਲੱਬਧ ਨਹੀਂ ਕਰਵਾ ਸਕੀ, ਉਸ ਰਾਜ ਵਿਚ ਸਰਕਾਰੀ ਸਿੱਖਿਆ 'ਤੇ ਮਾਪਿਆਂ ਦਾ ਵਿਸ਼ਵਾਸ ਕਿਵੇਂ ਬਰਕਰਾਰ ਰਹਿ ਸਕਦਾ ਹੈ।

691 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper