Latest News
ਸਿੱਖਿਆ ਮੰਤਰੀ ਵੱਲੋਂ ਪ੍ਰੀ ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼

Published on 14 Nov, 2017 10:36 AM.


ਐੱਸ.ਏ.ਐੱਸ. ਨਗਰ (ਮੁਹਾਲੀ)
(ਗੁਰਜੀਤ ਬਿੱਲਾ)
ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਇਥੇ ਸਥਿਤ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਰੰਗਾਰੰਗ ਸਮਾਗਮ ਦੌਰਾਨ ਪ੍ਰੀ ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਕਲਾਸ ਰੂਮ ਦਾ ਰਿਬਨ ਕੱਟ ਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਹ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਲਈ ਮੁਹੱਈਆ ਕਰਵਾਈ ਖੇਡ ਸਮੱਗਰੀ ਵੀ ਦੇਖੀ। ਬਾਲ ਦਿਵਸ ਮੌਕੇ ਕੀਤੀ ਇਸ ਸ਼ੁਰੂਆਤ ਉਪਰੰਤ ਸਕੂਲ ਕੈਂਪਸ ਵਿਖੇ ਹੋਏ ਰੰਗਾਰੰਗ ਸਮਾਗਮ ਦੌਰਾਨ ਪ੍ਰਾਇਮਰੀ ਦੇ ਬੱਚਿਆਂ ਨੇ ਆਪਣੀ ਪੇਸ਼ਕਾਰੀਆਂ ਨਾਲ ਸਮਾਂ ਬੰਨ੍ਹ ਦਿੱਤਾ। ਪ੍ਰੋਗਰਾਮ ਦੀ ਖਾਸੀਅਤ ਇਹ ਰਹੀ ਕਿ ਕਈ ਆਈਟਮਾਂ ਵਿੱਚ ਨਵੇਂ ਦਾਖਲ ਹੋਏ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੇ ਵੀ ਆਪਣੀ ਕਲਾ ਦੇ ਜੌਹਰ ਦਿਖਾਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ, ਜਦੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਬਾਲ ਦਿਵਸ ਦੇ ਦਿਨ ਹੀ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਉਨ੍ਹਾਂ ਇਸ ਇਤਿਹਾਸਕ ਕਦਮ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੰਨ੍ਹਦਿਆਂ ਕਿਹਾ ਕਿ ਇਸ ਅਹਿਮ ਫੈਸਲੇ ਨਾਲ ਸਿੱਖਿਆ ਪ੍ਰਬੰਧ ਵਿੱਚ ਹੋਰ ਸੁਧਾਰ ਆਵੇਗਾ ਅਤੇ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ 12,500 ਪ੍ਰਾਇਮਰੀ ਸਕੂਲਾਂ ਵਿੱਚ ਅੱਜ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋ ਗਈ। ਅੱਜ ਤੱਕ ਡੇਢ ਲੱਖ ਬੱਚਿਆਂ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖਲਾ ਲੈ ਲਿਆ, ਜਿਹੜੇ ਨਰਸਰੀ, ਐੱਲ.ਕੇ.ਜੀ. ਤੇ ਯੂ.ਕੇ.ਜੀ. ਕਲਾਸਾਂ ਵਿੱਚ ਦਾਖਲ ਹੋਏ ਹਨ। ਸਿੱਖਿਆ ਵਿਭਾਗ ਵੱਲੋਂ 30 ਨਵੰਬਰ ਤੱਕ ਇਹ ਦਾਖਲੇ ਕੀਤੇ ਜਾਣਗੇ। ਇਸ ਪ੍ਰਾਜੈਕਟ ਨੂੰ 'ਖੇਡ ਮਹਿਲ' ਦਾ ਨਾਂਅ ਦਿੱਤਾ ਗਿਆ, ਜਿਸ ਨੂੰ ਸਿੱਖਿਆ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਿਲ ਕੇ ਚਲਾਉਣਗੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ ਅਤੇ ਉਹ ਪਹਿਲਾਂ ਵਾਂਗ ਹੀ ਆਪਣੀ ਡਿਊਟੀ ਕਰਨਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸਾਂ ਵਿੱਚ ਬੱਚਿਆਂ ਦੀ ਪੜ੍ਹਾਈ ਪੂਰਨ ਤੌਰ 'ਤੇ ਮੁਫਤ ਹੋਵੇਗੀ ਅਤੇ ਖੇਡਣ ਅਤੇ ਸਿੱਖਣ ਦੀ ਸਮੱਗਰੀ ਵੀ ਮੁਫਤ ਦਿੱਤੀ ਜਾਵੇਗੀ। ਕਲਾਸਾਂ ਦਾ ਸਮਾਂ ਕੁੱਲ 3 ਘੰਟੇ ਹੋਵੇਗਾ। ਗਰਮੀਆਂ ਵਿੱਚ ਸਵੇਰੇ ਸਾਢੇ ਅੱਠ ਵਜੇ ਤੋਂ ਸਾਢੇ ਗਿਆਰਾਂ ਵਜੇ ਤੱਕ ਅਤੇ ਸਰਦੀਆਂ ਵਿੱਚ ਸਵੇਰੇ ਸਾਢੇ ਨੌਂ ਵਜੇ ਤੋਂ ਦੁਪਹਿਰ ਸਾਢੇ ਬਾਰਾਂ ਵਜੇ ਤੱਕ ਹੋਵੇਗਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਸਰਕਾਰੀ ਸਕੂਲਾਂ ਦੀ ਭਲਾਈ ਲਈ ਵੱਡੇ ਕ੍ਰਾਂਤੀਕਾਰੀ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 400 ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਆਪਸ਼ਨ ਵਜੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਪਦਉਨਤੀਆਂ ਵਿੱਚ ਆਈ ਖੜੋਤ ਨੂੰ ਤੋੜਨ ਲਈ ਇਕ ਸਾਲ ਵਿੱਚ ਚਾਰ ਵਾਰ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਵੱਖਰਾ ਸਰਹੱਦੀ ਕਾਡਰ ਬਣਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ। ਅਧਿਆਪਕਾਂ ਦੀਆਂ ਸੀਨੀਆਰਤਾ ਸੂਚੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਅਧਿਆਪਕਾਂ ਦੇ 4-9-14 ਕੇਸਾਂ ਅਤੇ ਨਵੇਂ ਭਰਤੀ ਅਧਿਆਪਕਾਂ ਦੇ ਪਰਖ ਕਾਲ ਸਮਾਂ ਪੂਰਾ ਹੋਣ ਦੇ ਪੱਤਰ ਜਾਰੀ ਕਰਨ ਦੇ ਅਧਿਕਾਰ ਹੇਠਲੇ ਪੱਧਰ 'ਤੇ ਦਿੱਤੇ ਗਏ ਹਨ। ਬਿਹਤਰ ਤੇ ਉਸਾਰੂ ਨਤੀਜੇ ਲੈਣ ਲਈ ਗਰੇਸ ਅੰਕ ਖਤਮ ਕਰ ਦਿੱਤੇ ਗਏ ਹਨ ਅਤੇ ਨਕਲ ਰੋਕਣ ਲਈ ਸੰਵੇਦਨਸ਼ੀਲ ਪ੍ਰੀਖਿਆ ਕੇਂਦਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਲੋਕਪੱਖੀ ਫੈਸਲਿਆਂ ਨੂੰ ਸਫਲਤਾ ਨਾਲ ਲਾਗੂ ਹੋਣ ਦਾ ਸਿਹਰਾ ਵੀ ਉਨ੍ਹਾਂ ਸਿਰ ਬੰਨ੍ਹਿਆ।
ਇਸ ਮੌਕੇ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਨਵੀਂ ਪਹਿਲ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਸ਼ੁਰੂ ਹੋਣ ਨਾਲ ਜਿੱਥੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਣਗੇ, ਉਥੇ ਇਸ ਦਾ ਸਿੱਧਾ ਫਾਇਦਾ ਸਾਧਾਰਨ ਤੇ ਗਰੀਬ ਪਰਵਾਰਾਂ ਦੇ ਬੱਚਿਆਂ ਨੂੰ ਮਿਲੇਗਾ, ਜਿਹੜੇ ਮਹਿੰਗੀਆਂ ਫੀਸਾਂ ਕਾਰਨ ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਲੈਣ ਤੋਂ ਅਸਮਰੱਥ ਸਨ। ਉਨ੍ਹਾਂ ਕਿਹਾ ਕਿ ਹੁਣ ਨਰਸਰੀ ਦੀ ਪੜ੍ਹਾਈ ਵੀ ਸਰਕਾਰੀ ਸਕੂਲਾਂ ਵਿੱਚ ਹੋਵੇਗੀ। ਸ. ਸਿੱਧੂ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਇਸ ਅਹਿਮ ਫੈਸਲੇ ਨੂੰ ਲਾਗੂ ਕਰਨ ਦੀ ਰਸਮੀ ਸ਼ੁਰੂਆਤ ਉਨ੍ਹਾਂ ਦੇ ਹਲਕਾ ਮੁਹਾਲੀ ਤੋਂ ਕੀਤੀ ਹੈ।
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਅੱਜ ਦੇ ਦਿਨ ਨੂੰ ਸਿੱਖਿਆ ਵਿਭਾਗ ਲਈ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਬੜੇ ਲੰਬੇ ਚਿਰ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਇਹ ਮੰਗ ਹੁੰਦੀ ਸੀ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਅਤੇ ਚੰਗੇ ਪ੍ਰਬੰਧਾਂ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ ਹੋ ਗਈ ਹੈ, ਜਿਸ ਦੇ ਚੰਗੇ ਨਤੀਜੇ ਆਉਣ ਵਾਲੇ ਤਿੰਨ ਸਾਲਾਂ ਅੰਦਰ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਸਾਰੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਇਸ ਫੈਸਲੇ ਨੂੰ ਮੁਹਿੰਮ ਵਾਂਗ ਚਲਾਇਆ ਅਤੇ ਮਾਪਿਆਂ ਨੂੰ ਜਾਗਰੂਕ ਕਰ ਕੇ ਥੋੜ੍ਹੇ ਸਮੇਂ ਅੰਦਰ ਡੇਢ ਲੱਖ ਦੇ ਕਰੀਬ ਬੱਚਿਆਂ ਨੂੰ ਦਾਖਲ ਕੀਤਾ।
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਅੱਜ ਹੋਈ ਨਵੀਂ ਸ਼ੁਰੂਆਤ ਦੇ ਚੰਗੇ ਨਤੀਜੇ ਆਉਣਗੇ। ਇਸ ਤੋਂ ਪਹਿਲਾਂ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਕਾਹਲੋਂ, ਜ਼ਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ ਸਿੱਖਿਆ) ਮੁਹਾਲੀ ਸ੍ਰੀ ਗੁਰਮੇਜ ਸਿੰਘ ਕੈਂਥ ਸਮੇਤ ਵਿਭਾਗ ਦੇ ਅਧਿਕਾਰੀ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਅਧਿਆਪਕ ਤੇ ਬੱਚੇ ਹਾਜ਼ਰ ਸਨ।
ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਲਈ ਰੱਖੇ ਉਦਘਾਟਨੀ ਸਮਾਮਗ ਦੌਰਾਨ ਛੋਟੇ ਬੱਚਿਆਂ ਦੁਆਰਾ ਦਿਖਾਏ ਗਏ ਕਲਾ ਦੇ ਜੌਹਰ ਨੇ ਸਮਾਂ ਬੰਨ੍ਹ ਦਿੱਤਾ। ਪ੍ਰਾਇਮਰੀ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਹੋਣਹਾਰ ਬੱਚੇ ਅਜੇ ਨੇ ਆਪਣੇ ਭੰਗੜੇ ਦੀ ਪੇਸ਼ਕਾਰੀ ਨਾਲ ਸਭ ਨੂੰ ਹੈਰਾਨ ਕਰ ਦਿੱਤਾ। ਬੱਚਿਆਂ ਵੱਲੋਂ ਪੰਡਤ ਜਵਾਹਰ ਲਾਲ ਨਹਿਰੂ ਦੀ ਜ਼ਿੰਦਗੀ ਬਾਰੇ ਵੀ ਚਾਨਣਾ ਪਾਇਆ ਅਤੇ ਇਕ ਕੋਰਿਓਗ੍ਰਾਫੀ ਵੀ ਪੇਸ਼ ਕੀਤੀ ਗਈ। ਛੋਟੀਆਂ ਬੱਚੀਆਂ ਵੱਲੋਂ ਗਿੱਧਾ, ਗਰੁੱਪ ਡਾਂਸ, ਗੀਤ ਦੀ ਪੇਸ਼ਕਾਰੀ ਕੀਤੀ ਗਈ। ਬੱਚਿਆਂ ਬਾਰੇ ਗੀਤ ਵਿੱਚ ਨਵੇਂ ਦਾਖਲ ਹੋਏ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੇ ਵੀ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ ਅਤੇ ਅੰਤ ਵਿੱਚ ਰਾਸ਼ਟਰੀ ਗਾਇਨ ਗਾਇਆ ਗਿਆ। ਅੰਤ ਵਿੱਚ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪ੍ਰੋਗਰਾਮ ਪੇਸ਼ ਕਰਨ ਵਾਲੇ ਸਾਰੇ ਬੱਚਿਆਂ ਨੂੰ ਸਨਮਾਨਤ ਵੀ ਕੀਤਾ।

214 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper