Latest News
ਕੈਪਟਨ ਵੱਲੋਂ ਸੁਝਾਅ ਦਾ ਸਵਾਗਤ

Published on 06 Dec, 2017 10:58 AM.

ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦੇ ਸਬੰਧ ਵਿੱਚ ਬਰਤਾਨੀਆ ਸਰਕਾਰ ਵੱਲੋਂ ਮੁਆਫੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ਕੀਤਾ ਹੈ।
ਬੁੱਧਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਦੀ ਘਟਨਾ ਬਾਰੇ ਸਾਦਿਕ ਖਾਨ ਵੱਲੋਂ ਦਿੱਤੇ ਗਏ ਵਿਚਾਰਾਂ ਨੂੰ ਸੁਣਿਆ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਮੇਅਰ ਦੀਆਂ ਭਾਵਨਾਵਾਂ ਜਾਣਕੇ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸੁਝਾਅ ਬ੍ਰਿਟਿਸ਼ ਸਰਕਾਰ ਦੇ ਇਕ ਅਹੁਦੇਦਾਰ ਵੱਲੋਂ ਦਿੱਤਾ ਗਿਆ ਹੈ ਅਤੇ ਜੇ ਇਸ ਨੂੰ ਲਾਗੂ ਕੀਤਾ ਜਾਵੇ ਤਾਂ ਇਹ ਬਹੁਤ ਵਧੀਆ ਹੋਵੇਗਾ ਕਿਉਂਕਿ ਇਸ ਨਾਲ ਭਾਰਤ ਅਤੇ ਯੂ.ਕੇ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਇਸ ਨਾਲ ਅਜ਼ਾਦੀ ਸੰਘਰਸ਼ ਦੌਰਾਨ ਭਾਰਤੀਆਂ ਨੂੰ ਮਿਲੇ ਗੰਭੀਰ ਜ਼ਖਮਾਂ 'ਤੇ ਕੁਝ ਹੱਦ ਤੱਕ ਮਲ੍ਹਮ ਲੱਗੇਗੀ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਇੱਥੇ ਮੁੱਖ ਮੰਤਰੀ ਦੁਆਰਾ ਦਿੱਤੇ ਗਏ ਰਾਤ ਦੇ ਖਾਣੇ ਮੌਕੇ ਦੋਵਾਂ ਨੇਤਾਵਾਂ ਨੇ ਮੁਲਾਕਾਤ ਕੀਤੀ। ਮੀਟਿੰਗ ਵਿੱਚ ਆਪਸੀ ਹਿੱਤਾਂ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਾਦਿਕ ਖਾਨ ਨੇ ਲੰਡਨ ਅਤੇ ਪੰਜਾਬ ਦਰਮਿਆਨ ਨਜ਼ਦੀਕੀ ਅਤੇ ਭਾਵਕ ਸਬੰਧਾਂ 'ਤੇ ਜ਼ੋਰ ਦਿੱਤਾ। ਲੰਡਨ ਵਿੱਚ ਇਕ ਵੱਡਾ ਪੰਜਾਬੀ ਭਾਈਚਾਰਾ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਧਿਰਾਂ ਵਿੱਚ ਮਜ਼ਬੂਤ ਸਬੰਧ ਹਨ ਜਿਨ੍ਹਾਂ ਨੂੰ ਉਹ ਲਗਾਤਾਰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕ੍ਰਿਕਟ ਵਿੱਚ ਪੰਜਾਬ ਅਤੇ ਬਰਤਾਨੀਆ ਦੇ ਸਾਂਝੇ ਹਿੱਤਾਂ ਨੂੰ ਦਰਸਾਉਣ ਲਈ ਲੰਡਨ ਦੇ ਮੇਅਰ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਤੇ ਅੰਮ੍ਰਿਤਸਰ ਤੋਂ ਚੁਣੇ ਹੋਏ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਕ੍ਰਿਕਟ ਬਾਲ ਦਿੱਤੀ। ਇਸੇ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਵਿਧਾਇਕਾਂ ਨੇ ਲੰਡਨ ਦੇ ਮੇਅਰ ਨੂੰ ਇਕ ਯਾਦ ਪੱਤਰ ਸੌਂਪਿਆ ਜਿਸ ਨਾਲ ਨਿੱਜੀ ਅਤੇ ਕਾਰੋਬਾਰੀ ਸੈਲਾਨੀਆਂ ਦੀ ਸਹੂਲਤ ਲਈ ਪੰਜਾਬ ਦੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਅਤੇ ਲੰਡਨ ਵਿੱਚਕਾਰ ਸਿੱਧੀ ਬ੍ਰਿਟਿਸ਼ ਏਅਰਵੇਜ਼ ਦੀ ਉਡਾਨ ਸ਼ੁਰੂ ਕਰਨ ਦੀ ਮੰਗ ਕੀਤੀ। ਯਾਦ ਪੱਤਰ ਵਿੱਚ ਵਿਧਾਇਕਾਂ ਨੇ ਕਿਹਾ ਹੈ ਕਿ ਹਰ ਸਾਲ 3.5 ਕਰੋੜ ਤੋਂ ਵੱਧ ਸ਼ਰਧਾਲੂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਂਦੇ ਹਨ। ਅੰਮ੍ਰਿਤਸਰ ਪੰਜਾਬੀਆਂ ਅਤੇ ਵਿਦੇਸ਼ੀ ਸੈਲਾਨੀਆਂ ਲਈ ਪਸੰਦੀਦਾ ਸਥਾਨ ਹੈ। ਅੰਮ੍ਰਿਤਸਰ ਹਵਾਈ ਅੱਡਾ ਅਤੇ ਸਮੁੱਚਾ ਪੰਜਾਬ ਖੇਤਰ, ਉੱਤਰੀ ਅਮਰੀਕਾ, ਯੂਰਪ (ਯੂਕੇ, ਜਰਮਨੀ ਅਤੇ ਮਿਲਾਨ ਸਮੇਤ) ਅਤੇ ਆਸਟਰੇਲੀਆ ਤੋਂ ਵੱਡੀ ਪੱਧਰ 'ਤੇ ਆਉਂਦੀ ਕੌਮਾਂਤਰੀ ਆਵਾਜਾਈ ਦਾ ਕੇਂਦਰ ਹੈ ਪਰ ਮੌਜੂਦਾ ਸਮੇਂ ਵਿੱਚ ਹਵਾਈ ਅੱਡੇ 'ਤੇ ਸਿੱਧੀਆਂ ਉਡਾਨਾਂ ਆਉਣ ਦੀ ਬਹੁਤ ਜ਼ਿਆਦਾ ਘਾਟ ਹੈ। ਇਸ ਮੌਕੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ.ਸੀ., ਓ.ਪੀ. ਸੋਨੀ, ਰਾਜ ਕੁਮਾਰ ਵੇਰਕਾ ਅਤੇ ਇੰਦਰਬੀਰ ਸਿੰਘ ਬੁਲਾਰੀਆ,ਸ਼੍ਰੀ ਸੁਨੀਲ ਦੱਤੀ, ਸ੍ਰੀ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸ਼੍ਰੀ ਸੰਤੋਖ ਸਿੰਘ ਭਲਾਈਪੁਰ (ਸਾਰੇ ਵਿਧਾਇਕ) ਅਤੇ ਪ੍ਰਧਾਨ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਜੁਗਲ ਕਿਸ਼ੋਰ ਅਤੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਸ਼ਾਮਲ ਸਨ।

129 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper