ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਇਸੇ ਮਹੀਨੇ ਸੌÎਂਪ ਦਿੱਤੀ ਜਾਵੇਗੀ : ਜਸਟਿਸ ਰਣਜੀਤ ਸਿੰਘ


ਫ਼ਤਹਿਗੜ੍ਹ ਸਾਹਿਬ (ਪ੍ਰਮੋਦ ਭਾਰਦਵਾਜ)
ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਮੁਕੰਮਲ ਕਰਕੇ ਇਸੇ ਮਹੀਨੇ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਪਵਿੱਤਰ ਗੰ੍ਰਥਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਗਠਿਤ ਕੀਤੇ ਕਮਿਸ਼ਨ ਦੇ ਚੇਅਰਮੈਨ ਰਿਟਾ: ਜਸਟਿਸ ਰਣਜੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਸਿੰਧੜਾਂ ਅਤੇ ਰੇਲਵੇ ਸਟੇਸ਼ਨ ਫ਼ਤਹਿਗੜ੍ਹ ਸਾਹਿਬ ਵਿਖੇ ਪਵਿੱਤਰ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਉਪਰੰਤ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਘਟਨਾਵਾਂ ਦੇ ਪਿਛਲੀਆਂ ਗੈਰ ਸਮਾਜੀ ਤਾਕਤਾਂ ਅਤੇ ਭਵਿੱਖ ਵਿੱਚ ਇਨ੍ਹਾਂ ਮਾੜੀਆਂ ਘਟਨਾਵਾਂ ਨੂੰ ਕਿੰਝ ਰੋਕਿਆ ਜਾ ਸਕਦਾ ਹੈ, ਲਈ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਕਮਿਸ਼ਨ ਵੱਲੋਂ ਪਹਿਲਾਂ ਮੋਹਾਲੀ ਜ਼ਿਲ੍ਹੇ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਗਈ ਹੈ ਤੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਜਾਂਚ ਕਰਨ ਲਈ ਆਏ ਹਨ, ਇਸ ਉਪਰੰਤ ਕਮਿਸ਼ਨ ਰੋਪੜ ਤੇ ਪਟਿਆਲਾ ਵਿਖੇ ਜਾਂਚ ਲਈ ਜਾਵੇਗਾ। ਉਨ੍ਹਾ ਦੱਸਿਆ ਕਿ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਦੌਰਾਨ ਪਹਿਲੀ ਨਜ਼ਰੇ ਇਹ ਲੱਗਦਾ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਕਿਸੇ ਸੰਗਠਿਤ ਸੰਸਥਾ ਜਾਂ ਸ਼ਰਾਰਤੀ ਅਨਸਰਾਂ ਦਾ ਹੱਥ ਨਹੀਂ ਲੱਗਦਾ। ਉਨ੍ਹਾ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਦੀ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਹੀ ਕਿਸੇ ਨਤੀਜੇ 'ਤੇ ਪਹੁੰਚਿਆ ਜਾ ਸਕਦਾ ਹੈ।
ਜਸਟਿਸ ਰਣਜੀਤ ਸਿੰਘ ਨੇ ਸਬ ਡਵੀਜ਼ਨ ਅਮਲੋਹ ਦੇ ਪਿੰਡ ਅੰਬੇ ਮਾਜਰਾ ਤੇ ਚਤਰਪੁਰਾ ਅਤੇ ਖਮਾਣੋਂ ਦੇ ਪਿੰਡ ਬਦੇਸ਼ਾ ਕਲਾਂ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਪੁਲਸ ਵੱਲੋਂ ਇਨ੍ਹਾਂ ਘਟਨਾਵਾਂ ਵਿੱਚ ਬਣਾਏ ਗਏ ਗਵਾਹਾਂ ਨਾਲ ਵੀ ਗੱਲਬਾਤ ਕੀਤੀ ਅਤੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਪਤਵੰਤਿਆਂ ਤੋਂ ਵੀ ਬੇਅਦਬੀ ਦੀਆਂ ਘਟਨਾਵਾਂ ਦੀ ਵਿਸਥਾਰ ਸਹਿਤ ਜਾਣਕਾਰੀ ਇਕੱਤਰ ਕੀਤੀ। ਉਨ੍ਹਾ ਪਿੰਡ ਵਾਸੀਆਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਪੁਲਸ ਵੱਲੋਂ ਕੀਤੀ ਗਈ ਜਾਂਚ ਬਾਰੇ ਵੀ ਜਾਣਕਾਰੀ ਹਾਸਲ ਕੀਤੀ, ਜਿਸ 'ਤੇ ਪਿੰਡ ਵਾਸੀਆਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾ ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਤੇ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾ ਪਿੰਡਾਂ ਦੀਆਂ ਪੰਚਾਇਤਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਸਲਾਹ ਵੀ ਦਿੱਤੀ।
ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਕਮਿਸ਼ਨ ਜਿੱਥੇ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦੇ ਕਾਰਨਾਂ ਬਾਰੇ ਜਾਣੂ ਕਰਵਾਏਗਾ, ਉਥੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ, ਸੰਬੰਧੀ ਲੋੜੀਂਦੇ ਉਪਾਅ ਕਰਨ ਲਈ ਸਰਕਾਰ ਨੂੰ ਉਸਾਰੂ ਸੁਝਾਅ ਵੀ ਦਿੱਤੇ ਜਾਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨ ਦੇ ਰਜਿਸਟਰਾਰ-ਕਮ-ਅਸੈਸਰ (ਰਿਟਾ.) ਜਸਟਿਸ ਜੇ.ਪੀ. ਮਹਿਮੀ, ਡਿਪਟੀ ਡਾਇਰੈਕਟਰ ਪ੍ਰੋਸੀਕਿਉਸ਼ਨ ਸ. ਅੰਗਰੇਜ ਸਿੰਘ, ਐੱਸ.ਪੀ. (ਜਾਂਚ) ਸ. ਹਰਪਾਲ ਸਿੰਘ, ਐੱਸ.ਡੀ.ਐੱਮ. ਸ. ਅਮਰਿੰਦਰ ਸਿੰਘ ਟਿਵਾਣਾ, ਡੀ.ਐੱਸ.ਪੀ. ਵਰਿੰਦਰਜੀਤ ਸਿੰਘ, ਡੀ.ਐੱਸ.ਪੀ. ਮਨਪ੍ਰੀਤ ਸਿੰਘ, ਡੀ.ਐੱਸ.ਪੀ. ਗੁਰਮੀਤ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਰਵਿੰਦਰ ਕੁਮਾਰ, ਨਾਇਬ ਤਹਿਸੀਲਦਾਰ ਗੁਰਪਿਆਰ ਸਿੰਘ, ਨਾਇਬ ਤਹਿਸੀਲਦਾਰ ਖਮਾਣੋਂ ਹਰੀ ਸਿੰਘ, ਪਿੰਡ ਸਿੰਧੜਾਂ ਦੇ ਸਰਪੰਚ ਸ. ਪ੍ਰੀਤਮ ਸਿੰਘ, ਅੰਬੇ ਮਾਜਰਾ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਹਰਜੀਤ ਸਿੰਘ, ਨੰਬਰਦਾਰ ਅਮਰਿੰਦਰ ਸਿੰਘ, ਚਤਰਪੁਰਾ ਦੇ ਸਰਪੰਚ ਮੇਵਾ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।