ਕੈਪਟਨ ਵੱਲੋਂ ਕਪੂਰਥਲਾ ਵਿਖੇ ਆਈ ਟੀ ਸੀ ਕੰਪਨੀ ਦੇ ਫੂਡ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ


ਜਲੰਧਰ/ਕਪੂਰਥਲਾ
(ਇਕਬਾਲ ਸਿੰਘ ਉੱਭੀ, ਗੁਰਦੇਵ ਭੱਟੀ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਆਈ.ਟੀ.ਸੀ. ਕੰਪਨੀ ਦੇ ਆਲ੍ਹਾ ਦਰਜੇ ਦੇ ਇੰਟੇਗ੍ਰੇਟਿਡ ਮੈਨੂਫੈਕਚਰਿੰਗ ਐਂਡ ਲੌਜਿਸਟਿਕ ਫੈਸਿਲਟੀ ਦਾ ਉਦਘਾਟਨ ਕੀਤਾ, ਜਿਸ ਨਾਲ ਸੂਬੇ ਦੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਸੰਕਟ 'ਚੋਂ ਗੁਜ਼ਰ ਰਹੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ।
ਵਿਸ਼ਵ ਪੱਧਰ ਦਾ ਇਹ ਪ੍ਰਾਜੈਕਟ ਲੱਗਭੱਗ 72 ਏਕੜ ਵਿੱਚ ਫੈਲਿਆ ਹੋਇਆ ਹੈ, ਜਿੱਥੇ ਸ਼ੁਰੂਆਤ ਵਿੱਚ ਲੱਗਭੱਗ 1500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਇਸ ਯੂਨਿਟ ਵਿੱਚ ਆਈ.ਟੀ.ਸੀ. ਵੱਲੋਂ 'ਅਸ਼ੀਰਵਾਦ', 'ਬਿੰਗੋ', 'ਸਨਫੀਸਟ', 'ਯਿਪੀ' ਅਤੇ 'ਬੀ-ਨੈਚੁਰਲ' ਵਰਗੀਆਂ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕੀਤੀਆਂ ਜਾਇਆ ਕਰਨਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਜਿੱਥੇ ਕਿਸਾਨਾਂ ਲਈ ਮਦਦਗਾਰ ਸਾਬਤ ਹੋਵੇਗਾ, ਉਥੇ ਹੀ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ। ਕਣਕ-ਝੋਨੇ ਦੀ ਪੈਦਾਵਾਰ ਵਿੱਚ ਕੌਮੀ ਪੱਧਰ 'ਤੇ ਸੂਬੇ ਦੇ ਰਿਕਾਰਡ ਯੋਗਦਾਨ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਵੰਨ-ਸੁਵੰਨਤਾ ਦੀ ਲੋੜ 'ਤੇ ਜ਼ੋਰ ਦਿੱਤਾ, ਜਿਸ ਲਈ ਆਈ.ਟੀ.ਸੀ. ਬਹੁਤ ਮਹੱਤਵਪੂਰਨ ਰੋਲ ਅਦਾ ਕਰ ਸਕਦੀ ਹੈ।
ਇਸ ਪ੍ਰਾਜੈਕਟ ਦੇ ਚਾਲੂ ਹੋਣ 'ਤੇ ਖੁਸ਼ੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਕਣਕ-ਝੋਨੇ ਦੀਆਂ ਰਵਾਇਤੀ ਫਸਲਾਂ ਤੋਂ ਵੱਧ ਮੁਨਾਫ਼ੇ ਵਾਲੀਆਂ ਫਸਲਾਂ ਵੱਲ ਮੋੜਨ ਵਿੱਚ ਸਹਾਇਤਾ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪ੍ਰਾਜੈਕਟ ਨਾ ਸਿਰਫ ਸੂਬੇ ਦੀ ਉਪਜਾਊ ਜ਼ਮੀਨ ਅਤੇ ਜਲ ਵਸੀਲਿਆਂ ਨੂੰ ਬਚਾਉਣ ਵਿੱਚ ਸਹਾਈ ਹੋਣਗੇ, ਸਗੋਂ ਖੇਤੀ ਆਮਦਨ ਨੂੰ ਵੀ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਨੇ ਆਲੂ ਉਤਪਾਦਕ ਕਿਸਾਨਾਂ ਦੀ ਬਦਤਰ ਸਥਿਤੀ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨੂੰ ਆਪਣੀ ਫਸਲ ਦੀ ਸਹੀ ਕੀਮਤ ਨਾ ਮਿਲਣ ਕਰਕੇ ਆਲੂ ਸੜਕਾਂ 'ਤੇ ਸੁੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਪ੍ਰਾਜੈਕਟਾਂ ਰਾਹੀਂ ਇਸ ਸੰਕਟ 'ਤੇ ਕਾਬੂ ਪਾ ਲੈਣ ਦੀ ਲੋੜ 'ਤੇ ਜ਼ੋਰ ਦਿੱਤਾ।
ਉਨ੍ਹਾ ਕਿਹਾ ਕਿ ਆਈ.ਟੀ.ਸੀ. ਪ੍ਰਾਜੈਕਟ ਨਵੇਂ ਬੀਜ ਅਤੇ ਤਕਨੀਕਾਂ ਲਿਆਏਗਾ, ਜਿਸ ਨਾਲ ਕਿਸਾਨਾਂ ਨੂੰ ਮੰਡੀ ਦੀ ਮੰਗ ਮੁਤਾਬਕ ਆਲੂਆਂ ਦੀ ਪੈਦਾਵਾਰ ਕਰਨ ਦੇ ਸਮਰੱਥ ਬਣਾਏਗਾ।
ਉਨ੍ਹਾ ਕਿਹਾ ਕਿ ਇਸ ਪਲਾਂਟ ਲਈ ਖਿੱਤੇ ਵਿੱਚੋਂ ਹੀ ਕਣਕ, ਆਲੂ ਅਤੇ ਹੋਰ ਫਸਲਾਂ ਖਰੀਦੀਆਂ ਜਾਇਆ ਕਰਨਗੀਆਂ ਜਿਸ ਨਾਲ ਸੂਬੇ ਨੂੰ ਅਤਿ ਲੋੜੀਂਦਾ ਮਾਲੀਆ ਵੀ ਹਾਸਲ ਹੋਵੇਗਾ। ਉਨ੍ਹਾ ਉਮੀਦ ਜ਼ਾਹਰ ਕੀਤੀ ਕਿ ਆਈ.ਟੀ.ਸੀ. ਗਰੁੱਪ ਵੱਲੋਂ ਪੰਜਾਬ ਵਿੱਚ ਹੋਟਲ ਕਾਰੋਬਾਰ ਦਾ ਵੀ ਵਿਸਥਾਰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਇਸ ਪ੍ਰਾਜੈਕਟ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਦਿਆਂ ਆਈ.ਟੀ.ਸੀ. ਦੇ ਸੀ.ਈ.ਓ. ਸੰਜੀਵ ਪੁਰੀ ਨੇ ਕਿਹਾ ਕਿ ਕੰਪਨੀ ਨੂੰ ਛੇਤੀ-ਛੇਤੀ ਪ੍ਰਵਾਨਗੀਆਂ ਮਿਲਣ ਸਦਕਾ ਹੀ ਇਹ ਪਲਾਂਟ ਰਿਕਾਰਡ ਸਮੇਂ ਵਿੱਚ ਮੁਕੰਮਲ ਹੋਇਆ।
ਸ੍ਰੀ ਪੁਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸੂਬਾ ਭਰ ਵਿੱਚ ਖੇਤੀ 'ਤੇ ਨਿਰਭਰ ਲੋਕਾਂ ਲਈ ਲਾਭਦਾਇਕ ਹੋਵੇਗਾ ਅਤੇ ਇਸ ਨਾਲ ਖੇਤੀ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਇਜਾਫ਼ਾ ਹੋਣ ਦੇ ਨਾਲ-ਨਾਲ ਕਈ ਪੱਖਾਂ ਤੋਂ ਸੂਬੇ ਦੀ ਆਰਥਿਕਤਾ ਨੂੰ ਵੀ ਫਾਇਦਾ ਪਹੁੰਚੇਗਾ।
ਉਨ੍ਹਾ ਕਿਹਾ ਕਿ ਇਸ ਪਲਾਂਟ ਵਿੱਚ ਮੰਡੀ ਦੀ ਵੀ ਸਥਾਪਨਾ ਕੀਤੀ ਜਾ ਰਹੀ ਹੈ, ਜਿੱਥੇ ਫਸਲ ਦੀ ਅਦਾਇਗੀ ਮੌਕੇ 'ਤੇ ਕੀਤੀ ਜਾਇਆ ਕਰੇਗਾ ਅਤੇ ਇਸ ਤੋਂ ਇਲਾਵਾ ਦੁੱਧ ਅਤੇ ਹੋਰ ਉਤਪਾਦਾਂ ਦੇ ਸਰੋਤਾਂ ਵਿੱਚ ਵਾਧਾ ਕੀਤਾ ਜਾਵੇਗਾ।
ਇਸ ਮੌਕੇ ਬਿਜਲੀ ਮੰਤਰੀ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਖ਼ਤ ਜੱਦੋ-ਜਹਿਦ ਕਰ ਰਹੀ ਹੈ ਅਤੇ ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਪੂਰਾ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਨਵਤੇਜ ਸਿੰਘ ਚੀਮਾ, ਰਮਨਜੀਤ ਸਿੰਘ ਸਿੱਕੀ ਅਤੇ ਅਮਰਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ ਅਤੇ ਰਾਜਬੰਸ ਕੌਰ ਰਾਣਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਸਕੱਤਰ ਉਦਯੋਗ ਰਾਕੇਸ਼ ਵਰਮਾ, ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਾਇਬ, ਆਈ.ਜੀ.ਪੀ. ਅਰਪਿਤ ਸ਼ੁਕਲਾ, ਡੀ.ਆਈ.ਜੀ. ਜਸਕਰਨ ਸਿੰਘ, ਐੱਸ.ਐੱਸ.ਪੀ. ਸਨਦੀਪ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਸ਼ਾਮਲ ਸਨ।