ਚੋਣ ਕਮਿਸ਼ਨ ਚੋਣਾਂ 'ਚ ਬੁਰੀ ਤਰ੍ਹਾਂ ਫੇਲ੍ਹ : ਡਾ. ਚੀਮਾ


ਰੂਪਨਗਰ, (ਖੰਗੂੜਾ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਹੈ ਕਿ ਪੰਜਾਬ ਦਾ ਚੋਣ ਕਮਿਸ਼ਨਰ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਕਰਵਾਉਣ 'ਚ ਬੁਰੀ ਤਰ੍ਹਾਂ ਫੇਲ੍ਹ ਹੋਇਆ ਹੈ। ਉਨ੍ਹਾਂ ਕਿਹਾ ਕਿ ਸਵੇਰੇ ਹੀ ਇਹ ਖਬਰਾਂ ਮਿਲਣੀਆਂ ਸ਼ਰੂ ਹੋ ਗਈਆਂ ਸਨ ਕਿ ਅਕਾਲੀ-ਭਾਜਪਾ ਉਮੀਦਵਾਰਾਂ ਦੇ ਪੋਲਿੰਗ ਬੂਥਾਂ 'ਤੇ ਕਾਂਗਰਸੀਆਂ ਵੱਲੋਂ ਕਬਜ਼ਾ ਹੋ ਗਿਆ ਹੈ। ਉਨ੍ਹਾ ਦੇ ਪੋਲਿੰਗ ਏਜੰਟਾਂ ਨੂੰ ਪੋਲਿੰਗ ਬੂਥਾਂ ਤੋਂ ਧੱਕੇ ਨਾਲ ਬਾਹਰ ਕੱਢ ਦਿੱਤਾ ਗਿਆ। ਡਾ. ਚੀਮਾ ਨੇ ਕਿਹਾ ਕਿ ਅੱਜ ਕੈਪਟਨ ਸਰਕਾਰ ਨੇ ਲੋਕਤੰਤਰ ਦਾ ਕਤਲ ਕਰ ਦਿੱਤਾ ਹੈ ਅਤੇ ਕਾਂਗਰਸੀਆਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਨਿਰਦੇਸ਼ ਦਿੱਤੇ ਸਨ ਕਿ ਚੋਣਾਂ ਦੌਰਾਨ ਪੋਲਿੰਗ ਬੂਥਾਂ 'ਤੇ ਵੀਡਿਓਗ੍ਰਾਫੀ ਕਰਵਾਈ ਜਾਵੇ ਤਾਂ ਕਿ ਕੋਈ ਧੱਕਾ ਨਾ ਕਰ ਸਕੇ। ਲੇਕਿਨ ਪੰਜਾਬ ਸਰਕਾਰ ਨੇ ਇਸਦੀ ਕੋਈ ਪਰਵਾਹ ਨਹੀਂ ਕੀਤੀ। ਉਨ੍ਹਾ ਕਿਹਾ ਕਿ ਕਾਂਗਰਸੀ ਸ਼ਰੇਆਮ ਬੂਥਾਂ 'ਤੇ ਜਾ ਕੇ ਕਬਜ਼ਾ ਕਰਦੇ ਰਹੇ ਅਤੇ ਅਕਾਲੀ-ਭਾਜਪਾ ਸਮਰਥਕ ਵੋਟਰਾਂ ਨੂੰ ਡਰਾ-ਧਮਕਾ ਕੇ ਭਜਾ ਦਿੱਤਾ ਗਿਆ। ਉਨ੍ਹਾ ਕਿਹਾ ਕਿ ਜ਼ਿੰਮੇਵਾਰ ਡੀ ਸੀ ਅਤੇ ਜ਼ਿਲ੍ਹਾ ਪੁਲਸ ਅਧਿਕਾਰੀ 'ਤੇ ਮਾਮਲੇ ਦਰਜ ਹੋਣੇ ਚਾਹੀਦੇ ਹਨ। ਚੋਣ ਕਮਿਸ਼ਨ ਕੋਲ ਜਾ ਕੇ ਇਸ ਬਾਰੇ ਪਹਿਲਾਂ ਹੀ ਜਾਣੂ ਕਰਵਾਇਆ ਗਿਆ ਸੀ ਕਿ ਕਾਂਗਰਸ ਚੋਣਾਂ 'ਚ ਧੱਕਾ ਕਰਨਗੇ, ਲੇਕਿਨ ਫਿਰ ਵੀ ਚੋਣ ਕਮਿਸ਼ਨ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਪਟਿਆਲਾ 'ਚ ਵੀ ਕਾਂਗਰਸੀਆਂ ਨੇ ਸਰੇਆਮ ਗੁੰਡਾਗਰਦੀ ਕੀਤੀ ਹੈ। ਇਸ ਮੌਕੇ ਐੱਸ ਜੀ ਪੀ ਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਲਖੇਵਾਲ ਆਦਿ ਮੌਜੂਦ ਸਨ।