Latest News

ਸਿੱਖ ਵਿਰੋਧੀ ਦੰਗੇ; ਮੁੜ ਹੋਵੇਗੀ 186 ਮਾਮਲਿਆਂ ਦੀ ਜਾਂਚ

Published on 10 Jan, 2018 12:01 PM.


ਨਵੀਂ ਦਿੱਲੀ, (ਨਵਾਂ ਜ਼ਮਾਨਾ ਸਰਵਿਸ)
ਸੁਪਰੀਮ ਕੋਰਟ ਨੇ 1984 'ਚ ਵੇਲੇ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਦੇਸ਼ ਭਰ 'ਚ ਫੈਲੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਤ 186 ਮਾਮਲਿਆਂ ਦੀ ਮੁੜ ਜਾਂਚ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਹਨਾਂ ਕੇਸਾਂ ਦੀ ਜਾਂਚ ਲਈ ਇੱਕ ਕਮੇਟੀ ਦੇ ਗਠਨ ਦਾ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਇਹ ਕੇਸ ਬੰਦ ਕਰ ਦਿੱਤੇ ਸਨ।
ਜ਼ਿਕਰਯੋਗ ਹੈ ਕਿ 1984 ਦੇ ਦੰਗਿਆਂ ਨਾਲ ਸੰਬੰਧਤ ਇਹਨਾਂ 186 ਕੇਸਾਂ ਨੂੰ ਵਿਸ਼ੇਸ਼ ਜਾਂਚ ਟੀਮ ਨੇ ਬੰਦ ਕਰ ਦਿੱਤੀ ਸੀ। ਵਿਸ਼ੇਸ਼ ਜਾਂਚ ਟੀਮ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਸੁਪਰੀਮ ਕੋਰਟ ਨੇ ਕੇਸਾਂ ਦੀ ਮੁੜ ਜਾਂਚ ਦੀ ਮੰਗ ਮੰਨ ਲਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਹਨਾਂ 186 ਕੇਸਾਂ ਦੀ ਜਾਂਚ ਲਈ ਬਣਾਈ ਜਾਣ ਵਾਲੀ ਕਮੇਟੀ 'ਚ ਤਿੰਨ ਮੈਂਬਰ ਹੋਣਗੇ ਅਤੇ ਕਮੇਟੀ ਦੀ ਅਗਵਾਈ ਹਾਈ ਕੋਰਟ ਦੇ ਰਿਟਾਇਰਡ ਜੱਜ ਵੱਲੋਂ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਸੁਣਵਾਈ 'ਚ ਕੇਂਦਰ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਵੱਲੋਂ 1984 ਦੇ ਦੰਗਿਆਂ ਨਾਲ ਸੰਬੰਧਤ 293 ਤੋਂ 240 ਮਾਮਲੇ ਬੰਦ ਕਰਨ ਦੇ ਫ਼ੈਸਲੇ 'ਤੇ ਅਦਾਲਤ ਨੇ ਇਤਰਾਜ਼ ਕੀਤਾ ਸੀ। ਕੇਸ ਬੰਦ ਕਰਨ ਦੇ ਫ਼ੈਸਲੇ 'ਤੇ ਸ਼ੱਕ ਪ੍ਰਗਟ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹਨਾਂ 'ਚੋਂ 199 ਮਾਮਲਿਆਂ ਨੂੰ ਬੰਦ ਕਰਨ ਦਾ ਕਾਰਨ ਦੱਸਣ ਲਈ ਕਿਹਾ ਸੀ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕੇਸਾਂ ਅਤੇ ਉਨ੍ਹਾਂ ਦੀ ਸਥਿਤੀ ਬਾਰੇ ਵਿਸਥਾਰਤ ਰਿਪੋਰਟ ਮੰਗੀ ਸੀ। ਕੇਂਦਰ ਸਰਕਾਰ ਵੱਲੋਂ ਅਦਾਲਤ 'ਚ ਪੇਸ਼ ਰਿਪੋਰਟ 'ਚ ਦੱਸਿਆ ਕਿ ਹਿੰਸਾ ਦੇ ਸੰਬੰਧ 'ਚ 650 ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ 'ਚੋਂ 293 ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਗਈ ਸੀ ਅਤੇ ਰਿਕਾਰਡ ਦੀ ਘੋਖ ਮਗਰੋਂ ਵਿਸ਼ੇਸ਼ ਜਾਂਚ ਟੀਮ ਨੇ 293 ਕੇਸ ਬੰਦ ਕਰ ਦਿੱਤੇ ਸਨ, ਜਿਨ੍ਹਾ 'ਚੋਂ 199 ਕੇਸ ਸਿੱਧੇ-ਸਿੱਧੇ ਬੰਦ ਕਰ ਦਿੱਤੇ ਗਏ। ਮਗਰੋਂ 186 ਮਾਮਲਿਆਂ ਨੂੰ ਬੰਦ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ, ਜਿਹੜੀ ਅੱਜ ਸੁਪਰੀਮ ਕੋਰਟ ਨੇ ਪ੍ਰਵਾਨ ਕਰ ਲਈ।

258 Views

e-Paper