ਮਨਜੀਤ ਸਿੰਘ ਕਲਕੱਤਾ ਨਹੀਂ ਰਹੇ


ਅੰਮ੍ਰਿਤਸਰ, (ਜਸਬੀਰ ਸਿੰਘ)
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦਾ ਦੇਹਾਂਤ ਹੋ ਗਿਆ।
ਸ਼ੂਗਰ ਦੀ ਬਿਮਾਰੀ ਤੋਂ ਪੀੜਤ ਅਕਾਲੀ ਆਗੂ ਮਨਜੀਤ ਸਿੰਘ ਕਲਕੱਤਾ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਦੇ ਕੱਕੜ ਹਸਪਤਾਲ ਦਾਖਲ ਸਨ, ਜਿੱਥੇ ਅੱਜ ਸਵੇਰੇ ਉਨ੍ਹਾ ਆਖ਼ਰੀ ਸਾਹ ਲਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ 'ਤੇ ਗਹਿਰੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਕਲਕੱਤਾ ਵੱਲੋਂ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਨਿਭਾਈਆਂ ਗਈਆਂ ਜ਼ਿਕਰਯੋਗ ਸੇਵਾਵਾਂ ਸਦਾ ਯਾਦ ਰਹਿਣਗੀਆਂ। ਕਲਕੱਤਾ ਇੱਕ ਪ੍ਰਸਿੱਧ ਸਿੱਖ ਸ਼ਖਸੀਅਤ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਕਲਕੱਤਾ ਵੱਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਵਿਚ ਸਰਗਰਮ ਆਗੂ ਵਜੋਂ ਲੰਮਾ ਸਮਾਂ ਨਿਭਾਈ ਭੂਮਿਕਾ ਨੂੰ ਵੀ ਹਮੇਸ਼ਾ ਯਾਦ ਰੱਖਿਆ ਜਾਵੇਗਾ। ਭਾਈ ਲੌਂਗੋਵਾਲ ਨੇ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ਨੂੰ ਇੱਕ ਵੱਡਾ ਘਾਟਾ ਦੱਸਿਆ ਅਤੇ ਕਿਹਾ ਕਿ ਕੌਮ ਇੱਕ ਸਿੱਖ ਵਿਦਵਾਨ ਤੋਂ ਵਾਂਝੀ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ ਨੇ ਵੀ ਕਲਕੱਤਾ ਦੇ ਚਲਾਣੇ 'ਤੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ।
ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਸ਼ੋਕ ਇਕੱਤਰਤਾ ਕੀਤੀ ਗਈ। ਇਸ ਮੌਕੇ ਮੂਲ ਮੰਤਰ 'ਤੇ ਗੁਰਮੰਤਰ ਦੇ ਜਾਪ ਤੋਂ ਬਾਅਦ ਵਿਛੜੀ ਆਤਮਾ ਨਮਿੱਤ ਅਰਦਾਸ ਕੀਤੀ ਗਈ। ਸ਼ੋਕ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ. ਕਲਕੱਤਾ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ 1984 ਤੋਂ ਬਾਅਦ ਬਿਖੜੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਦੀ ਪੰਥਕ ਭਾਵਨਾ ਨਾਲ ਮਿਸਾਲੀ ਪ੍ਰਬੰਧਕੀ ਸੇਵਾ ਨਿਭਾਈ। ਉਹ ਸਿੱਖ ਸਿਧਾਂਤਾਂ ਨੂੰ ਪ੍ਰਣਾਏ ਹੋਏ ਪੰਥਕ ਆਗੂ ਹੋਣ ਦੇ ਨਾਲ-ਨਾਲ ਪ੍ਰਸਿੱਧ ਪੰਥਕ ਲੇਖਕ ਵੀ ਸਨ ਅਤੇ ਉਨ੍ਹਾਂ ਦੀਆਂ ਲਿਖਤਾਂ ਕੌਮ ਨੂੰ ਵਡਮੁੱਲੀ ਸੇਧ ਦੇਣ ਵਾਲੀਆਂ ਹਨ। ਡਾ. ਰੂਪ ਸਿੰਘ ਨੇ ਕਲਕੱਤਾ ਦੀ ਪ੍ਰਬੰਧਕੀ ਯੋਗਤਾ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਉਹ ਫੈਸਲੇ ਲੈਣ ਪ੍ਰਤੀ ਦਿੜ੍ਹ ਹੋਣ ਦੇ ਨਾਲ-ਨਾਲ ਵੱਖ-ਵੱਖ ਸਿੱਖ ਸੰਸਥਾਵਾਂ ਨਾਲ ਪਿਆਰ ਭਾਵਨਾ ਨਾਲ ਵਿਚਰਨ ਦੇ ਹਮਾਇਤੀ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਚੀਮਾ ਬਾਠ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਵੀ ਮਨਜੀਤ ਸਿੰਘ ਕਲਕੱਤਾ ਦੇ ਜੀਵਨ ਤੇ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਪੰਥ ਲਈ ਵੱਡਾ ਘਾਟਾ ਦੱਸਿਆ। ਸ. ਕਲਕੱਤਾ ਦੇ ਚਲਾਣੇ ਕਾਰਨ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਵੀ ਅਫਸੋਸ ਵਜੋਂ ਬੰਦ ਕਰ ਦਿੱਤੇ ਗਏ।
ਇਸ ਮੌਕੇ ਡਾ. ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਤਜਿੰਦਰ ਸਿੰਘ ਪੱਡਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ। ਇਸੇ ਦੌਰਾਨ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ (ਸ਼੍ਰੋਮਣੀ ਕਮੇਟੀ) ਦੇ ਮੈਂਬਰ ਜੋਗਿੰਦਰ ਸਿੰਘ ਅਦਲੀਵਾਲ, ਸਤਬੀਰ ਸਿੰਘ, ਤਰਲੋਚਨ ਸਿੰਘ ਤੇ ਪ੍ਰੀਤਮ ਸਿੰਘ ਪੁਰੀ ਨੇ ਵੀ ਕਲਕੱਤਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਅਕਾਲੀ ਆਗੂ, ਸਿੱਖ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਸਵੇਰੇ ਅੰਮ੍ਰਿਤਸਰ ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉੱਚ ਸਿੱਖਿਆ ਬਾਰੇ ਮੰਤਰੀ ਰਹਿਣ ਵਾਲੇ ਮਨਜੀਤ ਸਿੰਘ ਕਲਕੱਤਾ ਕਦਰਾਂ-ਕੀਮਤਾਂ ਅਧਾਰਤ ਸਿਆਸਤ 'ਤੇ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਨੇ ਸਿੱਖ ਸਿਧਾਂਤਾਂ ਦੇ ਪ੍ਰਚਾਰ ਤੇ ਪਸਾਰ ਲਈ ਅਣਥੱਕ ਕਾਰਜ ਕੀਤਾ। ਦੁਖੀ ਪਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਵਾਰ ਨੂੰ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਖੇ ਮਨਜੀਤ ਸਿੰਘ ਕਲਕੱਤੇ ਦੇ ਸੰਸਕਾਰ ਮੌਕੇ ਪੂਰਾ ਰਾਜਕੀ ਸਮਾਨ ਦੇਣ ਦਾ ਵੀ ਐਲਾਨ ਕੀਤਾ ਹੈ। ਵਿਛੜੀ ਰੂਹ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੂੰ ਬੁੱਧਵਾਰ ਦੁਪਹਿਰ ਨੂੰ ਆਪਣੇ ਸਾਰੇ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਅੱਧਾ ਦਿਨ ਬੰਦ ਰੱਖਣ ਦਾ ਵੀ ਐਲਾਨ ਕੀਤਾ।