ਮੁੱਖ ਚੋਣ ਕਮਿਸ਼ਨਰ ਮੋਦੀ ਦਾ ਏਜੰਟ : ਸੰਜੇ ਸਿੰਘ


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਲਾਭ ਦੇ ਅਹੁਦੇ 'ਤੇ ਵਿਵਾਦ 'ਚ ਆਪਣੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਸਿਫ਼ਾਰਸ਼ ਮਗਰੋਂ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਹਮਲਾਵਰ ਰੁਖ ਅਖਤਿਆਰ ਕਰ ਲਿਆ ਹੈ।
ਅੱਜ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਮੁੱਖ ਚੋਣ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਏਜੰਟ ਦੱਸਦਿਆਂ ਦੋਸ਼ ਲਾਇਆ ਕਿ ਉਹ ਆਪ ਅਹੁਦੇ 'ਤੇ ਰਹਿੰਦਿਆਂ ਗੁਜਰਾਤ 'ਚ ਸਰਕਾਰੀ ਬੰਗਲੇ ਦਾ ਲਾਭ ਲੈ ਰਹੇ ਹਨ ਅਤੇ ਦੂਜਿਆਂ ਨੂੰ ਸਿੱਖਿਆ ਦੇ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਨੇ ਵਿਧਾਇਕਾਂ ਦਾ ਪੱਖ ਸੁਣੇ ਬਿਨਾਂ ਇਕਤਰਫ਼ਾ ਫ਼ੈਸਲਾ ਦਿੱਤਾ ਹੈ। ਸੰਸਦੀ ਸਕੱਤਰਾਂ ਦੀ ਨਿਯੁਕਤੀ ਸੰਬੰਧੀ ਪੱਤਰ ਦਿਖਾਉਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ 'ਚ ਹੀ ਸਾਫ਼ ਕਰ ਦਿੱਤਾ ਗਿਆ ਸੀ ਕਿ ਕਿਸੇ ਨੂੰ ਕੋਈ ਸਰਕਾਰੀ ਸੁਵਿਧਾ ਜਾਂ ਵਾਧੂ ਭੱਤਾ ਨਹੀਂ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਅਜਿਹੇ 'ਚ ਇਹ ਲਾਭ ਦਾ ਅਹੁਦਾ ਕਿਵੇਂ ਹੋ ਗਿਆ।
ਪੁਰਾਣੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ 2006 'ਚ ਸ਼ੀਲਾ ਦੀਕਸ਼ਤ ਸਰਕਾਰ ਨੇ 19 ਵਿਧਾਇਕਾਂ ਨੂੰ ਸੰਸਦੀ ਸਕੱਤਰ ਬਣਾਇਆ ਸੀ ਅਤੇ ਜਦੋਂ ਇਸ ਨਿਯੁਕਤੀ 'ਤੇ ਸੁਆਲ ਉਠੇ ਤਾਂ ਵਿਧਾਨ ਸਭਾ ਤੋਂ ਕਾਨੂੰਨ ਪਾਸ ਕਰਵਾ ਲਿਆ ਗਿਆ। ਉਨ੍ਹਾ ਕਿਹਾ ਕਿ ਛਤੀਸਗੜ੍ਹ ਅਤੇ ਝਾਰਖੰਡ 'ਚ ਵੀ ਇਸੇ ਤਰ੍ਹਾਂ ਹੋਇਆ ਅਤੇ ਉਥੇ ਵਿਧਾਇਕਾਂ ਨੂੰ ਸੰਸਦੀ ਸਕੱਤਰ ਬਣਾ ਕੇ ਰਾਜ ਮੰਤਰੀ ਦਾ ਅਹੁਦਾ ਦਿੱਤਾ ਗਿਆ ਅਤੇ ਲਾਭ ਦਾ ਅਹੁਦਾ ਹੋਣ ਦੇ ਬਾਵਜੂਦ ਵਿਧਾਨ ਸਭਾ ਤੋਂ ਕਾਨੂੰਨ ਪਾਸ ਕਰਵਾ ਦੇ ਵਿਧਾਇਕਾਂ ਦੀ ਮੈਂਬਰੀ ਬਚਾਈ ਗਈ।
ਉਨ੍ਹਾ ਹਰਿਆਣਾ, ਪੱਛਮੀ ਬੰਗਲ ਅਤੇ ਪੰਜਾਬ ਦੀ ਵੀ ਉਦਾਹਰਣ ਦਿੱਤੀ, ਜਿਥੇ ਹਾਈ ਕੋਰਟ ਨੇ ਸੰਸਦੀ ਸਕੱਤਰਾਂ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ, ਪਰ ਇਹਨਾਂ ਥਾਵਾਂ 'ਤੇ ਵੀ ਹਾਈ ਕੋਰਟ ਨੇ ਵਿਧਾਇਕਾਂ ਦੀ ਮੈਂਬਰੀ ਰੱਦ ਨਹੀਂ ਕੀਤੀ ਸੀ। ਸੰਜੇ ਸਿੰਘ ਨੇ ਕਿਹਾ ਕਿ ਲੋਕਤੰਤਰ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਏ ਕੇ ਜੋਤੀ ਨੂੰ ਸਿਰਫ਼ ਆਪਣੇ ਪੁਰਾਣੇ ਮਾਲਕ ਨਰਿੰਦਰ ਮੋਦੀ ਦਾ ਖਿਆਲ ਹੈ ਅਤੇ ਉਹ ਰਿਟਾਇਰ ਹੋਣ ਤੋਂ ਪਹਿਲਾਂ ਆਪਣਾ ਕਰਜ਼ਾ ਲਾਹ ਰਹੇ ਹਨ।
ਜ਼ਿਕਰਯੋਗ ਹੈ ਕਿ ਲਾਭ ਦੇ ਅਹੁਦੇ ਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਕੀਤੀ ਹੈ ਅਤੇ ਹੁਣ ਮਾਮਲਾ ਰਾਸ਼ਟਰਪਤੀ ਕੋਲ ਹੈ।