Latest News
ਕੈਪਟਨ ਵੱਲੋਂ ਗੈਰ-ਕਾਨੂੰਨੀ ਖਣਨ ਤੇ ਟੈਕਸ ਚੋਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਦੇ ਨਿਰਦੇਸ਼

Published on 05 Feb, 2018 11:28 AM.


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਗੈਰ-ਕਾਨੂੰਨੀ ਖਣਨ ਅਤੇ ਇਸ ਨਾਲ ਸੰਬੰਧਤ ਟੈਕਸਾਂ ਦੀ ਚੋਰੀ ਵਿਰੁੱਧ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸੰਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਵਿਸ਼ੇਸ਼ ਬਹੁ-ਵਿਭਾਗੀ ਸੰਯੁਕਤ ਟੀਮਾਂ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵਿਚ ਕਰ, ਖਣਨ, ਮਾਲ ਅਤੇ ਪੁਲਸ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਖਣਨ ਅਤੇ ਟੈਕਸਾਂ ਦੀ ਚੋਰੀ ਰੋਕਣ ਲਈ ਨਾਕੇ ਲਾਉਣ ਦਾ ਅਧਿਕਾਰ ਹੋਵੇਗਾ।
ਗੈਰ-ਕਾਨੂੰਨੀ ਖਣਨ ਦੀ ਸਮੱਸਿਆ ਸੰਬੰਧੀ ਗੰਭੀਰ ਰੁੱਖ ਅਖਤਿਆਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਕਾਰਜ ਵਿਚ ਲੱਗੇ ਕਿਸੇ ਨੂੰ ਵੀ ਕਿਸੇ ਵੀ ਕੀਮਤ 'ਤੇ ਮੁਆਫ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਖਣਨ ਅਤੇ ਟੈਕਸਾਂ ਦੀ ਚੋਰੀ ਕਾਰਨ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ, ਜਿਸ ਨੂੰ ਪਹਿਲ ਦੇ ਆਧਾਰ 'ਤੇ ਰੋਕੇ ਜਾਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਸੂਬਾ ਹੋਰ ਵਿੱਤੀ ਨੁਕਸਾਨ ਸਹਿਣ ਨਹੀਂ ਕਰ ਸਕਦਾ।
ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਮਾਮਲੇ ਵਿਚ ਸਿਆਸੀ ਦਖਲ-ਅੰਦਾਜ਼ੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਬਿਨਾਂ ਕਿਸੇ ਦੇਰੀ ਤੋਂ ਪਹਿਲ ਦੇ ਆਧਾਰ 'ਤੇ ਇਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਖਣਨ ਵਿਭਾਗ ਦੇ ਜਾਇਜ਼ੇ ਲਈ ਵਿੱਤ ਬਾਰੇ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਟੋਨ ਕਰੈਸ਼ਰਾਂ ਉਤੇ ਚੌਕਸੀ ਵਧਾਉਣ ਲਈ ਵੀ ਹੁਕਮ ਜਾਰੀ ਕੀਤੇ, ਜੋ ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਪਠਾਨਕੋਟ ਨਾਂਅ ਦੇ ਤਿੰਨ ਜ਼ਿਲ੍ਹਿਆਂ ਵਿਚ ਲੱਗੇ ਹੋਏ ਹਨ।
ਖਣਨ ਵਿਭਾਗ ਦੇ ਕੰਮਕਾਜ ਨੂੰ ਦਰੁੱਸਤ ਅਤੇ ਹੋਰ ਪ੍ਰਭਾਵੀ ਬਣਾਉਣ ਲਈ ਮੀਟਿੰਗ ਦੌਰਾਨ ਖੁੱਲ੍ਹਾ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਇਕ ਨਵਾਂ ਖਣਨ ਵਿਭਾਗ ਸਥਾਪਤ ਕਰਨ ਦੇ ਪ੍ਰਸਤਾਵ ਬਾਰੇ ਵੀ ਚਰਚਾ ਹੋਈ, ਜਿਸ ਵਾਸਤੇ ਮਾਨਵੀ ਸ਼ਕਤੀ ਵੱਖ-ਵੱਖ ਸੰਬੰਧਤ ਵਿਭਾਗਾਂ ਤੋਂ ਲਈ ਜਾਵੇਗੀ। ਚਾਲੂ ਵਿੱਤੀ ਸਾਲ ਦੌਰਾਨ ਖਣਨ ਵਪਾਰ ਤੋਂ ਪ੍ਰਾਪਤ ਹੋਏ ਮਾਲੀਏ ਸੰਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਵਿਭਾਗ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ 19 ਫਰਵਰੀ ਅਤੇ 15 ਮਾਰਚ ਨੂੰ ਨਿਰਧਾਰਤ ਕੀਤੀਆਂ ਗਈਆਂ ਦੋ ਹੋਰ ਬੋਲੀਆਂ ਤੋਂ ਬਾਅਦ ਸਾਲ 2017-18 ਵਿਚ ਕੁਲ ਮਾਲੀਆ ਕਈ ਗੁਣਾ ਜ਼ਿਆਦਾ ਵੱਧ ਜਾਵੇਗਾ। ਇਸ ਸੰਬੰਧੀ ਅਨੁਮਾਨ ਲਾਇਆ ਗਿਆ ਹੈ ਕਿ ਅਗਲੇ ਸਾਲ ਖਣਨ ਤੋਂ ਮਾਲੀਆ ਤਿੰਨ ਗੁਣਾ ਹੋ ਜਾਵੇਗਾ। 19 ਫਰਵਰੀ ਨੂੰ ਕੀਤੀ ਜਾ ਰਹੀ ਬੋਲੀ ਦੌਰਾਨ 48 ਰੇਤ ਖੱਡਾਂ (1.64 ਕਰੋੜ ਟਨ) ਅਤੇ 3 ਬੱਜਰੀ (0.2 ਕਰੋੜ ਟਨ) ਦੀਆਂ ਖੱਡਾਂ ਦੀ ਬੋਲੀ ਹੋਵੇਗੀ, ਜਦਕਿ 15 ਮਾਰਚ ਨੂੰ ਰੇਤ ਦੀਆਂ 145 ਖੱਡਾਂ (2.7 ਕਰੋੜ ਟਨ) ਅਤੇ ਬੱਜਰੀ ਦੀਆਂ 18 ਖੱਡਾਂ (0.2 ਕਰੋੜ ਟਨ) ਦੀ ਖੁੱਲ੍ਹੀ ਬੋਲੀ ਹੋਵੇਗੀ।
ਮੀਟਿੰਗ ਵਿਚ ਸ਼ਾਮਲ ਹੋਰਨਾਂ ਵਿਚ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਵਿੱਤ ਸਲਾਹਕਾਰ ਵੀ.ਕੇ. ਗਰਗ, ਚੇਅਰਮੈਨ ਗਵਰਨੈਂਸ ਅਤੇ ਨੈਤਿਕ ਕਮਿਸ਼ਨ ਕੇ.ਆਰ. ਲਖਨਪਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਉਦਯੋਗ ਅਤੇ ਕਾਮਰਸ ਦੇ ਪ੍ਰਮੁੱਖ ਸਕੱਤਰ ਰਕੇਸ਼ ਵਰਮਾ ਹਾਜ਼ਰ ਸਨ।

168 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper