Latest News
ਕੈਪਟਨ ਅਮਰਿੰਦਰ ਵੱਲੋਂ ਰਾਜੀਵ ਗਾਂਧੀ ਨੂੰ ਝੂਠੇ ਭੰਡੀ ਪ੍ਰਚਾਰ ਨਾਲ ਬਦਨਾਮ ਕਰਨ ਦੀ ਸੁਖਬੀਰ ਦੁਆਰਾ ਕੀਤੀ ਜਾ ਰਹੀ ਕੋਸ਼ਿਸ਼ ਦੀ ਆਲੋਚਨਾ
ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਦਹਾਕੇ ਪਹਿਲਾਂ ਹੋਏ ਦੰਗਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਗਲਤ ਢੰਗ ਨਾਲ ਲਪੇਟਣ ਵਾਸਤੇ ਝੂਠਾ ਭੰਡੀ ਪ੍ਰਚਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ਨਿਰਾਸ਼ਾਜਨਕ ਕੋਸ਼ਿਸ਼ ਦੀ ਤਿੱਖੀ ਆਲੋਚਨਾ ਕੀਤੀ ਹੈ। ਦੰਗਿਆਂ ਵਿੱਚ ਰਾਜੀਵ ਗਾਂਧੀ ਦੀ ਭੂਮਿਕਾ 'ਤੇ ਸਵਾਲ ਉਠਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਬਦਨਾਮ ਕਰਨ ਲਈ ਅਕਾਲੀਆਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਖਿੱਲੀ ਉਡਾਉਂਦਿਆਂ ਕਿਹਾ ਹੈ ਕਿ ਹਿੰਸਾ ਸ਼ੁਰੂ ਹੋਣ ਵੇਲੇ ਇੰਦਰਾ ਗਾਂਧੀ ਦਾ ਵੱਡਾ ਪੁੱਤਰ ਦਿੱਲੀ ਵਿੱਚ ਮੌਜੂਦ ਹੀ ਨਹੀਂ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੰਗੇ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਚੋਣ ਦੌਰੇ 'ਤੇ ਕਲਕੱਤਾ ਤੋਂ ਕੋਈ 150 ਕਿਲੋਮੀਟਰ ਦੂਰ ਕੋਟਾਈ ਵਿਖੇ ਸਨ ਅਤੇ ਸੁਖਬੀਰ ਬਾਦਲ ਟੀ.ਵੀ. ਇੰਟਰਵਿਊ ਵਿੱਚ ਜਗਦੀਸ਼ ਟਾਈਟਲਰ ਦੇ ਬਿਆਨ ਨੂੰ ਜਾਣਬੁੱਝ ਕੇ ਗਲਤ ਢੰਗ ਨਾਲ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਨੇ ਇਸ ਸਟਿੰਗ ਅਪ੍ਰੇਸ਼ਨ ਦੇ ਨਾਲ ਰਾਜੀਵ ਗਾਂਧੀ ਨੂੰ ਜੋੜਨ ਦੀ ਕੋਸ਼ਿਸ਼ ਕਰਨ ਲਈ ਅਕਾਲੀ ਆਗੂ ਦੀ ਤਿੱਖੀ ਆਲੋਚਨਾ ਕੀਤੀ ਹੈ, ਜਿਸ ਨੂੰ ਟਾਈਟਲਰ ਪਹਿਲਾਂ ਹੀ ਜਾਲ੍ਹੀ ਵੀਡਿਓ ਆਖ ਕੇ ਰੱਦ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਪੂਰੀ ਤਰ੍ਹਾਂ ਰਿਕਾਰਡ ਹੈ ਕਿ ਰਾਜੀਵ ਗਾਂਧੀ, ਉਨ੍ਹਾਂ ਦੀ ਮਾਤਾ ਦੀ ਹੱਤਿਆ ਬਾਰੇ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਦਿੱਲੀ ਵਾਪਸ ਆਏ ਅਤੇ ਉਸ ਸਮੇਂ ਦੰਗੇ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਸਨ ਅਤੇ ਕਦੀ ਵੀ ਟਾਈਟਲਰ ਨੇ ਰਾਜੀਵ ਗਾਂਧੀ ਨੂੰ ਦੰਗਿਆਂ ਦੇ ਨਾਲ ਨਹੀਂ ਜੋੜਿਆ, ਜਿਸ ਦਾ ਸੁਖਬੀਰ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਟਾਈਟਲਰ ਨੇ ਆਪਣੀ ਇੰਟਰਵਿਊ ਵਿੱਚ ਸਪੱਸ਼ਟ ਕਿਹਾ ਹੈ ਕਿ ਰਾਜੀਵ ਗਾਂਧੀ ਨੇ ਉਨ੍ਹਾਂ ਦੇ ਨਾਲ ਸਥਿਤੀ 'ਤੇ ਨਿਯੰਤ੍ਰਣ ਕਰਨ ਦੀ ਕੋਸ਼ਿਸ਼ ਕੀਤੀ, ਜੋ ਉਨ੍ਹਾਂ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੇ ਸਮੇਂ ਗੰਭੀਰ ਰੂਪ ਅਖਤਿਆਰ ਕਰ ਗਈ ਸੀ। ਰਾਜੀਵ ਗਾਂਧੀ ਨੇ ਸਾਰੇ ਪਾਰਟੀ ਵਿਧਾਇਕਾਂ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਜਾਣ ਦੀਆਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਉਨ੍ਹਾਂ ਨੂੰ ਹਰ ਕੀਮਤ 'ਤੇ ਸਥਿਤੀ ਸ਼ਾਂਤ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ। ਦੰਗਿਆਂ ਦੇ ਸੰਬੰਧ ਵਿੱਚ ਮੀਡੀਆ ਰਿਪੋਰਟਾਂ ਵਿੱਚ ਅੱਗੇ ਦਰਸਾਇਆ ਗਿਆ ਹੈ ਕਿ ਰਾਜੀਵ ਗਾਂਧੀ ਨੇ ਸਪੱਸ਼ਟ ਤੌਰ 'ਤੇ ਇਨ੍ਹਾਂ ਦੰਗਿਆਂ ਦੀ ਆਲੋਚਨਾ ਕੀਤੀ ਅਤੇ ਫਿਰਕੂ ਹਿੰਸਾ ਵਿੱਚ ਸ਼ਾਮਲ ਕਿਸੇ ਦੇ ਵਿਰੁੱਧ ਵੀ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਟੀ.ਵੀ. ਇੰਟਰਵਿਊ ਵਿੱਚ ਟਾਈਟਲਰ ਦੇ ਬਿਆਨ ਨੂੰ ਗਲਤ ਢੰੰਗ ਨਾਲ ਪੇਸ਼ ਕਰਨ ਲਈ ਝੂਠਾ ਭੰਡੀ ਪ੍ਰਚਾਰ ਕਰਨ ਦੀ ਕੀਤੀ ਗਈ ਕੋਸ਼ਿਸ਼ ਤੋਂ ਬਾਅਦ ਅਕਾਲੀ ਹੁਣ ਇਸ ਵੀਡਿਓ ਦਾ ਸਹਾਰਾ ਲੈ ਰਹੇ ਹਨ, ਜਿਸ ਨੂੰ ਕਾਂਗਰਸ ਦੇ ਆਗੂ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਹੈ।
ਟਾਈਟਲਰ ਦੇ ਬਿਆਨ ਦੇ ਕੁਝ ਹਿੱਸਿਆਂ ਨੂੰ ਸੰਦਰਭ ਨਾਲੋਂ ਤੋੜ ਕੇ ਪੇਸ਼ ਕਰਨ ਲਈ ਸੁਖਬੀਰ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਗੈਰ-ਜ਼ਿੰਮੇਵਾਰੀ ਵਾਲੇ ਵਿਹਾਰ ਦਾ ਸਿਖਰ ਦੱਸਿਆ। ਉਨ੍ਹਾਂ ਕਿਹਾ ਕਿ ਜੇ ਟਾਈਟਲਰ ਕਿਸੇ ਵੀ ਤਰੀਕੇ ਨਾਲ ਇਸ ਵਿੱਚ ਸ਼ਾਮਲ ਹੁੰਦਾ ਤਾਂ ਉਸ ਨੇ ਲੰਮਾਂ ਸਮਾਂ ਪਹਿਲਾਂ ਹੀ ਨੰਗਾ ਹੋ ਜਾਣਾ ਸੀ। ਉਨ੍ਹਾਂ ਕਿਹਾ ਕਿ ਅਸਲ ਗੱਲ ਇਹ ਹੈ ਕਿ ਅਕਾਲੀਆਂ ਕੋਲ ਰੱਤੀ ਪਰ ਵੀ ਕੋਈ ਸਬੂਤ ਨਹੀਂ ਹੈ, ਜਿਸ ਨਾਲ ਉਹ ਰਾਜੀਵ ਗਾਂਧੀ 'ਤੇ ਕੋਈ ਦੋਸ਼ ਲਾ ਸਕਣ।
ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ ਕਿ 1984 ਦੇ ਦੰਗਿਆਂ ਦੇ ਸੰਦਰਭ ਵਿੱਚ ਅੱਤਵਾਦ ਕਾਰਨ ਪੰਜਾਬ ਦੇ ਲੋਕਾਂ ਪਹਿਲਾਂ ਹੀ ਕਾਫੀ ਨੁਕਸਾਨ ਉਠਾ ਚੁੱਕੇ ਹਨ ਅਤੇ ਅਕਾਲੀ ਆਗੂ ਵੱਲੋਂ ਕੀਤਾ ਜਾ ਰਿਹਾ ਝੂਠਾ ਭੰਡੀ ਪ੍ਰਚਾਰ ਫਿਰ ਨਵਾਂ ਤਣਾਅ ਪੈਦਾ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅਕਾਲੀ ਫੁੱਟਪਾਊ ਸ਼ਕਤੀਆਂ ਦੇ ਹੱਥਾਂ ਵਿੱਚ ਖੇਡ ਰਹੇ ਹਨ ਅਤੇ ਇਹ ਗੱਲ ਮੁੜ ਪੰਜਾਬ ਦੀ ਸ਼ਾਂਤੀ ਤੇ ਸਥਿਰਤਾ ਨੂੰ ਢਾਹ ਲਾ ਸਕਦੀ ਹੈ।

167 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper