ਪੰਜਾਬ 'ਚ ਹਰ ਸਾਲ 5 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ : ਮਨਪ੍ਰੀਤ


ਬਠਿੰਡਾ (ਬਖਤੌਰ ਢਿੱਲੋਂ, ਪਰਵਿੰਦਰ ਜੀਤ ਸਿੰਘ)
ਪੰਜਾਬ ਦੇ ਵਿੱਤ ਯੋਜਨਾਬੰਦੀ ਤੇ ਰੁਜ਼ਗਾਰ ਉਤਪਾਦਨ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਯੋਜਨਾ ਤਹਿਤ 5 ਲੱਖ ਨੌਜਵਾਨਾਂ ਨੂੰ ਹਰ ਸਾਲ ਨੌਕਰੀਆਂ ਦੇਣ ਦਾ ਵਾਅਦਾ ਕੀਤਾ।ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਮੰਗਲਵਾਰ ਨੂੰ ਦੂਜੇ ਵਿਸ਼ਾਲ ਰੁਜ਼ਗਾਰ ਮੇਲੇ ਦਾ ਉਦਘਾਟਨ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਤੇ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਰਕਾਰ 5 ਸਾਲਾਂ 'ਚ 25 ਲੱਖ ਨੌਕਰੀਆਂ ਦਾ ਪ੍ਰਬੰਧ ਕਰੇਗੀ ਅਤੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਦੇ ਨਾਲ-ਨਾਲ ਪੰਜਾਬ ਦਾ ਭਵਿੱਖ ਵੀ ਰੋਸ਼ਨ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸੂਬੇ 'ਚ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਹਜ਼ਾਰ ਤੋਂ ਵੱਧ ਨਾਮੀ ਕੰਪਨੀਆਂ ਨੂੰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਪ੍ਰੋਗਰਾਮ 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਸਿੱਖਿਆ, ਸਿਹਤ ਅਤੇ ਲੋੜਵੰਦਾਂ ਨੂੰ ਘਰ ਦੇਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਦੱਸਿਆ ਕਿ ਬੀਤੇ 10 ਸਾਲਾਂ ਦੌਰਾਨ ਪੰਜਾਬ 'ਚ ਬੇਰੁਜ਼ਗਾਰੀ ਦਾ ਬੋਲਬਾਲਾ ਰਿਹਾ ਹੈ ਤੇ ਹੁਣ ਮੌਜੂਦਾ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨਾ ਹੈ।
ਸ੍ਰੀ ਬਾਦਲ ਨੇ ਇੱਕ ਵਾਰ ਫਿਰ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਮਾਡਲ ਯੂਨੀਵਰਸਿਟੀ ਵਜੋਂ ਵਿਕਸਿਤ ਕਰਨ ਲਈ ਆਪਣੇ ਵਾਅਦੇ ਨੂੰ ਦੁਹਰਾਇਆ ਤਾਂ ਜੋ ਰਾਜ ਵਿਚ ਤਕਨੀਕੀ ਸਿੱਖਿਆ ਨੂੰ ਪ੍ਰਫੁੱਲਤ ਕੀਤਾ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੁਜ਼ਗਾਰ ਮੇਲੇ ਦਾ ਹਿੱਸਾ ਬਣ ਕੇ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਯੋਗ ਉਮੀਦਵਾਰ ਆਪਣੀ ਕਾਬਲੀਅਤ ਦੇ ਦਮ 'ਤੇ ਰੁਜ਼ਗਾਰ ਪ੍ਰਾਪਤ ਕਰਨ।
ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸ਼ਰ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਨ ਲਈ ਚੁੱਕੇ ਕਦਮਾਂ ਲਈ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਇਸ ਪਹਿਲਕਦਮੀ ਦਾ ਹਿੱਸਾ ਬਣਨ 'ਚ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਨੌਕਰੀ ਮੇਲੇ ਦੌਰਾਨ ਅੱਗੇ ਆਉਣ ਵਾਲੇ ਹਜ਼ਾਰਾਂ ਨੌਜਵਾਨ ਆਪਣੇ ਸ਼ਾਨਦਾਰ ਭਵਿੱਖ ਲਈ ਨੌਕਰੀਆਂ ਨੂੰ ਸੁਰੱਖਿਅਤ ਕਰਨ ਜਾ ਰਹੇ ਹਨ।