ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ : ਸੁਖਬੀਰ


ਲਹਿਰਾਗਾਗਾ (ਰਾਕੇਸ਼ ਕੁਮਾਰ ਗੁਪਤਾ)
ਅੱਜ ਸਥਾਨਕ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੋਲ ਖੋਲ੍ਹ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਹਲਕਾ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਕੀਤੀ ਗਈ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ, ਸਮਰਥਕ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਪੋਲ ਖੋਲ੍ਹ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਰਦਾਰ ਸੁਖਦੇਵ ਸਿੰਘ ਢੀਂਡਸਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾ, ਬਾਬੂ ਪ੍ਰਕਾਸ਼ ਚੰਦ ਗਰਗ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਹਾਜ਼ਰ ਸੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਨੇ ਜੋ ਅਕਾਲੀ-ਭਾਜਪਾ ਵੱਲੋਂ ਸ਼ਗਨ ਸਕੀਮ ਆਟਾ-ਦਾਲ ਆਦਿ ਚਲਾਈਆਂ ਸਨ, ਉਹ ਸਭ ਬੰਦ ਕਰ ਦਿੱਤੀਆਂ ਹਨ। ਉਨ੍ਹਾ ਕਿਹਾ ਕਿ ਕੈਪਟਨ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਤੁਹਾਡੀ ਬੁਢਾਪਾ ਪੈਨਸ਼ਨ ਪੰਦਰਾਂ ਸੌ ਰੁਪਏ ਦਿੱਤੀ ਜਾਵੇਗੀ, ਪਰ ਜੋ ਪੰਜ ਸੌ ਰੁਪਏ ਸਾਡੀ ਸਰਕਾਰ ਵੱਲੋਂ ਪੈਨਸ਼ਨ ਦੇ ਰੂਪ ਵਿੱਚ ਦਿੱਤਾ ਜਾਂਦਾ ਸੀ, ਉਹ ਵੀ ਬੰਦ ਕਰ ਦਿੱਤਾ ਗਿਆ। ਉਨ੍ਹਾ ਕਿਹਾ ਕਿ ਪਿਛਲੇ ਵੀਹ ਪੱਚੀ ਸਾਲਾਂ ਤੋਂ ਬੀਬੀ ਰਾਜਿੰਦਰ ਕੌਰ ਭੱਠਲ ਨੇ ਇਸ ਹਲਕੇ ਦਾ ਕੁਝ ਨਹੀਂ ਸੰਵਾਰਿਆ। ਉਨ੍ਹਾਂ ਕਿਹਾ ਕਿ ਬੀਬੀ ਰਜਿੰਦਰ ਕੌਰ ਭੱਠਲ ਹਮੇਸ਼ਾ ਹੀ ਲੋਕਾਂ ਨੂੰ ਝੂਠ ਬੋਲ ਕੇ ਵੋਟਾਂ ਲੈ ਲੈਂਦੀ ਸੀ, ਪਰ ਇਸ ਵਾਰ ਦੀਆਂ ਚੋਣਾਂ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾ ਦਿੱਤਾ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਲਹਿਰਾ ਹਲਕੇ ਦਾ ਐਨਾ ਵਿਕਾਸ ਕੀਤਾ ਕਿ ਪਰਮਿੰਦਰ ਸਿੰਘ ਤੋਂ ਬੀਬੀ ਭੱਠਲ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੋਟਾਂ ਤੋਂ ਪਹਿਲਾਂ ਘਰ-ਘਰ ਨੌਕਰੀ, ਸਮਾਰਟ ਫ਼ੋਨ, ਸ਼ਗਨ ਸਕੀਮ ਵਾਧਾ, ਪੈਨਸ਼ਨ ਵਿੱਚ ਵਾਧਾ ਅਤੇ ਕਿਸਾਨਾਂ ਦੇ ਕਰਜ਼ੇ ਮਾਫ਼ ਕਰ ਦਿਆਂਗੇ ਦੇ ਵਾਅਦੇ ਕਰਕੇ ਕੈਪਟਨ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਅੱਜ ਅਸਲੀਅਤ ਵਿੱਚ ਕੁਝ ਵੀ ਨਹੀਂ। ਉਨ੍ਹਾ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਟੋਪੀ ਵਾਲਿਆਂ ਦਾ ਪਿਛੋਕੜ ਦੇਖਣਾ ਚਾਹੀਦਾ ਸੀ ਕਿ ਕਿਉਂਕਿ ਕਾਂਗਰਸ ਅਤੇ ਟੋਪੀ ਵਾਲਿਆਂ ਨੇ ਰਲ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰੱਖਿਆ ਹੈ। ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸਰਕਾਰ ਸੰਭਾਲਦਿਆਂ ਪੰਜਾਬ ਦੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰ ਦਿੱਤੀਆਂ। ਪੰਜਾਬ ਵਿੱਚੋਂ ਅਕਾਲੀ-ਭਾਜਪਾ ਦੀ ਸਰਕਾਰ ਨੂੰ ਹਟਾਉਣ ਲਈ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਕੀਤਾ। ਉਨ੍ਹਾ ਕਿਹਾ ਕਿ ਪੰਜਾਬ ਵਿੱਚੋਂ ਕੈਪਟਨ ਨੇ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਟਿਊਬਵੈੱਲਾਂ ਦੇ ਬਿੱਲ ਲਗਾ ਰਹੀ ਹੈ। ਮੁਫ਼ਤ ਦਵਾਈਆਂ ਦੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਜੋ ਲੋਕਾਂ ਦੀ ਸਹੂਲਤ ਲਈ ਪਿੰਡਾਂ ਵਿੱਚ ਸੇਵਾ ਕੇਂਦਰ ਖੋਲ੍ਹੇ ਸਨ, ਉਹ ਵੀ ਬੰਦ ਕਰ ਦਿੱਤੇ। ਉਨ੍ਹਾ ਕਿਹਾ ਕਿ ਐੱਸ ਸੀ ਬੱਚਿਆਂ ਨੂੰ ਛੇ ਕਰੋੜ ਸਾਲ ਦੇ ਪੜ੍ਹਨ ਵਾਸਤੇ ਦਿੰਦੇ ਸੀ ਅਤੇ ਹੁਣ ਇੱਕ ਸਾਲ ਹੋ ਗਿਆ ਕੋਈ ਪੈਸਾ ਨਹੀਂ ਦਿੱਤਾ। ਉਨ੍ਹਾ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ ਨੂੰ ਬਦਨਾਮ ਕਰਨ ਲਈ ਬਹੁਤ ਝੂਠ ਬੋਲਿਆ ਤੇ ਲੋਕਾਂ ਨੂੰ ਇਸ ਗੱਲ 'ਤੇ ਪੱਕਾ ਕੀਤਾ ਕਿ ਜੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ, ਉਹ ਅਕਾਲੀ-ਭਾਜਪਾ ਸਰਕਾਰ ਨੇ ਕਰਵਾਈ ਹੈ। ਉਨ੍ਹਾ ਕਿਹਾ ਕਿ ਅਕਾਲੀ ਦਲ ਉਹ ਪਾਰਟੀ ਜਿਹੜੀ ਗੁਰੂ ਧਰਮਾਂ ਦੀ ਸੇਵਾ ਕਰਦੀ ਹੈ ਤੇ ਬੇਅਦਬੀ ਅਸੀਂ ਕਰਾਂਗੇ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੀਆਂ ਗੱਲਾਂ ਵਿੱਚ ਆ ਕੇ ਜਿਨ੍ਹਾਂ ਦਰਬਾਰ ਸਾਹਿਬ 'ਤੇ ਹਮਲਾ ਕੀਤਾ, ਇਸ ਤੋਂ ਵੱਡੀ ਬੇਅਦਬੀ ਕੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਕਹਿੰਦਾ ਸੀ ਕਿ ਅਕਾਲੀ ਸਰਕਾਰ ਦੇ ਸੱਤਰ ਪ੍ਰਤੀਸਤ ਲੋਕ ਨਸ਼ੇੜੀ ਹਨ।
ਉਨ੍ਹਾਂ ਕਿਹਾ ਕਿ ਹੁਣ ਮੈਂ ਪੁੱਛਣਾ ਚਾਹੁੰਦਾਂ ਕੈਪਟਨ ਸਾਹਿਬ ਅਤੇ ਟੋਪੀ ਵਾਲਿਆਂ ਨੂੰ ਕਿ ਇੱਕ ਸਾਲ ਹੋ ਗਿਆ ਕਿ ਅੱਜ ਨਸ਼ਾ ਖਤਮ ਹੈ ਅਤੇ ਕਿਹੜੇ ਹਸਪਤਾਲ ਵਿੱਚ ਨੌਜਵਾਨ ਪਏ ਹਨ, ਕਿਹੜੇ ਹਸਪਤਾਲ 'ਚ ਉਨ੍ਹਾਂ ਨੂੰ ਦਵਾਈ ਮਿਲ ਰਹੀ ਹੈ ਜਾਂ ਕਿਹੜਾ ਵੱਡਾ ਸਮਗਲਰ ਤੁਸੀਂ ਫੜਿਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਜਦੋਂ ਬਾਹਰ ਜਾਂਦੇ ਹਨ ਤਾਂ ਲੋਕ ਉਨ੍ਹਾਂ ਨੂੰ ਸ਼ੱਕੀ ਨਜ਼ਰ ਨਾਲ ਦੇਖਦੇ ਹਨ ਕਿ ਕਿਤੇ ਨਸ਼ੇੜੀ ਨਾ ਹੋਵੇ। ਉਨ੍ਹਾ ਕਿਹਾ ਕਿ ਜੋ ਆਪਣੀ ਕੌਮ ਨੂੰ ਬਦਨਾਮ ਕਰਦੀ ਹੈ, ਉਹ ਪਾਰਟੀ ਵਫ਼ਾਦਾਰ ਨਹੀਂ ਹੋ ਸਕਦੀ। ਸ੍ਰੀ ਬਾਦਲ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ 20 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ, ਵਧ-ਚੜ੍ਹ ਕੇ ਪੁੱਜੋ ਤਾਂ ਕਿ ਗੁੰਗੀ-ਬਹਿਰੀ ਸਰਕਾਰ ਤੱਕ ਆਵਾਜ਼ ਪਹੁੰਚਾ ਸਕੀਏ ਕਿ ਜਾਗੋ ਅਤੇ ਪੰਜਾਬ ਵਿੱਚ ਰਹਿ ਕੇ ਕੰਮ ਕਰਨਾ ਪੈਣਾ, ਨਹੀਂ ਸਰਕਾਰ ਨੂੰ ਘਰੇ ਜਾਣਾ ਪੈਣਾ।
ਇਸ ਮੌਕੇ ਬਲਦੇਵ ਸਿੰਘ ਮਾਨ, ਗਗਨਜੀਤ ਬਰਨਾਲਾ, ਰਜਿੰਦਰ ਸਿੰਘ ਕਾਂਝਲਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਐਡਵੋਕੇਟ, ਮੈਡਮ ਸੰਦੀਪ ਕੌਰ ਅੱਛੀ ਲਹਿਰਾ ਤੋਂ ਇਲਾਵਾ ਹਜ਼ਾਰਾਂ ਵਰਕਰ ਅਤੇ ਸਮੁੱਚੀ ਜ਼ਿਲ੍ਹੇ ਦੀ ਲੀਡਰਸ਼ਿਪ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਜਥੇਦਾਰ ਸਮੁੱਚੇ ਹੀ ਅਕਾਲੀ ਆਗੂ ਪਹੁੰਚੇ ਹੋਏ ਸਨ।