Latest News
ਨਸ਼ਿਆਂ ਦੀ ਵਰਤੋਂ ਰੋਕਣ ਲਈ ਬਹੁਪੱਖੀ ਪ੍ਰੋਗਰਾਮ 23 ਨੂੰ ਸ਼ੁਰੂ ਹੋਵੇਗਾ : ਐੱਸ ਟੀ ਐੱਫ

Published on 12 Mar, 2018 11:45 AM.


ਬਠਿੰਡਾ (ਬਖਤੌਰ ਢਿੱਲੋਂ)
ਨਸ਼ਿਆਂ ਖਿਲਾਫ ਆਪਣੀ ਲੜਾਈ ਨੂੰ ਜਾਰੀ ਰੱਖਦੇ ਹੋਏ ਪੰਜਾਬ ਸਰਕਾਰ ਦੁਆਰਾ ਨਸ਼ੇ ਦੀ ਵਰਤੋਂ ਰੋਕਣ ਲਈ ਅਕਸਰ (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਬਹੁਪੱਖੀ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ, ਜਿਸ 'ਚ ਨਾ ਸਿਰਫ਼ ਨਸ਼ਿਆਂ ਖਿਲਾਫ ਲੜਾਈ ਲੜੀ ਜਾਵੇਗੀ, ਬਲਕਿ ਨਸ਼ਿਆਂ ਦੇ ਚੱਕਰ 'ਚ ਫਸੇ ਨੌਜਵਾਨਾਂ ਨੂੰ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਪੋ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੇ ਪਿੰਡ ਖੱਟਕੜ ਕਲਾਂ ਤੋਂ 23 ਮਾਰਚ ਨੂੰ ਕਰਨਗੇ ਅਤੇ ਨਾਲ ਹੀ ਸੂਬਾ ਪੱਧਰ 'ਤੇ ਡੇਪੋ ਸਵੈ ਇਛੁੱਕ ਵਰਕਰਾਂ ਨੂੰ ਵੀ ਸਹੁੰ ਚੁਕਾਈ ਜਾਵੇਗੀ।
ਇਸ ਗੱਲ ਦਾ ਪ੍ਰਗਟਾਵਾ ਆਈ.ਜੀ. ਸਪੈਸ਼ਲ ਟਾਸਕ ਫੋਰਸ ਪੰਜਾਬ ਪੁਲਸ ਸ੍ਰੀ ਬਲਕਾਰ ਸਿੱਧੂ ਨੇ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਪੁਲਸ ਮੁਖੀਆਂ ਦੀ ਇੱਕ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨਾਲ ਆਈ.ਜੀ. ਬਠਿੰਡਾ ਰੇਂਜ ਸ੍ਰੀ ਮੁਖਵਿੰਦਰ ਸਿੰਘ ਛੀਨਾ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਡੇਪੋ ਪ੍ਰੋਗਰਾਮ ਦਾ ਮੁੱਖ ਮੰਤਵ ਨਸ਼ੇ ਮੁਕਤ ਮੁਹੱਲੇ ਬਣਾਉਣਾ ਹੈ ਅਤੇ ਇਸ ਤਹਿਤ ਕਈ ਜ਼ਿਲ੍ਹਿਆਂ 'ਚ ਵਲੰਟੀਅਰਾਂ ਦੇ ਨਾਂਅ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ 'ਤੇ ਸੁਚੱਜੇ ਤਰੀਕੇ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਮਿਸ਼ਨ ਟੀਮਾਂ ਵੀ ਬਣਾਈਆਂ ਗਈਆਂ ਹਨ। ਸੰਬੰਧਤ ਜ਼ਿਲ੍ਹੇ ਦੇ ਡੀ.ਸੀ., ਐੱਸ.ਐੱਸ.ਪੀ., ਸਿਵਲ ਸਰਜਨ ਅਤੇ ਹੋਰ ਜ਼ਿਲ੍ਹਾ ਅਫ਼ਸਰ ਇਨ੍ਹਾਂ ਜ਼ਿਲ੍ਹਾ ਪੱਧਰੀ ਟੀਮਾਂ 'ਚ ਸ਼ਾਮਲ ਹੋਣਗੇ। ਇਸ ਤਰ੍ਹਾਂ ਦੀਆਂ ਹੀ ਟੀਮਾਂ ਅੱਗੇ ਸਬ-ਡਵੀਜ਼ਨ ਅਤੇ ਪਿੰਡ ਪੱਧਰ 'ਤੇ ਵੀ ਬਣਾਈਆਂ ਜਾਣਗੀਆਂ। ਉਨ੍ਹਾ ਕਿਹਾ ਕਿ ਜੇਕਰ ਕੋਈ ਵੀ ਨਸ਼ਿਆਂ ਨੂੰ ਖ਼ਤਮ ਕਰਨ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਡੇਪੋ ਵਲੰਟੀਅਰ ਵਜੋਂ ਆਪਣਾ ਪੰਜੀਕਰਨ ਕਰਵਾ ਸਕਦਾ ਹੈ। ਡੇਪੋ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ।
ਉਨ੍ਹਾ ਕਿਹਾ ਕਿ ਹਰ ਇੱਕ ਡੇਪੋ ਵਲੰਟੀਅਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰੇ, ਨਸ਼ੇ 'ਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰ ਸੰਬੰਧੀ ਜਾਣਕਾਰੀ ਦੇਵੇ, ਆਪਣੇ ਇਲਾਕੇ 'ਚ ਖੇਡਾਂ ਜਾਂ ਹੋਰ ਸਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਤ ਕਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ। ਇਸ ਮੌਕੇ ਬੋਲਦਿਆਂ ਆਈ.ਜੀ. ਬਠਿੰਡਾ ਰੇਂਜ ਸ੍ਰੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਨਸ਼ੇ 'ਚ ਫਸੇ ਲੋਕਾਂ ਨੂੰ ਬਚਾਉਣ ਲਈ ਸਰਕਾਰ ਦੁਆਰਾ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਇਨ੍ਹਾਂ ਮਰੀਜ਼ਾਂ ਨੂੰ ਸਰਕਾਰ ਖ਼ਾਸ ਤਰੀਕੇ ਦੇ ਕਾਰਡ ਜਾਰੀ ਕਰੇਗੀ, ਜਿਸ ਨਾਲ ਕਿ ਮਰੀਜ਼ਾਂ ਸੰਬੰਧੀ ਜਾਣਕਾਰੀ ਆਸਾਨੀ ਨਾਲ ਮੁਹੱਈਆ ਕਰਵਾਈ ਜਾ ਸਕੇਗੀ। ਉਨ੍ਹਾ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਆਊਟ ਪੇਸ਼ੰਟ ਓਪੀਓਡ ਐਸਿਟਿਡ ਟਰੀਟਮੈਂਟ ਰਾਹੀਂ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਡੀ.ਸੀ. ਬਠਿੰਡਾ ਸ੍ਰੀ ਦੀਪਰਵਾ ਲਾਕਰਾ, ਡੀ.ਸੀ. ਸ੍ਰੀ ਮੁਕਤਸਰ ਸਾਹਿਬ ਡਾ. ਸੁਮੀਤ ਜਾਰੰਗਲ, ਡੀ.ਸੀ. ਮਾਨਸਾ ਸ੍ਰੀ ਧਰਮਪਾਲ ਗੁਪਤਾ, ਡੀ.ਸੀ. ਫ਼ਰੀਦਕੋਟ ਸ੍ਰੀ ਰਾਜੀਵ ਪ੍ਰਾਸ਼ਰ, ਪੁਲਸ ਮੁਖੀ ਬਠਿੰਡਾ ਸ੍ਰੀ ਨਵੀਨ ਸਿੰਗਲਾ, ਪੁਲਸ ਮੁਖੀ ਸ੍ਰੀ ਮੁਕਤਸਰ ਸਾਹਿਬ ਸੁਸ਼ੀਲ ਕੁਮਾਰ, ਪੁਲਸ ਮੁਖੀ ਮਾਨਸਾ ਸ੍ਰੀ ਪੀ.ਬੀ.ਐੱਸ ਪਰਮਾਰ, ਪੁਲਸ ਮੁਖੀ ਫ਼ਰੀਦਕੋਟ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਡਾ. ਸ਼ੇਨਾ ਅਗਰਵਾਲ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਅਫ਼ਸਰ ਵੀ ਹਾਜ਼ਰ ਸਨ।

798 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper