Latest News
ਦਿੱਲੀ ਵੱਲ ਕੂਚ ਕਰਦੇ ਕਿਸਾਨ ਪੁਲਸੀਆ ਜਬਰ ਨਾਲ ਡੱਕੇ

Published on 21 Mar, 2018 11:30 AM.

ਪਾਤੜਾਂ (ਭੁਪਿੰਦਰਜੀਤ ਮੌਲਵੀਵਾਲਾ)
ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਦੇਸ਼ ਭਰ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰਾਂ ਦੇ ਕਾਫਲੇ ਨੇ ਬੀਤੀ ਦੇਰ ਸ਼ਾਮ ਪਾਤੜਾਂ ਅਨਾਜ ਮੰਡੀ ਪਹੁੰਚ ਕੇ ਰਾਤ ਕੱਟੀ। ਸਵੇਰੇ ਜਿਉਂ ਹੀ ਕਾਫਲਾ ਦਿੱਲੀ ਵੱਲ ਰਵਾਨਾ ਹੋਇਆ ਤਾਂ ਨੈਸ਼ਨਲ ਹਾਈਵੇ 'ਤੇ ਪਿੰਡ ਸ਼ੁਤਰਾਣਾ ਨਜ਼ਦੀਕ ਵੱਡੀ ਗਿਣਤੀ ਵਿੱਚ ਦੋ ਜ਼ਿਲ੍ਹਿਆਂ ਦੀ ਪੁਲਸ ਫੋਰਸ ਨੇ ਕਾਫਲੇ ਨੂੰ ਰੋਕ ਲਿਆ।
ਕਿਸਾਨਾਂ ਦੇ ਕਾਫਲੇ ਨੂੰ ਠੱਲ੍ਹਣ ਲਈ ਡੀ ਆਈ ਜੀ ਪਟਿਆਲਾ ਰੇਂਜ ਸੁਖਚੈਨ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਸ ਮੁਖੀ ਪਟਿਆਲਾ ਡਾ: ਐੱਸ ਭੂਪਤੀ ਤੇ ਐੱਸ ਐੱਸ ਪੀ ਸੰਗਰੂਰ ਮਨਪ੍ਰੀਤ ਸਿੰਘ ਸਿੱਧੂ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਪੁੱਜੇ। ਇਸ ਦੌਰਾਨ ਪੁਲਸ ਅਧਿਕਾਰੀਆਂ ਤੇ ਕਿਸਾਨ ਆਗੂਆਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਜਾਮ ਕਰਕੇ ਧਰਨੇ ਉਤੇ ਬੈਠ ਗਏ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਸੜਕ ਉਤੇ ਹੀ ਮਰਨ ਵਰਤ ਉਤੇ ਬੈਠਣ ਦਾ ਐਲਾਨ ਕਰ ਦਿੱਤਾ, ਪਰ ਇਸ ਸਭ ਦੇ ਬਾਵਜੂਦ ਪੁਲਸ ਪ੍ਰਸ਼ਾਸਨ ਟਸ ਤੋਂ ਮਸ ਨਹੀਂ ਹੋਇਆ। ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਸੀ।
ਧਰਨੇ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਰਾਸ਼ਟਰੀ ਕਿਸਾਨ ਮਹਾਂ ਸੰਘ ਵੱਲੋਂ ਪਿਛਲੇ ਇਕ ਮਹੀਨੇ ਤੋਂ ਚੀਮਾ ਮੰਡੀ ਵਿੱਚ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ, ਪਰ ਸਾਡੀ ਪੰਜਾਬ ਸਰਕਾਰ ਨੇ ਕੋਈ ਗੱਲ ਨਹੀਂ ਸੁਣੀ। ਹੁਣ ਉਹ ਹੋਰਨਾਂ ਕਿਸਾਨ ਜਥੇਬੰਦੀਆਂ ਨਾਲ ਦਿੱਲੀ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਦੇਣ ਜਾ ਰਹੇ ਹਨ। ਕੈਪਟਨ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਸ ਨੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਹੈ। ਉਨ੍ਹਾਂ ਕਾਂਗਰਸ ਸਰਕਾਰ 'ਤੇ ਦੋਸ਼ ਲਾਇਆ ਕਿ ਧਰਨਾ ਦਿੱਲੀ ਵਿੱਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਹੈ, ਪਰ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਰੋਕ ਭਾਜਪਾ ਨਾਲ ਅੰਦਰੂਨੀ ਗੰਢਤੁੱਪ ਦਾ ਸਬੂਤ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਲੰਘ ਜਾਣ ਦੀ ਗੱਲ ਹੋਈ ਸੀ, ਪਰ ਅੱਜ ਫਿਰ ਰੋਕ ਦੇਣਾ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਹੈ।
ਧਰਨੇ ਉਪਰ ਸੈਂਕੜੇ ਕਿਸਾਨਾਂ ਨਾਲ ਮਲੂਕ ਸਿੰਘ ਹੀਰਕੇ, ਬਲਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਸੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ, ਸੁਖਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਨਿਰਮਲ ਸਿੰਘ ਜਨਰਲ ਸੈਕਟਰੀ, ਭੂਰਾ ਸਿੰਘ, ਬੂਟਾ ਸਿੰਘ ਭੂੰਦੜ ਤੋਂ ਇਲਾਵਾ ਹਰਿਆਣਾ ਤੋਂ ਯੂਨੀਅਨ ਪ੍ਰਧਾਨ ਗੁਰਨਾਮ ਸਿੰਘ, ਜਗਬੀਰ ਸਿੰਘ ਗਿੱਲ, ਸੋਨੂੰ ਸਿੰਘ, ਵੀਰਭਾਨ ਸਿੰਘ, ਜਗਵਿੰਦਰ ਸਿੰਘ, ਰਾਮ ਮੇਹਰ, ਦਰਸ਼ਨ ਸਿੰਘ, ਭੂਰਾ ਰਾਮ ਆਦਿ ਬੈਠੇ ਹੋਏ ਹਨ।

246 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper