Latest News
ਰਾਹੁਲ ਤੇ ਕੈਪਟਨ ਅਮਰਿੰਦਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ 'ਤੇ ਦਬਾਅ ਪਾਉਣ ਦਾ ਅਹਿਦ

Published on 17 Oct, 2020 11:21 AM.


ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਠੋਸ ਰੂਪ ਵਿੱਚ ਟਾਕਰਾ ਕੀਤਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਦਾ ਮੁਕਾਬਲਾ ਕਰਨ ਅਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਉਨ੍ਹਾਂ ਦੀ ਬਾਕੀ ਰਹਿੰਦੀ ਜ਼ਿੰਦਗੀ ਦਾ ਹਰੇਕ ਦਿਨ ਪੰਜਾਬ ਦੀ ਮੁੜ ਸੁਰਜੀਤੀ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਐਲਾਨ ਕੀਤਾ, ''ਜਿੰਨਾ ਸਮਾਂ ਮੇਰੇ ਕੋਲ ਬਚਿਆ ਹੈ, ਮੈਂ ਕਿਸਾਨਾਂ ਅਤੇ ਸੂਬੇ ਦੇ ਹਰੇਕ ਹੋਰਨਾਂ ਵਰਗ ਦੇ ਲੋਕਾਂ ਲਈ ਲੜਦਾ ਰਹਾਂਗਾ।''
ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਨੂੰ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਅਤੇ ਪੰਜਾਬ ਦੇ ਭਵਿੱਖ ਉਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਆਪਣੀ ਸਰਕਾਰ ਵੱਲੋਂ ਇਹ ਐਲਾਨ ਵੀ ਕੀਤਾ ਕਿ ਲੰਬੇ ਸਮੇਂ ਤੋਂ ਲਾਲ ਡੋਰੇ ਦੀ ਜ਼ਮੀਨ ਵਿੱਚ ਰਹਿੰਦੇ ਆ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਮਕਸਦ ਲਈ ਛੇਤੀ ਹੀ ਮਿਸ਼ਨ 'ਲਾਲ ਲਕੀਰ' ਸ਼ੁਰੂ ਕੀਤਾ ਜਾਵੇਗਾ ਅਤੇ ਵਸਨੀਕਾਂ ਨੂੰ ਉਨ੍ਹਾਂ ਦੀ ਮਾਲਕੀ ਵਾਲੀਆਂ ਰਿਹਾਇਸ਼ੀ ਜਾਇਦਾਦਾਂ ਲਈ 'ਸਨਦ'/ਪ੍ਰਮਾਣ ਪੱਤਰ ਦਿੱਤੇ ਜਾਣਗੇ। ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਵਾਲੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਸੀ ਪਰ ਹੁਣ ਇਹ ਆਵਾਜ਼ ਪੰਜਾਬ ਵਿਧਾਨ ਸਭਾ ਅਤੇ ਮੁਲਕ ਦੇ ਹਰੇਕ ਹਿੱਸੇ ਵਿੱਚ ਉਦੋਂ ਤੱਕ ਗੂੰਜੇਗੀ, ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਨਹੀਂ ਹੋ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਸਨ ਤਾਂ ਫੇਰ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਸਭਾ ਤੇ ਰਾਜ ਸਭਾ ਵਿੱਚ ਇਨ੍ਹਾਂ ਉਤੇ ਬਹਿਸ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ?
ਖੇਤੀ ਕਾਨੂੰਨਾਂ ਨੂੰ ਭਾਜਪਾ ਵੱਲੋਂ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਉਤੇ ਵਹਿਸ਼ੀਆਨਾ ਹਮਲਾ ਕਰਾਰ ਦਿੰਦੇ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਉਤੇ ਅਜਿਹੇ ਗੈਰ-ਸੰਵਿਧਾਨਕ ਅਤੇ ਬਿਨਾਂ ਕਿਸੇ ਯੋਜਨਾਬੰਦੀ ਦੇ ਤਿਆਰ ਕੀਤੇ ਬਿੱਲਾਂ ਰਾਹੀਂ ਹਮਲਾ ਕੀਤਾ ਗਿਆ ਹੈ ਅਤੇ ਇਸ ਦੀ ਪੀੜ ਹਰੇਕ ਕਿਸਾਨ ਅਤੇ ਮਜ਼ਦੂਰ ਹੰਢਾ ਰਿਹਾ ਹੈ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਗੂ ਨੇ ਬਿਲਕੁਲ ਉਪਰਲੇ ਪੱਧਰ ਤੋਂ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਅਜਿਹੇ ਕਾਨੂੰਨ ਦੇਸ਼ ਉਤੇ ਥੋਪਣ ਲਈ ਭਾਜਪਾ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਦਰਮਿਆਨ ਫਰਕ ਇਹ ਹੈ ਕਿ ਭਾਜਪਾ ਵੱਲੋਂ ਸਿਰਫ ਇਮਾਰਤ ਉਸਾਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਜੜ੍ਹਾਂ ਨੂੰ ਵਿਸਾਰਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਵਾਲੀ ਜ਼ਮੀਨ ਹਰੇਕ ਪਿੰਡ ਦੀ ਜੜ੍ਹ ਹੈ ਅਤੇ ਇਹ ਐਲਾਨ ਕੀਤਾ ਕਿ ਕਾਂਗਰਸ ਕਦੇ ਵੀ ਅਜਿਹੇ ਢੰਗ ਨਾਲ ਭਾਰਤ ਦੀਆਂ ਜੜ੍ਹਾਂ ਨੂੰ ਖੋਰਾ ਲਾਇਆ ਜਾਣਾ ਬਰਦਾਸ਼ਤ ਨਹੀਂ ਕਰੇਗੀ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਬੀਤੇ ਸਮੇਂ ਦੌਰਾਨ ਲਏ ਗਏ ਫੈਸਲਿਆਂ ਕਰਕੇ ਅਰਥਚਾਰੇ ਦੇ ਪੂਰਨ ਤੌਰ ਉਤੇ ਨਿਘਾਰ ਵਿੱਚ ਚਲੇ ਜਾਣ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਨਾਲ ਵੱਡੇ ਪੱਧਰ ਉਤੇ ਬੇਰੋਜ਼ਗਾਰੀ ਵਧੀ ਹੈ। ਕਾਂਗਰਸੀ ਆਗੂ ਨੇ ਇਸ ਗੱਲ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜੇ ਹਨ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਖੇਤੀ ਕਾਨੂੰਨਾਂ ਸੰਬੰਧੀ ਭਾਜਪਾ ਉਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਖਤਮ ਕਰਨ ਲਈ ਵਜੂਦ ਵਿੱਚ ਲਿਆਂਦੇ ਗਏ ਹਨ ਅਤੇ ਸੂਬਾ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਹਰ ਕਦਮ ਚੁੱਕੇਗੀ।
ਕਾਂਗਰਸੀ ਨੇਤਾ ਰਾਹੁਲ ਗਾਂਧੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਸੂਬੇ ਦੇ ਪੇਂਡੂ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ-ਕਲਪ ਕਰਨ ਲਈ 2275 ਕਰੋੜ ਰੁਪਏ ਦੀ ਲਾਗਤ ਵਾਲੀ ਪੰਜਾਬ ਦੀ 'ਸਮਾਰਟ ਪਿੰਡ ਮੁਹਿੰਮ' ਦੇ ਦੂਜੇ ਪੜਾਅ ਦੀ ਵਰਚੁਅਲ ਤੌਰ 'ਤੇ ਸ਼ੁਰੂਆਤ ਕੀਤੀ। ਰਾਹੁਲ ਗਾਂਧੀ ਨੇ ਨਵੀਂ ਦਿੱਲੀ ਤੋਂ ਮੁਹਿੰਮ ਦੀ ਸ਼ੁਰੂਆਤ ਤੋਂ ਕੀਤੀ, ਜਦਕਿ ਮੁੱਖ ਮੰਤਰੀ ਅਤੇ ਪੰਜਾਬ ਦੇ ਮੰਤਰੀ, ਅਧਿਕਾਰੀ ਅਤੇ ਸਰਪੰਚਾਂ ਨੇ 1500 ਡਿਜੀਟਲ ਥਾਂਵਾਂ ਤੋਂ ਸ਼ਿਰਕਤ ਕੀਤੀ ਅਤੇ ਸੂਬਾ ਭਰ ਵਿੱਚ 48910 ਕਾਰਜਾਂ ਦੀ ਆਰੰਭਤਾ ਦਾ ਆਗਾਜ਼ ਕੀਤਾ। ਰਾਹੁਲ ਵੱਲੋਂ ਇਸ ਯਾਦਗਾਰੀ ਪਲਾਂ ਦਾ ਹਿੱਸਾ ਬਣਨ ਉਤੇ ਖੁਸ਼ੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੇਂਡੂ ਮੁਹਾਂਦਰੇ ਨੂੰ ਬਦਲਣ ਦੀ ਉਹਨਾ ਦੀ ਸਰਕਾਰ ਦੀ ਰਣਨੀਤੀ ਦੀ ਲੜੀ ਵਜੋਂ ਤਕਨਾਲੋਜੀ ਦੀਆਂ ਖੂਬੀਆਂ ਰਾਹੀਂ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਆਪਕ ਪੱਧਰ ਉਤੇ ਪੇਂਡੂ ਬੁਨਿਆਦੀ ਢਾਂਚਾ ਸਿਰਜੇਗੀ। ਉਹਨਾ ਦੂਜੇ ਪੜਾਅ ਅਧੀਨ ਵੱਖ-ਵੱਖ ਸਕੀਮਾਂ ਲਈ ਫੰਡਾਂ ਦੀ ਢੁਕਵੀਂ ਵੰਡ ਦਾ ਭਰੋਸਾ ਦਿੱਤਾ, ਜੋ ਪਹਿਲੇ ਪੜਾਅ ਦੀ ਸਫਲਤਾਪੂਰਵਕ ਸਮਾਪਤੀ ਤੋਂ ਬਾਅਦ ਸ਼ੁਰੂ ਕੀਤੀਆਂ ਗਈਆਂ ਹਨ। ਪਹਿਲੇ ਪੜਾਅ ਦਾ ਆਗਾਜ਼ ਸਾਲ 2019 ਵਿੱਚ ਕੀਤਾ ਗਿਆ ਸੀ, ਜਿਸ ਲਈ 835 ਕਰੋੜ ਰੁਪਏ ਦੀ ਲਾਗਤ ਨਾਲ 19,132 ਕਾਰਜ ਕੀਤੇ ਗਏ ਸਨ। ਮੁਲਕ ਦੀ ਨੀਂਹ ਮਜ਼ਬੂਤ ਰੱਖਣ ਲਈ ਪਿੰਡਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਰਾਹੁਲ ਨੇ ਕਿਹਾ ਕਿ ਪੇਂਡੂ ਢਾਂਚੇ ਵਿੱਚ ਕਿਸੇ ਤਰ੍ਹਾਂ ਦੀ ਕਮਜ਼ੋਰੀ ਮੁਲਕ ਦੀ ਪ੍ਰਗਤੀ ਵਿੱਚ ਅੜਿੱਕਾ ਪੈਦਾ ਕਰੇਗੀ। ਉਹਨਾ ਭਾਰਤ ਦੀ ਤਰੱਕੀ ਲਈ ਇਹਨਾਂ ਨੀਂਹਾਂ ਨੂੰ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਅਤੇ ਇੱਥੋਂ ਦੇ ਲੋਕਾਂ ਦੀ ਸੁਰੱਖਿਆ ਸ਼ਹਿਰਾਂ ਅਤੇ ਮੁਲਕ ਨੂੰ ਬਚਾਉਣ ਲਈ ਸਹਾਈ ਹੋਵੇਗੀ। ਕਾਂਗਰਸੀ ਸੰਸਦ ਮੈਂਬਰ ਨੇ ਕੈਪਟਨ ਸਰਕਾਰ ਵੱਲੋਂ ਪੇਂਡੂ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਹਨਾ ਕਿਹਾ ਕਿ ਪਿੰਡ ਵਿੱਚ ਖਰਚਿਆ ਜਾ ਰਿਹਾ ਪੈਸਾ ਸੂਬੇ ਦੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਹੈ ਅਤੇ ਇਕ-ਇਕ ਪੈਸਾ ਭ੍ਰਿਸ਼ਟ ਗੁੰਝਲਾਂ ਤੋਂ ਮੁਕਤ ਹੋ ਕੇ ਲਾਭਪਾਤਰੀਆਂ ਤੱਕ ਪਹੁੰਚਣਾ ਚਾਹੀਦਾ ਹੈ। ਕਾਂਗਰਸ ਪਾਰਟੀ ਜ਼ਮੀਨੀ ਪੱਧਰ ਉਤੇ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਕਾਂਗਰਸ ਸਰਕਾਰਾਂ ਨੇ ਪੰਚਾਇਤਾਂ ਦੇ ਵਿਚਾਰ ਜਾਣਨ ਤੋਂ ਬਾਅਦ ਹੀ ਆਪਣੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਕਿਹਾ ਕਿ ਸਮਾਰਟ ਪਿੰਡ ਮੁਹਿੰਮ ਤਹਿਤ ਸਕੀਮਾਂ ਵੀ ਹੇਠਲੇ ਪੱਧਰ ਉਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਤਿਆਰ ਕੀਤੀਆਂ ਹਨ, ਜਿਸ ਨਾਲ ਯਕੀਨਨ ਤੌਰ ਉਤੇ ਇੱਛਾਜਨਕ ਨਤੀਜੇ ਸਾਹਮਣੇ ਆਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਛੱਪੜਾਂ ਦੀ ਸਫਾਈ, ਸਟਰੀਟ ਲਾਈਟਾਂ, ਪਾਰਕ, ਜਿਮਨੇਜੀਅਮ, ਕਮਿਊਨਿਟੀ ਹਾਲ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਸੈਂਟਰ, ਸਮਾਰਟ ਸਕੂਲ ਅਤੇ ਰਹਿੰਦ-ਖੂੰਹਦ ਦਾ ਪ੍ਰਬੰਧਨ ਵਰਗੇ ਮੁੱਖ ਖੇਤਰਾਂ ਨੂੰ ਤਰਜੀਹ ਦਿੱਤੀ ਗਈ ਹੈ, ਤਾਂ ਕਿ ਯੋਗ ਵਾਤਾਵਰਣ ਮੁਹੱਈਆ ਕਰਵਾ ਕੇ ਪੰਜਾਬ ਦੇ ਪਿੰਡਾਂ ਨੂੰ ਸਵੈ-ਸਥਿਰ ਬਣਾਇਆ ਜਾ ਸਕੇ। ਦੂਜੇ ਪੜਾਅ ਵਿੱਚ ਪੰਜਾਬ ਵਿੱਚ 13,264 ਪੰਚਾਇਤਾਂ ਨੂੰ ਢੁਕਵੇਂ ਫੰਡ ਤਬਦੀਲ ਕੀਤੇ ਜਾ ਚੁੱਕੇ ਹਨ। ਉਹਨਾ ਕਿਹਾ ਕਿ ਸੂਬਾ ਸਰਕਾਰ ਦੀ ਇੱਛਾ ਉਹਨਾਂ ਮਕਾਨ ਮਾਲਕਾਂ ਦੀ ਸਹਾਇਤਾ ਕਰਨ ਦੀ ਵੀ ਹੈ, ਜੋ ਆਰਜ਼ੀ ਛੱਤਾਂ ਵਾਲੇ ਘਰਾਂ ਵਿੱਚ ਰਹਿ ਰਹੇ ਹਨ। ਉਹਨਾਂ ਕਿਹਾ ਕਿ 'ਹਰ ਘਰ ਪੱਕੀ ਛੱਤ' ਦੇ ਇਰਾਦੇ ਨਾਲ ਪਿੰਡਾਂ ਦੇ ਗਰੀਬਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਅਜਿਹਾ ਕਰਦਿਆਂ ਟੀਚਾ ਸਮੂਹਿਕ ਵਿਕਾਸ ਦਾ ਹੋਵੇਗਾ ਅਤੇ ਮਿਸਾਲ ਦੇ ਤੌਰ ਉਤੇ ਇਹਨਾਂ ਪਰਵਾਰਾਂ ਵਿੱਚ ਮਹਿਲਾ ਮੁਖੀ ਪਰਵਾਰ, ਦਿਵਿਆਂਗ ਵਿਅਕਤੀਆਂ, ਸਖਤ ਬਿਮਾਰ ਵਿਅਕਤੀ, ਸ਼ਹੀਦਾਂ ਦੇ ਪਰਵਾਰ, ਅਨੁਸੂਚਿਤ ਜਾਤੀਆਂ ਆਦਿ ਨੂੰ ਸ਼ਾਮਲ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸਾਲ 2020-21 ਲਈ ਪੇਂਡੂ ਇਲਾਕਿਆਂ ਵਿੱਚ ਵਿਕਾਸ ਲਈ 750 ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਮੰਤਵ ਲਈ ਇਕ ਬਲਾਕ ਵਿੱਚ ਘੱਟੋ-ਘੱਟ ਪੰਜ ਸਟੇਡੀਅਮ ਬਣਾਉਣ ਦਾ ਟੀਚਾ ਹੈ। ਨਵੇਂ ਡਿਜਾਈਨ ਦੇ ਚਾਰ ਏਕੜ, ਦੋ ਏਕੜ ਅਤੇ ਇਕ ਏਕੜ ਵਾਲੇ ਖੇਡ ਮੈਦਾਨ ਵਿਕਸਤ ਕੀਤੇ ਗਏ ਹਨ।

233 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper