Latest News
ਸੂਬੇ ਦੇ ਵਿਕਾਸ \'ਚ ਅੜਿੱਕਾ ਪਾਉਣ ਦੀ ਕੋਸ਼ਿਸ਼ ਸਫ਼ਲ ਨਹੀਂ ਹੋਣ ਦਿਆਂਗੇ : ਬਾਦਲ
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਅੜਿੱਕਾ ਪਾਉਣ ਦੀ ਕਾਂਗਰਸ ਦੀ ਕੋਸ਼ਿਸ਼ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਨੂੰ ਪੂਰੀ ਗਤੀ ਵਿੱਚ ਜਾਰੀ ਰੱਖਿਆ ਜਾਵੇਗਾ।\r\nਅੱਜ ਧੂਰੀ ਵਿਧਾਨ ਸਭਾ ਹਲਕੇ ਵਿੱਚ ਦੂਜੇ ਗੇੜ ਦੇ ਸੰਗਤ ਦਰਸ਼ਨ ਦੇ ਆਖਰੀ ਦਿਨ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭੱਠਲ ਵੱਲੋਂ ਸੰਗਤ ਦਰਸ਼ਨਾਂ ਦੇ ਵਿਰੁੱਧ ਚੋਣ ਕਮਿਸ਼ਨ ਕੋਲ ਪਹੁੰਚ ਕਰਨ ਦੇ ਬਿਆਨ \'ਤੇ ਟਿੱਪਣੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂਆਂ ਦਾ ਨਾ ਤਾਂ ਸੂਬੇ ਦੇ ਵਿਕਾਸ ਨਾਲ ਕੋਈ ਵਾਸਤਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਾਨੂੰਨ ਬਾਰੇ ਕੋਈ ਜਾਣਕਾਰੀ ਹੈ। ਸੰਗਤ ਦਰਸ਼ਨਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਆਪਣੀ ਜ਼ਿੰਮੇਵਾਰੀ ਦੱਸਦੇ ਹੋਏ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਮਕਸਦ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਸੱਤਾ ਵਿੱਚ ਆਏ ਹਨ, ਉਨ੍ਹਾਂ ਨੇ ਸੰਗਤ ਦਰਸ਼ਨਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਤੋਂ ਇਲਾਵਾ ਉਨ੍ਹਾਂ ਦੀ ਵਿਕਾਸ \'ਚ ਭਾਈਵਾਲੀ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਜ਼ਮੀਨੀ ਪੱਧਰ \'ਤੇ ਜਮਹੂਰੀਅਤ ਨੂੰ ਮਜ਼ਬੂਤ ਬਣਾਉਣ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਗਤ ਦਰਸ਼ਨਾਂ ਦੀ ਸਮੁੱਚੇ ਦੇਸ਼ ਵਿੱਚ ਆਪਣੀ ਵੱਖਰੀ ਪਹਿਚਾਣ ਹੈ।\r\nਕਾਂਗਰਸ ਵੱਲੋਂ ਸੰਗਤ ਦਰਸ਼ਨਾਂ ਦੌਰਾਨ ਵਿਕਾਸ ਕਾਰਜਾਂ ਦਾ ਵਿਰੋਧ ਕਰਨ \'ਤੇ ਟਿੱਪਣੀ ਕਰਦੇ ਹੋਏ ਸ .ਬਾਦਲ ਨੇ ਕਿਹਾ ਕਿ ਕਾਂਗਰਸ ਨੇ ਖੁਦ ਪੰਜਾਬ ਵਿੱਚ ਵਿਕਾਸ ਨੂੰ ਗਤੀ ਤਾਂ ਕੀ ਦੇਣੀ ਸੀ, ਉਹ ਲਗਾਤਾਰ ਵਿਕਾਸ ਕਾਰਜਾਂ ਵਿੱਚ ਅੜਿੱਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਇਹਨਾਂ ਨੀਤੀਆਂ ਕਾਰਨ ਹੀ ਸੂਬੇ ਦੇ ਅਵਾਮ ਨੇ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਸੱਤਾ ਵਿੱਚ ਨਾ ਆ ਸਕਣ ਦੀਆਂ ਸੰਭਾਵਨਾਵਾਂ ਕਾਰਨ ਹੁਣ ਕਾਂਗਰਸੀ ਆਗੂ ਆਪਸ ਵਿੱਚ ਹੀ ਲੜਨ ਲੱਗ ਪਏ ਹਨ ਅਤੇ ਸੂਬੇ ਦੇ ਲੋਕਾਂ ਵੱਲ ਉਨ੍ਹਾਂ ਦਾ ਧਿਆਨ ਉੱਕਾ ਹੀ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਵਿਘਨ ਪਾਉਣ ਦੀਆਂ ਕਾਂਗਰਸ ਭਾਵੇਂ ਜਿੰਨੀਆਂ ਕੋਸ਼ਿਸ਼ਾਂ ਕਰਨ, ਉਨ੍ਹਾਂ ਦੀ ਸਿਹਤ \'ਤੇ ਕੋਈ ਅਸਰ ਨਹੀਂ ਹੈ ਅਤੇ ਉਹ ਵਿਕਾਸ ਨੂੰ ਪੂਰੀ ਤਰ੍ਹਾਂ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸਿਆਣੇ ਹਨ ਅਤੇ ਉਹ ਕਾਂਗਰਸ ਦੀ ਇਸ ਨਕਾਰਾਤਮਕ ਪਹੁੰਚ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ, ਇਸ ਕਰਕੇ ਹੀ ਸੂਬੇ ਦੇ ਅਵਾਮ ਨੇ ਹਾਂ-ਖੱਖੀ ਸਿਆਸਤ ਅਤੇ ਵਿਕਾਸ-ਮੁਖੀ ਨੀਤੀਆਂ ਅਪਨਾਉਣ ਵਾਲਿਆਂ ਦਾ ਪੱਲਾ ਫੜਿਆ ਹੈ।\r\nਇਸੇ ਦੌਰਾਨ ਪੱਤਰਕਾਰਾਂ ਵੱਲੋਂ ਬੇਨੜਾ ਪਿੰਡ ਵਿੱਚ ਸੰਗਤ ਦਰਸ਼ਨ ਦੌਰਾਨ ਲੋਕ ਸਭਾ ਐੱਮ.ਪੀ. ਭਗਵੰਤ ਮਾਨ ਨੂੰ ਨਾ ਸੱਦਣ ਕਰਕੇ ਉਨ੍ਹਾਂ ਵੱਲੋਂ ਬੇਨੜਾ ਪਿੰਡ ਨੂੰ ਅਪਨਾਉਣ ਤੋਂ ਨਾਂਹ ਕਰਨ ਸੰਬੰਧੀ ਪੁੱਛੇ ਗਏ ਸਵਾਲ ਦੇ ਸੰਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਸੰਗਤ ਦਰਸ਼ਨਾਂ ਵਿੱਚ ਕਿਸੇ ਨੂੰ ਨਹੀਂ ਸੱਦਦੇ, ਸਗੋਂ ਪਿੰਡ-ਪਿੰਡ ਜਾ ਕੇ ਖੁਦ ਲੋਕਾਂ ਨੂੰ ਮਿਲਦੇ ਹਨ ਅਤੇ ਉਸ ਸਮੇਂ ਉਨ੍ਹਾਂ ਨੂੰ ਕੋਈ ਵੀ ਮਿਲ ਸਕਦਾ ਹੈ। ਪਿੰਡਾਂ ਨੂੰ ਫੰਡ ਜਾਰੀ ਕਰਨ ਦੇ ਸੰਬੰਧ ਵਿੱਚ ਉਨ੍ਹਾਂ ਕਿਹਾ ਕਿ ਉਹ ਪਿੰਡ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਹੀ ਫੰਡ ਜਾਰੀ ਕਰਦੇ ਹਨ, ਇਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਊਣਤਾਈ ਨਹੀਂ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦÎੱਸਿਆ ਕਿ ਪਿੰਡਾਂ ਵਿੱਚ ਸਭ ਤੋਂ ਵੱਡੀ ਸਮੱÎਸਿਆ ਗੰਦੇ ਪਾਣੀ ਦੇ ਨਿਕਾਸ ਦੀ ਹੈ। ਦਿੱਲੀ ਚੋਣਾਂ ਸੰਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਚੋਣਾਂ ਭਾਜਪਾ ਤੇ ਅਕਾਲੀ ਦਲ ਵੱਲੋਂ ਮਿਲ ਕੇ ਲੜੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੇ ਲੋਕ ਲਾਜ਼ਮੀ ਤੌਰ \'ਤੇ ਇਸ ਗੱਠਜੋੜ ਨੂੰ ਜਿਤਾਉਣਗੇ, ਕਿਉਂਕਿ ਲੋਕਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਕੰਮ ਕਰਨ ਦੇ ਤਰੀਕੇ ਨੂੰ ਦੇਖਿਆ ਹੈ। ਸ੍ਰੀ ਮੋਦੀ ਨੇ ਦੁਨੀਆ ਭਰ ਵਿੱਚ ਦੇਸ਼ ਦਾ ਮਾਣ-ਸਨਮਾਨ ਵਧਾਇਆ ਹੈ ਅਤੇ ਦੇਸ਼ ਨੂੰ ਵਿਕਾਸ ਦੇ ਨਵੇਂ ਰਾਹ \'ਤੇ ਤੋਰਿਆ ਹੈ, ਜਿਸ ਕਾਰਨ ਲੋਕਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਗਠਜੋੜ ਦੀ ਸਰਕਾਰ ਬਣਨ ਨਾਲ ਦਿੱਲੀ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਭਾਜਪਾ ਆਗੂ ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਲੀ ਵਿੱਚ ਚੋਣ ਪ੍ਰਚਾਰ ਕਰਨ ਸੰਬੰਧੀ ਪੁੱਛੇ ਸਵਾਲ ਦੇ ਜਵਾਬ \'ਚ ਸ. ਬਾਦਲ ਨੇ ਸ੍ਰੀ ਸਿੱਧੂ ਨੂੰ ਆਪਣੇ ਬੇਟੇ ਦੀ ਤਰ੍ਹਾਂ ਦੱਸਦਿਆਂ ਕਿਹਾ ਕਿ ਉਹ ਭਾਜਪਾ ਦੇ ਆਗੂ ਹਨ, ਉਹ ਜਿੱਥੇ ਵੀ ਮਰਜ਼ੀ ਭਾਜਪਾ ਤੇ ਅਕਾਲੀ ਉਮੀਦਵਾਰਾਂ ਦੀ ਸਹਾਇਤਾ ਕਰ ਸਕਦੇ ਹਨ।\r\nਵਿਕਾਸ ਕੰਮਾਂ ਦੀ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਸਿੰਚਾਈ ਮਕਸਦਾਂ ਲਈ ਖਾਲੇ ਪੱਕੇ ਕਰਨ ਦੀ ਸਕੀਮ ਲਾਗੂ ਕੀਤੀ ਗਈ ਹੈ ਅਤੇ ਇਸ ਸਕੀਮ ਹੇਠ ਧੂਰੀ ਦੇ 37 ਪਿੰਡਾਂ ਵਿੱਚ 35.12 ਕਰੋੜ ਰੁਪਏ ਦੀ ਲਾਗਤ ਨਾਲ ਖਾਲ ਪੱਕੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱÎਸਿਆ ਕਿ ਇਸ ਵਿੱਚ ਸਰਕਾਰ ਦਾ 90 ਫੀਸਦੀ ਹਿੱਸਾ ਹੋਵੇਗਾ, ਜਦਕਿ 10 ਫ਼ੀਸਦੀ ਹਿੱਸਾ ਕਿਸਾਨਾਂ ਨੂੰ ਪਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪਿੰਡ ਵਾਸੀ ਆਪਣਾ ਹਿੱਸਾ ਪਾਉਣਗੇ, ਖਾਲ ਪੱਕੇ ਕਰਨੇ ਸ਼ੁਰੂ ਕਰ ਦਿੱਤੇ ਜਾਣਗੇ। ਖਾਲੇ ਪੱਕੇ ਹੋਣ ਨਾਲ ਨਾ ਕੇਵਲ ਪਾਣੀ ਦੀ ਵੱਡੇ ਪੱਧਰ \'ਤੇ ਬੱਚਤ ਹੋਵੇਗੀ, ਸਗੋਂ ਇਸ ਨਾਲ ਕਿਸਾਨਾਂ ਨੂੰ ਸਿੰਚਾਈ ਕਰਨ ਵੇਲੇ ਜ਼ਿਆਦਾ ਮਿਹਨਤ ਨਹੀਂ ਕਰਨੀ ਪਵੇਗੀ ਅਤੇ ਪਾਣੀ ਪੂਰੀ ਰਫ਼ਤਾਰ ਨਾਲ ਟੇਲ ਤੱਕ ਪਹੁੰਚੇਗਾ।\r\nਇਸ ਮੌਕੇ ਵਿੱਤ ਅਤੇ ਯੋਜਨਾ ਮੰਤਰੀ ਸ. ਪ੍ਰਮਿੰਦਰ ਸਿੰਘ ਢੀਂਡਸਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ ਜੇ ਐੱਸ ਚੀਮਾ, ਸ. ਗੋਬਿੰਦ ਸਿੰਘ ਲੌਂਗੋਵਾਲ ਹਲਕਾ ਇੰਚਾਰਜ ਧੂਰੀ, ਸ. ਗੋਬਿੰਦ ਸਿੰਘ ਕਾਂਝਲਾ ਸਾਬਕਾ ਮੰਤਰੀ ਪੰਜਾਬ, ਸ. ਰਜਿੰਦਰ ਸਿੰਘ ਕਾਂਝਲਾ, ਅਮਨਵੀਰ ਸਿੰਘ ਚੈਰੀ ਯੂਥ ਅਕਾਲੀ ਆਗੂ, ਭੁਪਿੰਦਰ ਸਿੰਘ ਭਲਵਾਨ ਮੈਂਬਰ ਐੱਸ.ਜੀ.ਪੀ.ਸੀ, ਡਿਪਟੀ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ, ਡੀ.ਆਈ.ਜੀ. ਪਟਿਆਲਾ ਰੇਂਜ ਸ੍ਰੀ ਸ਼ਿਵ ਕੁਮਾਰ ਵਰਮਾ, ਜ਼ਿਲ੍ਹਾ ਪੁਲਸ ਸ. ਮਨਦੀਪ ਸਿੰਘ ਸਿੱਧੂ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

1041 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper