ਕੇਜਰੀਵਾਲ ਲੜਨਗੇ ਮੋਦੀ ਵਿਰੁੱਧ ਚੋਣ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕ ਸਭਾ ਚੋਣਾਂ 'ਚ ਗੁਜਰਾਤ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਅਹੁਦੇ ਲਈ ਭਾਜਪਾ ਉਮੀਦਵਾਰ ਨਰਿੰਦਰ ਮੋਦੀ ਨਾਲ ਦੋ-ਦੋ ਹੱਥ ਕਰਨਗੇ। ਪਾਰਟੀ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਪਾਰਟੀ ਨੇ ਅੰਦਰਖਾਤੇ ਉਸ ਦੀ ਪੂਰੀ ਯੋਜਨਾ ਤਿਆਰ ਕਰ ਲਈ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜੇ ਨਰਿੰਦਰ ਮੋਦੀ ਬਨਾਰਸ ਤੋਂ ਲੋਕ ਸਭਾ ਚੋਣ ਲੜਦੇ ਹਨ ਤਾਂ ਉਨ੍ਹਾ ਵਿਰੁੱਧ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਬਿਲਕੁੱਲ ਇਸੇ ਅੰਦਾਜ਼ 'ਚ ਪਾਰਟੀ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਅਰਵਿੰਦ ਕੇਜਰੀਵਾਲ ਹੀ ਨਰਿੰਦਰ ਮੋਦੀ ਦਾ ਮੁਕਾਬਲਾ ਕਰਨ। ਉਨ੍ਹਾ ਕਿਹਾ ਕਿ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੀ ਹੈ। ਉਨ੍ਹਾ ਕਿਹਾ ਕਿ ਹਾਲਾਂਕਿ ਕੇਜਰੀਵਾਲ ਕਹਿ ਚੁੱਕੇ ਹਨ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ, ਪਰ ਪਾਰਟੀ ਚਾਹੁੰਦੀ ਹੈ ਕਿ ਉਹ ਲੋਕਾਂ ਦੀ ਮੰਗ ਨੂੰ ਦੇਖਦਿਆਂ ਨਰਿੰਦਰ ਮੋਦੀ ਵਿਰੁੱਧ ਚੋਣ ਲੜਨ। ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ ਇਸ ਤੋਂ ਪਹਿਲਾਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਕੁਮਾਰ ਬਿਸਵਾਸ ਨੂੰ ਉਮੀਦਵਾਰ ਬਣਾਇਆ ਗਿਆ ਹੈ ਅਤੇ ਉਨ੍ਹਾ ਨੇ ਕਈ ਦਿਨਾਂ ਤੋਂ ਅਮੇਠੀ 'ਚ ਮੋਰਚਾ ਲਾਇਆ ਹੋਇਆ ਹੈ।