ਹੜ੍ਹ ਕਾਰਨ 10 ਮੌਤਾਂ

ਲਗਾਤਾਰ ਮੀਂਹ ਕਾਰਨ ਆਏ ਹੜ੍ਹਾਂ ਨਾਲ ਕਸ਼ਮੀਰ ਵਾਦੀ ਵਿੱਚ ਹਾਲਤ ਬਦ ਤੋਂ ਬਦਤਰ ਬਣ ਗਈ ਹੈ। ਹੜ੍ਹਾਂ ਕਾਰਨ ਬਡਗਾਮ ਜ਼ਿਲ੍ਹੇ ਵਿਚ ਕਈ ਘਰਾਂ ਦੇ ਜ਼ਮੀਨ ਵਿੱਚ ਧੱਸ ਜਾਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ। ਬੇਮੌਸਮੀ ਮੀਂਹ ਨਾਲ ਕਸ਼ਮੀਰ ਵਾਦੀ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬਡਗਾਮ ਜ਼ਿਲ੍ਹੇ ਵਿੱਚ ਚਰਾਰ-ਏ-ਸ਼ਰੀਫ ਖੇਤਰ ਦੇ ਪਿੰਡ ਲਾਟੇਨ ਵਿੱਚ ਦੋ ਮਕਾਨ ਢਹਿ ਗਏ, ਜਿਸ ਕਾਰਨ 16 ਵਿਅਕਤੀ ਮਲਬੇ ਹੇਠਾਂ ਦੱਬ ਗਏ। ਉਨ੍ਹਾ ਕਿਹਾ ਕਿ ਮਲਬੇ ਵਿਚੋਂ 10 ਲਾਸ਼ਾਂ ਕੱਢ ਲਈਆਂ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਜੇਲ੍ਹਮ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਜੰਮੂ-ਕਸ਼ਮੀਰ ਸਰਕਾਰ ਨੇ ਚੌਕਸੀ ਜਾਰੀ ਕਰਦਿਆਂ ਸੂਬੇ ਅੰਦਰ ਹੜ੍ਹਾਂ ਵਰਗੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਰਾਹਤ ਤੇ ਬਚਾਅ ਕਾਰਜਾਂ ਲਈ ਕੌਮੀ ਆਫਤ ਰੋਕੂ ਬਲ ਦੀਆਂ ਦੋ ਟੀਮਾਂ ਤਾਇਨਾਤ ਕੀਤਾ ਹੈ ਅਤੇ 4 ਹੋਰ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਲੋਕਾਂ ਨੂੰ ਬਚਾਉਣ ਲਈ ਫੌਜ ਬੁਲਾ ਲਈ ਗਈ ਹੈ। ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਅਤੇ ਸੂਬੇ ਦੇ ਮੁੱਖ ਮੰਤਰੀ ਮੁਫਤੀ ਮੁਹੰਮਦ ਸਈਦ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦਾ ਹਾਲਚਾਲ ਪੁੱਛਿਆ ਜਾ ਰਿਹਾ ਹੈ। ਸਰਕਾਰ ਨੇ ਪ੍ਰਭਾਵਿਤ ਲੋਕਾਂ ਲਈ ਕਈ ਥਾਈਂ ਰਾਹਤ ਕੈਂਪ ਖੋਲ੍ਹੇ ਹਨ।
ਬਡਗਾਮ ਜ਼ਿਲ੍ਹੇ ਦੇ ਚੋਟੀਨਾਰ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ 8 ਮਕਾਨ ਅਤੇ 10 ਗਊਸ਼ਲਾਵਾਂ ਡਿੱਗ ਗਈਆਂ ਅਤੇ ਸੈਂਕੜੇ ਹੋਰ ਮਕਾਨਾਂ ਨੂੰ ਨੁਕਸਾਨ ਪੋਹੁੰਚਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਦੀ ਜੰਮੂ-ਕਸ਼ਮੀਰ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਊਟੀ ਲਾਈ ਹੈ। ਡਿਊਟੀ ਲਾਏ ਜਾਣ ਤੋਂ ਬਾਅਦ ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਕਵੀ ਨੇ ਕਿਹਾ ਕਿ ਉਹ ਛੇਤੀ ਹੀ ਜੰਮੂ-ਕਸ਼ਮੀਰ ਦੇ ਦੌਰ 'ਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਜੰਮੂ ਤੇ ਕਸ਼ਮੀਰ ਦੀ ਹਰ ਸੰਭਵ ਸਹਾਇਤਾ ਕਰੇਗੀ। ਸ੍ਰੀ ਨਕਵੀ ਨੇ ਦੱਸਿਆ ਕਿ ਉਹ ਜੰਮੂ-ਕਸ਼ਮੀਰ ਵਿੱਚ ਜਾ ਕੇ ਦੇਖਣਗੇ ਕਿ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਦੇ ਨੁਕਸਾਨ ਦੀ ਕਿਵੇਂ ਭਰੌਤੀ ਕੀਤੀ ਜਾਵੇ ਅਤੇ ਲੋਕਾਂ ਦੇ ਹੋਰ ਨੁਕਸਾਨ ਨੂੰ ਕਿਵੇਂ ਘੱਟ ਕੀਤਾ ਜਾਵੇ। ਨਕਵੀ ਨੇ ਦੱਸਿਆ ਕਿ ਉਹ ਅੱਜ ਜੰਮੂ-ਕਸ਼ਮੀਰ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਿਪੋਰਟ ਕਰਨਗੇ। ਨਕਵੀ ਨੇ ਸੋਮਵਾਰ ਸ਼ਾਮੀਂ ਕਸ਼ਮੀਰ ਵਾਦੀ ਦੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਨਾਲ ਮੁਲਾਕਾਤ ਕੀਤੀ ਅਤੇ ਤਾਜ਼ਾ ਜਾਣਕਾਰੀ ਹਾਸਲ ਕੀਤੀ।
ਇਸੇ ਦੌਰਾਨ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਕੌਮੀ ਆਫ਼ਤ ਰੋਕੂ ਪ੍ਰਬੰਧ ਬਲ ਦੀਆਂ ਦੋ ਟੀਮਾਂ ਮੌਕੇ 'ਤੇ ਭੇਜੀਆਂ ਹਨ। ਇਨ੍ਹਾਂ ਟੀਮਾਂ ਨੂੰ ਭਾਰਤੀ ਹਵਾਈ ਫ਼ੌਜ ਦੇ ਇੱਕ ਜਹਾਜ਼ ਰਾਹੀਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਜੰਮੂ-ਕਸ਼ਮੀਰ ਲਈ ਭੇਜਿਆ ਗਿਆ ਹੈ। ਚਾਰ ਹੋਰ ਟੀਮਾਂ ਨੂੰ ਤਿਆਰ ਰਹਿਣ ਲਈ ਆਖਿਆ ਗਿਆ ਹੈ। ਕੌਮੀ ਆਫ਼ਤ ਰੋਕੂ ਪ੍ਰਬੰਧ ਬਲ ਦੇ ਡਾਇਰੈਕਟਰ ਓ ਪੀ ਸਿੰਘ ਨੇ ਦੱਸਿਆ ਹੈ ਕਿ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੂਬਾ ਸਰਕਾਰ ਨਾਲ ਮਿਲ ਕੇ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਜੰਮੂ-ਕਸ਼ਮੀਰ ਵਿੱਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਸੇ ਦੌਰਾਨ ਜੰਮੂ-ਕਸ਼ਮੀਰ ਸਰਕਾਰ ਨੇ ਕਸ਼ਮੀਰ ਵਾਦੀ ਵਿੱਚ ਹੜ੍ਹਾਂ ਵਰਗੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ। ਸਿੰਚਾਈ ਅਤੇ ਹੜ੍ਹ ਕੰਟਰੋਲ ਬਾਰੇ ਚੀਫ਼ ਇੰਜੀਨੀਅਰ ਨੇ ਦੱਸਿਆ ਹੈ ਕਿ ਜੇਲ੍ਹਮ ਦਰਿਆ ਦਾ ਪਾਣੀ ਦੋ ਥਾਂਵਾਂ 'ਤੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ।
ਜੰਮੂ-ਕਸ਼ਮੀਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜੇਲ੍ਹਮ ਦਰਿਆ ਅੱਜ ਸਵੇਰੇ ਛੇ ਵਜੇ ਦੱਖਣੀ ਕਸ਼ਮੀਰ ਦੇ ਸੰਗਮ ਇਲਾਕੇ ਵਿੱਚ 22 ਫੁੱਟ ਤੋਂ ਉੱਪਰ ਵਹਿ ਰਿਹਾ ਸੀ, ਜਦਕਿ ਇੱਥੇ ਖ਼ਤਰੇ ਦਾ ਨਿਸ਼ਾਨ 21 ਫੁੱਟ 'ਤੇ ਹੈ। ਰਾਮ ਮੂਲਸ਼ੀ ਬਾਗ਼ ਇਲਾਕੇ ਵਿੱਚ ਜੇਲ੍ਹਮ ਦਰਿਆ ਖਤਰੇ ਦੇ ਨਿਸ਼ਾਨ ਤੋਂ ਅੱਠ ਇੰਚ ਉੱਪਰ ਵਹਿ ਰਿਹਾ ਹੈ। ਇੱਥੇ ਦਰਿਆ ਕੰਢੇ ਵਸਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਲਈ ਖਾਸ ਤੌਰ 'ਤੇ ਬੱਚਿਆਂ ਤੇ ਬਜ਼ੁਗਰਾਂ ਲਈ ਰਾਹਤ ਕੈਂਪ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਹਾਲਾਤ 'ਤੇ ਨਜ਼ਰ ਰੱਖਣ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਵਿੱਚ ਪਿਛਲੇ 36 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਪੈਣ ਕਾਰਨ ਜੰਮੂ-ਕਸ਼ਮੀਰ ਦੇ ਨੀਵੇਂ ਇਲਾਕਿਆਂ ਵਿੱਚ ਪਹਿਲਾਂ ਹੀ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ।