ਕੋਲਾ ਘੁਟਾਲਾ; 15 ਜੁਲਾਈ ਨੂੰ ਹੋਵੇਗੀ ਸੁਣਵਾਈ

ਕੋਲਾ ਬਲਾਕਾਂ ਦੀ ਅਲਾਟਮੈਂਟ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਉਦਯੋਗਪਤੀ ਕੁਮਾਰ ਮੰਗਲਮ ਬਿਰਲਾ ਅਤੇ ਹੋਰਨਾਂ ਵਿਰੁੱਧ ਜਾਰੀ ਸੰਮਨਾਂ ਉਪਰ ਸੁਪਰੀਮ ਕੋਰਟ ਵੱਲੋਂ ਇੱਕ ਅਪ੍ਰੈਲ ਨੂੰ ਲਾਈ ਗਈ ਰੋਕ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਲਈ 15 ਜੁਲਾਈ ਦੀ ਤਰੀਕ ਤੈਅ ਕੀਤੀ ਹੈ। ਮਨਮੋਹਨ ਸਿੰਘ ਅਤੇ ਹੋਰਨਾਂ ਖਿਲਾਫ 11 ਮਾਰਚ ਨੂੰ ਦੋਸ਼ੀਆਂ ਦੇ ਤੌਰ 'ਤੇ ਅੱਜ ਲਈ ਸੰਮਨ ਜਾਰੀ ਕਰਨ ਵਾਲੇ ਸੀ ਬੀ ਆਈ ਦੇ ਵਿਸ਼ੇਸ਼ ਜੱਜ ਭਰਤ ਪ੍ਰਾਸ਼ਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਹੁਕਮਾਂ ਨੂੰ ਲਾਗੂ ਕਰਨ 'ਤੇ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ। ਉਨ੍ਹਾ ਕਿਹਾ ਕਿ ਸੁਪਰੀਮ ਕੋਰਟ ਦੇ ਇੱਕ ਅਪ੍ਰੈਲ ਦੇ ਹੁਕਮਾਂ ਤਹਿਤ 16 ਦਸੰਬਰ 2014 ਅਤੇ 11 ਮਾਰਚ 2015 ਨੂੰ ਦਿੱਤੇ ਗਏ ਹੁਕਮਾਂ ਨੂੰ ਲਾਗੂ ਕਰਨ 'ਤੇ ਰੋਕ ਲਾਈ ਹੋਈ ਹੈ। ਇਸ ਕਰਕੇ ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 15 ਜੁਲਾਈ ਨੂੰ ਹੋਵੇਗੀ। ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਵਿੱਚ ਦਾਇਰ ਸੀ ਬੀ ਆਈ ਦੀ ਕਲੋਜ਼ਰ ਰਿਪੋਰਟ ਨੂੰ ਪਿਛਲੇ ਸਾਲ 16 ਦਸੰਬਰ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਸ ਮਾਮਲੇ ਦੀ ਹੋਰ ਜਾਂਚ ਕਰਨ ਅਤੇ ਮਨਮੋਹਨ ਸਿੰਘ ਅਤੇ ਪ੍ਰਧਾਨ ਮੰਤਰੀ ਦਫਤਰ ਦੇ ਹੋਰ ਅਧਿਕਾਰੀਆਂ ਤੋਂ ਪੁੱਛਗਿੱਛ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਸੀ ਬੀ ਆਈ ਨੇ ਅਦਾਲਤ ਵਿੱਚ ਆਪਣੀ ਅਨਪੂਰਕ ਅੰਤਿਮ ਰਿਪੋਰਟ ਦਾਇਰ ਕੀਤੀ ਸੀ। ਮਨਮੋਹਨ ਸਿੰਘ, ਬਿਰਲਾ, ਸਾਬਕਾ ਕੋਲਾ ਸਕੱਤਰ ਪੀ ਸੀ ਪਾਰਖ, ਹਿੰਡਾਲਕੋ ਇੰਡਸਟਰੀ ਲਿਮਟਿਡ ਅਤੇ ਦੋ ਹੋਰ ਪ੍ਰਮੁੱਖ ਅਧਿਕਾਰੀਆਂ ਸ਼ੁਭੇਂਦੂ ਅਮਿਤਾਬ ਅਤੇ ਡੀ ਭੱਟਾਚਾਰੀਆ ਨੂੰ 11 ਮਾਰਚ ਨੂੰ ਸੰਮਨ ਜਾਰੀ ਕੀਤਾ ਗਿਆ ਸੀ।