Latest News
ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਰੀਵਿਊ ਮੀਟਿੰਗ
By ਮੋਗਾ (ਇਕਬਾਲ ਸਿੰਘ)-

Published on 26 Apr, 2015 12:14 AM.

ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਪੰਜਾਬ ਜੱਥੇਦਾਰ ਤੋਤਾ ਸਿੰਘ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਬੀਤੇ ਸਾਲ 28 ਦਸੰਬਰ ਨੂੰ ਮੋਗਾ ਵਿਖੇ ਹੋਏ ਐਨ.ਆਰ.ਆਈ ਸੰਗਤ ਦਰਸ਼ਨ ਪ੍ਰੋਗਰਾਮ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਰੱਖੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਸੰਜੇ ਕੁਮਾਰ ਤੇ ਡਿਪਟੀ ਕਮਿਸ਼ਨਰ ਮੋਗਾ ਪਰਮਿੰਦਰ ਸਿੰਘ ਗਿੱਲ ਵੀ ਮੌਜੂਦ ਸਨ। ਜੱਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਦੁਨੀਆਂ ਦੇ ਕਿਸੇ ਵੀ ਕੋਨੇ 'ਚ ਰਹਿੰਦੇ ਪੰਜਾਬੀਆਂ ਦੇ ਮਸਲਿਆਂ ਦਾ ਹੱਲ ਕਰਨਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਪ੍ਰਵਾਸੀ ਭਾਰਤੀਆਂ ਦੀਆਂ ਲੰਬਿਤ ਪਈਆਂ ਸ਼ਿਕਾਇਤਾਂ ਦਾ ਫ਼ੌਰੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਪ੍ਰਵਾਸੀ ਭਾਰਤੀਆਂ ਦੀਆਂ ਬਕਾਇਆ ਸ਼ਿਕਾਇਤਾਂ ਦੀ ਬਾਰੀਕੀ ਨਾਲ ਘੋਖ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਆਨ-ਲਾਈਨ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਨਿਪਟਾਰੇ ਲਈ ਵੀ ਅਧਿਕਾਰੀਆਂ ਨੁੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਨੇ ਦੱਸਿਆ ਕਿ ਮੋਗਾ ਵਿਖੇ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ 28 ਦਸੰਬਰ, 2014 ਨੂੰ ਹੋਏ ਪ੍ਰਵਾਸੀ ਭਾਰਤੀ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪ੍ਰਾਪਤ 124 ਅਰਜ਼ੀਆਂ ਵਿੱਚੋਂ 8 ਅਰਜ਼ੀਆਂ ਆਨ-ਲਾਈਨ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ 124 ਅਰਜ਼ੀਆਂ ਵਿੱਚੋਂ 107 ਦਾ ਨਿਪਟਾਰਾ ਹੋ ਚੁੱਕਾ ਹੈ, ਜਦ ਕਿ 17 ਸ਼ਿਕਾਇਤਾਂ ਬਕਾਇਆ ਹਨ, ਜਿੰਨ੍ਹਾਂ ਦੇ ਫ਼ੌਰੀ ਨਿਪਟਾਰੇ ਲਈ ਉਨ੍ਹਾਂ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐਸ.ਡੀ.ਐਮ ਮੋਗਾ ਸੁਰਿੰਦਰ ਕੌਰ, ਜ਼ਿਲਾ ਮਾਲ ਅਫ਼ਸਰ ਸਵਿਤਾ ਰਾਣੀ, ਪੁਲਸ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

1314 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper